ਗੁਰਦਾਸਪੁਰ, 2 ਸਤੰਬਰ 2025 (ਮੰਨਨ ਸੈਣੀ)। ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਭਲਕੇ 3 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।
ਅਧਿਕਾਰਤ ਜਾਣਕਾਰੀ ਅਨੁਸਾਰ, ਰਾਜਪਾਲ ਸਾਹਿਬ ਸਵੇਰੇ 10:30 ਵਜੇ ਡੇਰਾ ਬਾਬਾ ਨਾਨਕ ਵਿਖੇ ਪਹੁੰਚਣਗੇ ਜਿੱਥੇ ਉਹ ਹੜ੍ਹ ਕਾਰਨ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ ਰਾਜਪਾਲ ਕਲਾਨੌਰ, ਦੋਰਾਂਗਲਾ ਅਤੇ ਗਾਹਲੜੀ ਵਿੱਚ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਮਿਲਣਗੇ ਤੇ ਹਾਲਾਤਾਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।
ਰਾਜਪਾਲ ਦਾ ਇਹ ਦੌਰਾ ਹੜ੍ਹ ਪੀੜਤ ਇਲਾਕਿਆਂ ਦੀ ਸਥਿਤੀ ਦਾ ਮੁਲਾਂਕਣ ਕਰਨ ਅਤੇ ਰਾਹਤ ਤੇ ਪੁਨਰਵਾਸ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਦੇ ਪ੍ਰਯਾਸਾਂ ਵਜੋਂ ਵੇਖਿਆ ਜਾ ਰਿਹਾ ਹੈ।