Close

Recent Posts

ਸਿਹਤ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ
  • PublishedAugust 28, 2025

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨ ਨਾਲ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ, ਨਿਰਦੇਸ਼ ਕੀਤੇ ਜਾਰੀ

 ਲੋਕਾਂ ਨੂੰ ਹੜ੍ਹਾਂ ਦੌਰਾਨ ਪਾਣੀ, ਭੋਜਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਣ ਲਈ ਐਡਵਾਇਜ਼ਰੀ ਦੀ ਪਾਲਣਾ ਕਰਨ ਦੀ ਅਪੀਲ

 ਹੜ੍ਹ ਪ੍ਰਭਾਵਿਤ ਸਰਹੱਦੀ ਜ਼ਿਲ੍ਹਿਆਂ ਤੋਂ ਬਚਾਏ ਜਾਣ ਉਪਰੰਤ ਛੇ ਗਰਭਵਤੀ ਔਰਤਾਂ ਨੇ ਸੁਰੱਖਿਅਤ ਢੰਗ ਨਾਲ ਬੱਚਿਆਂ ਨੂੰ ਦਿੱਤਾ ਜਨਮ

 ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਦਿਨ-ਰਾਤ ਕਾਰਜਸ਼ੀਲ ਰਹਿਣ ਦੇ ਨਿਰਦੇਸ਼, ਨਾਗਰਿਕਾਂ ਨੂੰ ਵਿਆਪਕ ਤਿਆਰੀਆਂ ਦਾ ਦਿੱਤਾ ਭਰੋਸਾ

ਚੰਡੀਗੜ੍ਹ, 28 ਅਗਸਤ 2025 (ਦੀ ਪੰਜਾਬ ਵਾਇਰ)–  ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ ਮੈਡੀਕਲ ਰਿਸਪਾਂਸ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ  ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਆਪਕ ਸਮੀਖਿਆ ਲਈ ਸਿਵਲ ਸਰਜਨਾਂ, ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ), ਰੈੱਡ ਕਰਾਸ ਅਤੇ ਕੈਮਿਸਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ ਕੀਤੀ।

ਸਿਹਤ ਨਾਲ ਸਬੰਧਤ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਦੇਖਭਾਲ ਅਤੇ ਰਾਹਤ ਪ੍ਰਦਾਨ ਕਰਨ ਲਈ ਵੱਡੇ ਪੱਧਰ ਤੇ ਮੈਡੀਕਲ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਸਰੋਤ ਜੁਟਾਏ ਜਾ ਰਹੇ ਹਨ।

ਮੀਟਿੰਗ ਦੌਰਾਨ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।”

ਉਨ੍ਹਾਂ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਇਸ ਮੁਸ਼ਕਿਲ ਸਮੇਂ ਦੌਰਾਨ ਕੋਈ ਵੀ ਵਿਅਕਤੀ ਡਾਕਟਰੀ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹਦਾਇਤਾ ਕੀਤੀ ਕਿ ਸਾਰੀਆਂ ਸਿਹਤ ਸੰਸਥਾਵਾਂ ਮਰੀਜ਼ਾਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਲੈਸ ਹੋਣ ਅਤੇ ਢੁੱਕਵੇਂ ਸਟਾਕ ਉਪਲੱਬਧ ਰੱਖੇ ਜਾਣ।

ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਨਿਰਦੇਸ਼ਾਂ ਤੇ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਭਵਤੀ ਔਰਤਾਂ ਨੂੰ ਲੱਭਣ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਅਹਿਮ ਮਿਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਟੀਚਾਗਤ ਪਹਿਲ ਦੇ ਜੀਵਨ ਬਚਾਉਣ ਵਾਲੇ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਟੀਮਾਂ ਵੱਲੋਂ ਅਜਿਹੀਆਂ ਛੇ ਔਰਤਾਂ ਨੂੰ ਸਫਲਤਾਪੂਰਵਕ ਬਚਾਇਆ ਗਿਆ ਹੈ ਅਤੇ ਉਹਨਾਂ ਸਾਰੀਆਂ ਔਰਤਾਂ ਨੇ ਸਰਕਾਰੀ ਸਹੂਲਤਾਂ ਵਿੱਚ ਸਿਹਤਮੰਦ ਬੱਚਿਆਂ ਨੂੰ ਜਨਮ ਦਿੱਤਾ ਹੈ।

ਉਨ੍ਹਾਂ ਨੇ ਇਸ ਸੰਕਟ ਨਾਲ ਨਜਿੱਠਣ ਲਈ ਵਿਆਪਕ ਪੱਧਰ ਤੇ ਸਿਹਤ ਸੰਭਾਲ ਸਰੋਤਾਂ ਨੂੰ ਲਾਮਬੰਦ ਕਰਨ ਦਾ ਐਲਾਨ ਕੀਤਾ ਹੈ। ਵਿਭਾਗ ਵੱਲੋਂ 360 ਮੋਬਾਈਲ ਮੈਡੀਕਲ ਟੀਮਾਂ ਅਤੇ 458 ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕੀਤਾ ਹੈ, ਜੋ ਪ੍ਰਭਾਵਿਤ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।

ਮੰਤਰੀ ਨੇ ਦੱਸਿਆ ਕਿ ਹੜ੍ਹ ਰਾਹਤ ਲਈ ਕੁੱਲ 172 ਐਂਬੂਲੈਂਸਾਂ ਦਿਨ-ਰਾਤ ਤਾਇਨਾਤ ਰੱਖੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ, “ਸਾਡੀਆਂ ਟੀਮਾਂ ਜੰਗੀ ਪੱਧਰ ਤੇ ਕੰਮ ਕਰ ਰਹੀਆਂ ਹਨ ਅਤੇ ਸਾਨੂੰ ਵਿਸ਼ਵਾਸ ਹੈ ਕਿ ਸੂਬਾ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਡਾਕਟਰੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।”

ਮੰਤਰੀ ਨੇ ਕਿਹਾ ਕਿ ਸਿਵਲ ਸਰਜਨਾਂ ਨੂੰ ਡਿਪਟੀ ਕਮਿਸ਼ਨਰਾਂ ਨਾਲ ਮਿਲ ਕੇ ਪੀਣ ਵਾਲੇ ਪਾਣੀ ਲਈ ਕਲੋਰੀਨ ਦੀਆਂ ਗੋਲੀਆਂ ਵੰਡਣ ਅਤੇ ਘਰ-ਘਰ ਜਾ ਕੇ ਇਹ ਯਕੀਨੀ ਬਣਾਉਣ ਲਈ ਕਿਹਾ ਹਰ ਘਰ ਵਿੱਚ ਪੀਣ ਵਾਲੇ ਸੁਰੱਖਿਅਤ ਪਾਣੀ ਦੀ ਪਹੁੰਚ ਹੋਵੇ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਈਐਮਏ, ਰੈੱਡ ਕਰਾਸ, ਕੈਮਿਸਟ ਐਸੋਸੀਏਸ਼ਨ ਅਤੇ ਐਨਜੀਓਜ਼ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ।

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਵਿਭਾਗ ਦੀਆਂ ਪਹਿਲਕਦਮੀਆਂ ਦੀ ਜ਼ਮੀਨੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਕਿਹਾ, “ਸਾਡੀਆਂ ਟੀਮਾਂ ਜ਼ਮੀਨੀ ਪੱਧਰ ਤੇ ਕੰਮ ਰਹੀਆਂ ਹਨ, ਇਲਾਜ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ ਅਤੇ ਜ਼ਰੂਰੀ ਸਮੱਗਰੀ ਦੀ ਵੰਡ ਕਰ ਰਹੀਆਂ ਹਨ। ਪ੍ਰਭਾਵਿਤ ਖੇਤਰਾਂ ਵਿੱਚ ਰੋਜ਼ਾਨਾ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਕਪੂਰਥਲਾ ਵਿੱਚ ਇੱਕ ਕੈਂਪ ਦਿਨ-ਰਾਤ ਕਾਰਜਸ਼ੀਲ ਹੈ। ਵੈਕਟਰ ਬੋਰਨ ਬਿਮਾਰੀਆਂ ਨੂੰ ਰੋਕਣ ਲਈ ਸਪਰੇਅ ਅਤੇ ਫੌਗਿੰਗ ਵੀ ਕੀਤੀ ਜਾ ਰਹੀ ਹੈ।”

ਡੱਬੀ: ਹੜ੍ਹਾਂ ਦੌਰਾਨ ਪਾਣੀ, ਭੋਜਨ ਤੋਂ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਐਡਵਾਇਜ਼ਰੀ ਜਾਰੀ

ਆਮ ਸਾਵਧਾਨੀਆਂ: ਹੜ੍ਹ ਦੇ ਪਾਣੀ ਨਾਲ ਸਿੱਧੇ ਸੰਪਰਕ ਤੋਂ ਬਚੋ ਅਤੇ ਪਾਣੀ ਭਰੇ ਇਲਾਕਿਆਂ ਵਿੱਚ ਤੁਰਦੇ ਸਮੇਂ ਸੁਰੱਖਿਅਤ ਜੁੱਤੇ ਪਹਿਨੋ। ਸਾਬਣ ਅਤੇ ਪਾਣੀ ਨਾਲ ਵਾਰ-ਵਾਰ ਹੱਥ ਧੋਵੋ, ਖਾਸ ਕਰਕੇ ਖਾਣਾ ਖਾਣ ਤੋਂ ਪਹਿਲਾਂ।

ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ: ਸਿਰਫ਼ ਉਬਲਿਆ ਜਾਂ ਕਲੋਰੀਨ ਵਾਲਾ ਪਾਣੀ ਹੀ ਪੀਓ। ਜੇਕਰ ਪਾਣੀ ਉਬਾਲਣਾ ਸੰਭਵ ਨਾ ਹੋਵੇ, ਤਾਂ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਕਰੋ। ਪਾਣੀ ਨੂੰ ਸਾਫ਼, ਢੱਕੇ ਹੋਏ ਡੱਬਿਆਂ ਵਿੱਚ ਸਟੋਰ ਕਰੋ। ਕੋਈ ਵੀ ਅਜਿਹਾ ਭੋਜਨ ਨਾ ਖਾਓ ਜੋ ਹੜ੍ਹਾਂ ਦੇ ਪਾਣੀ ਦੇ ਸੰਪਰਕ ਵਿੱਚ ਆਇਆ ਹੋਵੇ।

ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ: ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਡੱਬਿਆਂ, ਟਾਇਰਾਂ ਅਤੇ ਛੱਤਾਂ ਤੋਂ ਖੜ੍ਹੇ ਪਾਣੀ ਨੂੰ ਹਟਾਓ। ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਮੱਛਰਦਾਨੀ ਦੀ ਵਰਤੋਂ ਕਰੋ ਅਤੇ ਬਾਹਾਂ ਨੂੰ ਢੱਕਣ ਵਾਲੇ ਪੂਰੇ ਕੱਪੜੇ ਪਾਓ।

ਸੱਪ ਦੇ ਡੰਗਣ ਤੋਂ ਰੋਕਥਾਮ: ਹਨ੍ਹੇਰਾ ਹੋਣ ਤੋਂ ਬਾਅਦ ਪਾਣੀ ਨਾਲ ਭਰੇ ਜਾਂ ਝਾੜੀਆਂ ਵਾਲੇ ਖੇਤਰਾਂ ਵਿੱਚ ਤੁਰਨ ਤੋਂ ਬਚੋ। ਛੇਕਾਂ ਜਾਂ ਸੰਘਣੀ ਬਨਸਪਤੀ ਵਿੱਚ ਹੱਥ ਜਾਂ ਪੈਰ ਨਾ ਪਾਓ।

ਚਮੜੀ ਦੀ ਲਾਗ: ਹੜ੍ਹ ਦੇ ਪਾਣੀ ਨਾਲ ਲੰਬੇ ਸਮੇਂ ਤੱਕ ਸੰਪਰਕ ਤੋਂ ਬਚੋ ਅਤੇ ਜਿੰਨੀ ਜਲਦੀ ਹੋ ਸਕੇ, ਗਿੱਲੇ ਕਪੜੇ ਬਦਲ ਕੇ ਸੁੱਕੇ ਕੱਪੜੇ ਪਾਓ। ਸਿਹਤ ਸੰਭਾਲ ਪ੍ਰਦਾਤਾ ਨਾਲ ਸਲਾਹ ਉਪਰੰਤ ਖੁਜਲੀ ਜਾਂ ਧੱਫੜ ਹੋਣ ਦੀ ਸਥਿਤੀ ਵਿੱਚ ਪਾਊਡਰ ਜਾਂ ਮਲਮ ਲਗਾਓ।

ਦਸਤ ਹੋਣ ਤੇ, ਤੁਰੰਤ ਓ.ਆਰ.ਐਸ. ਪੀਣਾ ਸ਼ੁਰੂ ਕਰੋ ਅਤੇ ਨਜ਼ਦੀਕੀ ਸਿਹਤ ਕੈਂਪ ਜਾਂ ਸੰਸਥਾ ਵਿੱਚ ਜਾਂਚ ਲਈ ਜਾਓ।

Written By
The Punjab Wire