Close

Recent Posts

ਪੰਜਾਬ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ
  • PublishedAugust 22, 2025

ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ 10 ਕਰੋੜ ਤੋਂ ਵੱਧ ਰੁਪਏ ਨਾਲ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ

ਸਰਕਾਰੀ ਸਕੂਲਾਂ ਵਿੱਚ ਸੁਵਿਧਾਵਾਂ ਵਧੀਆਂ, ਲੋੜਵੰਦਾਂ ਨੂੰ ਮਿਲੀਆਂ ਵੀਲ੍ਹ ਚੇਅਰਾਂ

ਚੰਡੀਗੜ੍ਹ, 22 ਅਗਸਤ 2025 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ ਕੌਰ ਨੇ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਜ਼ਰੂਰਤ ਮੁਤਾਬਕ ਬਿਨਾਂ ਕਿਸੇ ਭੇਦਭਾਵ ਦੇ ਗ੍ਰਾਂਟਾਂ ਜਾਰੀ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜ਼ਨ ਲਈ ਪਿੰਡਾਂ ਦੀਆਂ ਮੰਡੀਆਂ ਨੂੰ ਅਪਗ੍ਰੇਡ ਕਰਨ ਲਈ 1.71 ਕਰੋੜ ਰੁਪਏ ਦੀ ਲਾਗਤ ਨਾਲ ਸਟੀਲ ਸ਼ੈਡਾਂ ਬਣਾਏ ਜਾ ਰਹੇ ਹਨ। ਇਸੇ ਤਰ੍ਹਾਂ ਪਿੰਡ ਥੇੜੀ ਦੇ ਪੰਚਾਇਤ ਘਰਾਂ ਦੇ ਨਵੀਨੀਕਰਨ ਲਈ 20 ਲੱਖ ਰੁਪਏ ਜਾਰੀ ਹੋਣ ਨਾਲ ਹੁਣ ਤੱਕ ਕੁੱਲ 26 ਲੱਖ ਰੁਪਏ ਮਿਲ ਚੁੱਕੇ ਹਨ।

ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ ਲਗਭਗ 10.12 ਕਰੋੜ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਅਤੇ 2,000 ਸਟਰੀਟ ਲਾਈਟਾਂ ਲਗਾਉਣ ਦੇ ਕੰਮ ਸ਼ੁਰੂ ਹੋ ਰਹੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਖਾਲਾ ਬਣਾਉਣ ‘ਤੇ ਹੈ। ਸਿਹਤ ਸਹੂਲਤਾਂ, ਸਿੱਖਿਆ ਦੇ ਮਿਆਰ, ਸੜਕਾਂ ਦੀ ਸੁਧਾਰ ਅਤੇ ਰੌਸ਼ਨੀ ਵਰਗੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਸਰਕਾਰ ਦੀ ਪਹਿਲ ਹੈ ਤਾਂ ਜੋ ਹਰੇਕ ਆਮ ਪਰਿਵਾਰ ਨੂੰ ਅਸਲ ਲਾਭ ਮਿਲ ਸਕੇ।

ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ “ਰੰਗਲਾਂ ਪੰਜਾਬ” ਦੀ ਤਸਵੀਰ ਸਾਕਾਰ ਹੋ ਰਹੀ ਹੈ। ਇਹ ਸਿਰਫ਼ ਵਿਕਾਸ ਪ੍ਰੋਜੈਕਟਾਂ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਨੌਜਵਾਨਾਂ ਲਈ ਨਵੀਆਂ ਸੰਭਾਵਨਾਵਾਂ, ਖੇਤੀਬਾੜੀ ਵਿੱਚ ਨਵੀਂ ਤਕਨਾਲੋਜੀ ਅਤੇ ਪੰਜਾਬ ਦੇ ਸੱਭਿਆਚਾਰਕ ਰੰਗਾਂ ਦੀ ਮੁੜ ਚਮਕ ਦਾ ਪ੍ਰਤੀਕ ਬਣੇਗੀ। ਲੋਕਾਂ ਦੀ ਭਾਗੀਦਾਰੀ ਨਾਲ ਪੰਜਾਬ ਨੂੰ ਮੁੜ ਖ਼ੁਸ਼ਹਾਲ, ਤਰੱਕੀ ਪਸੰਦ ਤੇ ਰੰਗਲਾ ਰਾਜ ਬਣਾਇਆ ਜਾਵੇਗਾ।

ਆਪਣੇ ਦੌਰੇ ਦੌਰਾਨ ਡਾ. ਬਲਜੀਤ ਕੌਰ ਨੇ ਪਿੰਡ ਤਰਖਾਣ ਵਾਲਾ ਦੇ ਸਰਕਾਰੀ ਸਕੂਲ ਵਿੱਚ ਏ.ਸੀ. ਲਗਵਾ ਕੇ ਵਿਦਿਆਰਥੀਆਂ ਨੂੰ ਸੁਵਿਧਾ ਮੁਹੱਈਆ ਕਰਵਾਈ। ਇਸੇ ਸਮਾਗਮ ਦੌਰਾਨ ਲੋੜਵੰਦਾਂ ਨੂੰ ਵੀਲ੍ਹ ਚੇਅਰਾਂ ਵੀ ਵੰਡੀਆਂ ਗਈਆਂ।

ਇਸ ਮੌਕੇ ਉਨ੍ਹਾਂ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਪਿੰਡ ਦੀ ਪੰਚਾਇਤ, ਸਕੂਲ ਸਟਾਫ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Written By
The Punjab Wire