ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ-ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ
ਦੀਨਾਨਗਰ/ਗੁਰਦਾਸਪੁਰ, 05 ਸਤੰਬਰ 2025 ( ਮੰਨਨ ਸੈਣੀ) । ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਖੇਤਰਾਂ ਵਿੱਚ ਰਾਵੀ ਦਰਿਆ ਦੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਲਈ ਅੱਜ ਰਾਹਤ ਸਮਗਰੀ ਲੈ ਕੇ ਤਿਲਕ ਨਗਰ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀਨਾਨਗਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਬਟਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਸੀਨੀਅਰ ਆਪ ਆਗੂ ਸ਼ਮਸ਼ੇਰ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਜੁਗਰਾਜ ਸਿੰਘ ਐੱਸ.ਪੀ (ਐੱਚ) ਅਤੇ ਓਲੰਪੀਅਨ ਪੀ.ਸੀ.ਐੱਸ. ਅਧਿਕਾਰੀ ਰੁਪਿੰਦਰਪਾਲ ਸਿੰਘ ਵੀ ਹਾਜ਼ਰ ਸਨ।
ਤਿਲਕ ਨਗਰ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਥਾਨਿਕ ਲੀਡਰਸ਼ਿਪ ਨਾਲ ਜਾ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮਗਰੀ ਵੰਡੀ ਗਈ। ਇਸ ਰਾਹਤ ਸਮਗਰੀ ਵਿੱਚ ਕਣਕ, ਰਾਸ਼ਨ, ਸੁੱਕੀ ਰਸਦ, ਤਰਪਾਲਾਂ, ਮੱਛਰਦਾਨੀਆਂ, ਓਡੋਮੋਸ, ਬੱਚਿਆਂ ਦੇ ਕੱਪੜੇ, ਡਾਇਪਰ, ਸੈਨੇਟਰੀ ਪੈਡ ਅਤੇ ਘਰੇਲੂ ਜ਼ਰੂਰਤ ਵਾਲਾ ਸਮਾਨ ਸ਼ਾਮਲ ਸੀ।

ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡਣ ਮੌਕੇ ਵਿਧਾਇਕ ਸ਼ੈਰੀ ਕਲਸੀ ਅਤੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਮੁੱਚੀ ਰਾਜ ਸਰਕਾਰ ਅਤੇ ਪਾਰਟੀ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਫ਼ਸਲਾਂ ਸਮੇਤ ਲੋਕਾਂ ਦਾ ਹੋਰ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਅਸੀਂ ਸਾਰੇ ਆਪਣੇ ਭਰਾਵਾਂ ਦੇ ਨਾਲ ਹਾਂ ਅਤੇ ਉਹ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਅੱਜ ਹੜ੍ਹ ਪੀੜ੍ਹਤ ਪਰਿਵਾਰਾਂ ਲਈ ਰਾਹਤ ਸਮਗਰੀ ਲੈ ਕੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ ਓਥੇ ਸਾਡਾ ਵੀ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਵੀ ਹੜ੍ਹ ਪੀੜ੍ਹਤਾਂ ਦੀ ਵੱਧ ਤੋਂ ਵੱਧ ਮਦਦ ਕਰੀਏ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਇਸ ਸੰਕਟ ਤੋਂ ਪਾਰ ਪਾ ਲਵਾਂਗੇ।
ਇਸ ਮੌਕੇ ਆਪ ਆਗੂ ਸ਼ਮਸ਼ੇਰ ਸਿੰਘ ਨੇ ਹੜ੍ਹ ਪੀੜ੍ਹਤਾਂ ਨੂੰ ਰਾਹਤ ਸਮਗਰੀ ਦੇਣ ਲਈ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਅਸ਼ੋਕ ਮਾਨੂ, ਕੌਂਸਲਰ ਤਿਲਕ ਨਗਰ, ਸਰਪੰਚ ਜਗਦੀਸ਼ ਸਿੰਘ ਘੁੰਮਣ ਅਮਰਗੜ੍ਹ ਤੋਂ, ਸਰਪੰਚ ਹਰਦੀਪ ਸਿੰਘ ਮੰਡੀਆਂ, ਹਰਜੀਤ ਸਿੰਘ ਰਿੰਕੂ, ਸੁਭਾਸ਼ ਯਾਦਵ, ਮਨਇੰਦਰ ਸਿੰਘ ਚੰਡੋਕ, ਸਾਹਿਬ ਸਿੰਘ, ਦੀਪਕ ਸ਼ਰਮਾ, ਅਮਰੀਕ ਸਿੰਘ ਮਿੱਕੀ, ਗੁਰਵਿੰਦਰ ਸਿੰਘ, ਈਸ਼ਵਰ ਸਿੰਘ, ਕਰਨ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਗੋਲਡੀ ਵੀ ਮੌਜੂਦ ਸਨ।