ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਕਾਰਨ ਸਿੱਖਿਆ ਸੰਸਥਾਵਾਂ ਵਿੱਚ 7 ਸਤੰਬਰ ਤੱਕ ਛੁੱਟੀਆਂ ਐਲਾਨੀਆਂ
ਚੰਡੀਗੜ੍ਹ, 3 ਸਤੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਹੜ੍ਹਾਂ ਦੀ ਸੰਭਾਵੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਬਿਆਨ ਅਨੁਸਾਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 7 ਸਤੰਬਰ 2025 ਤੱਕ ਛੁੱਟੀਆਂ ਐਲਾਨ ਦਿੱਤੀਆਂ ਗਈਆਂ ਹਨ।
ਇਹ ਫੈਸਲਾ ਸੂਬੇ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਿੱਖਿਆ ਸੰਸਥਾਵਾਂ ਦੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਸਿੱਖਿਆ ਮੰਤਰੀ ਨੇ ਸਭ ਨੂੰ ਅਪੀਲ ਕੀਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ।
ਪੰਜਾਬ ਸਰਕਾਰ ਦਾ ਇਹ ਕਦਮ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਉਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਰਕਾਰ ਨੇ ਸਭ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਸਥਾਨਾਂ ‘ਤੇ ਰਹਿਣ ਦੀ ਸਲਾਹ ਦਿੱਤੀ ਹੈ।