ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡਟੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ
ਲੋਕਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ, ਪਾਣੀ, ਦੁੱਧ, ਦਵਾਈਆਂ ਆਦਿ ਪਹੁੰਚਾਈਆਂ
ਗੁਰਦਾਸਪੁਰ, 29 ਅਗਸਤ 2025 (ਮੰਨਨ ਸੈਣੀ)। ਭਾਵੇਂ ਹੜ੍ਹ ਦੇ ਪਾਣੀ ਦਾ ਪੱਧਰ ਘੱਟ ਗਿਆ ਹੈ, ਪਰ ਅਜੇ ਵੀ ਕਈ ਇਲਾਕਿਆਂ ਦੇ ਲੋਕ ਹੜ੍ਹ ਦੀ ਮਾਰ ਝੱਲ ਰਹੇ ਹਨ। ਇਨ੍ਹਾਂ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਪਿਛਲੇ ਚਾਰ ਦਿਨਾਂ ਤੋਂ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਵਿੱਚ ਇੱਕ ਟੀਮ ਲਗਾਤਾਰ ਕੰਮ ਕਰ ਰਹੀ ਹੈ। ਇਹ ਟੀਮ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ, ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੀ ਹੈ। ਇਸ ਕੰਮ ਵਿੱਚ ਹਲਕਾ ਵਿਧਾਇਕ ਖੁਦ ਵੀ ਪਾਣੀ ਵਿੱਚ ਉੱਤਰ ਕੇ ਲੋਕਾਂ ਨੂੰ ਰਾਹਤ ਪਹੁੰਚਾਉਣ ਦਾ ਕੰਮ ਕਰ ਰਹੇ ਹਨ।

ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਸਰਾਵਾਂ, ਚਾਗੂਵਾਲ, ਮਕੰਦਪੁਰ, ਖੋਖਰ ਰਾਜਪੂਤਾਂ, ਰਧਾਨ, ਸਿੰਘੋਵਾਲ, ਦਾਖਲਾ ਤੋਂ ਇਲਾਵਾ 12 ਹੋਰ ਪਿੰਡਾਂ ਵਿੱਚ ਲਗਾਤਾਰ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਇਸ ਵਿੱਚ ਲੋਕਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ, ਪਾਣੀ, ਦੁੱਧ, ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪਾਣੀ ਦਾ ਪੱਧਰ ਘੱਟ ਗਿਆ ਹੈ, ਪਰ ਅਜੇ ਵੀ ਕਈ ਪਿੰਡਾਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਪਿੰਡਾਂ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਦੇ ਨਾਲ-ਨਾਲ ਰਾਹਤ ਸਮੱਗਰੀ ਵੀ ਪਹੁੰਚਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਤ੍ਰਾਸਦੀ ਨੇ ਬਹੁਤ ਵੱਡਾ ਨੁਕਸਾਨ ਕੀਤਾ ਹੈ ਅਤੇ ਕਈ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਚੁੱਕੇ ਹਨ। ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਜਲਦੀ ਤੋਂ ਜਲਦੀ ਜੀਵਨ ਸਧਾਰਨ ਹੋ ਜਾਵੇ ਅਤੇ ਲੋਕ ਫਿਰ ਤੋਂ ਆਪਣੇ ਘਰਾਂ ਨੂੰ ਪਰਤ ਸਕਣ।