Close

Recent Posts

ਗੁਰਦਾਸਪੁਰ ਪੰਜਾਬ

10,000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

10,000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
  • PublishedAugust 27, 2025

ਚੰਡੀਗੜ੍ਹ 27 ਅਗਸਤ, 2025 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਤਿ-ਸੁਰੱਖਿਆ ਜੇਲ੍ਹ, ਨਾਭਾ ਜ਼ਿਲਾ ਪਟਿਆਲਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਪਾਤੜਾਂ ਕਸਬੇ ਦੀ ਇੱਕ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਕੇਂਦਰੀ ਜੇਲ੍ਹ, ਨਾਭਾ ਵਿਖੇ ਬੰਦ ਉਸਦੇ ਪਤੀ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਅਤੇ 20,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ। ਬਾਅਦ ਵਿੱਚ, ਸ਼ਿਕਾਇਤਕਰਤਾ ਨੇ ਗੂਗਲ ਪੇਅ ਰਾਹੀਂ 10000 ਰੁਪਏ ਰਿਸ਼ਵਤ ਵਜੋਂ ਵਿੱਚ ਤਬਦੀਲ ਕਰ ਦਿੱਤੇ।

ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸੱਚੇ ਪਾਏ ਗਏ ਅਤੇ ਉਕਤ ਸਹਾਇਕ ਜੇਲ੍ਹ ਸੁਪਰਡੈਂਟ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ। ਇਸ ਪਿੱਛੋਂ ਦੋਸ਼ੀ ਫਰਾਰ ਚੱਲ ਰਿਹਾ ਸੀ ਅਤੇ ਹੁਣ ਉਸਦੀ ਜ਼ਮਾਨਤ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਸੀ। ਅੱਜ ਅਦਾਲਤ ਵਿੱਚ ਉਸ ਵੱਲੋਂ ਆਤਮ ਸਮਰਪਣ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਸਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Written By
The Punjab Wire