ਗੁਰਦਾਸਪੁਰ, 01 ਸਤੰਬਰ 2025 (ਦੀ ਪੰਜਾਬ ਵਾਇਰ)। ਇਨਸਾਨੀਅਤ ਦੇ ਨਾਤੇ ਆਪਣਾ ਫਰਜ਼ ਨਿਭਾਉਂਦੇ ਹੋਏ, ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਇਕ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਨੇ ਆਪਣੀ ਇੱਕ ਸਾਲ ਦੀ ਤਨਖਾਹ, ਜੋ ਕਿ ਲਗਭਗ ₹12 ਲੱਖ ਬਣਦੀ ਹੈ, ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰ ਦਿੱਤੀ ਹੈ।
ਇਸ ਦਾਨ ਨਾਲ ਨਾ ਸਿਰਫ ਹੜ੍ਹ ਪੀੜਤ ਪਰਿਵਾਰਾਂ ਨੂੰ ਮਦਦ ਮਿਲੇਗੀ, ਸਗੋਂ ਹੋਰ ਲੋਕਾਂ ਨੂੰ ਵੀ ਅੱਗੇ ਆ ਕੇ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਣਾ ਮਿਲੇਗੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਸਮਾਂ ਸਿਆਸਤ ਜਾਂ ਹੋਰ ਕਿਸੇ ਗੱਲ ਦਾ ਨਹੀਂ, ਸਗੋਂ ਮਨੁੱਖਤਾ ਦੀ ਖ਼ਾਤਰ ਇਕ-ਦੂਜੇ ਦਾ ਸਾਥ ਦੇਣ ਦਾ ਹੈ।
ਯਾਦ ਰਹੇ ਕਿ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਕਾਰਨ ਪੰਜਾਬ ਦੇ ਵੱਖ-ਵੱਖ ਇਲਾਕੇ, ਖਾਸ ਕਰਕੇ ਗੁਰਦਾਸਪੁਰ, ਬਹੁਤ ਪ੍ਰਭਾਵਿਤ ਹੋਏ ਹਨ ਅਤੇ ਲੱਖਾਂ ਲੋਕ ਹੜ੍ਹ ਦੀ ਮਾਰ ਸਹਿ ਰਹੇ ਹਨ। ਸਰਕਾਰੀ ਮਸ਼ੀਨਰੀ ਦੇ ਨਾਲ-ਨਾਲ ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਵੀ ਪੀੜਤਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ।