ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੱਛਰ-ਮੱਖੀਆਂ ਦੇ ਖ਼ਾਤਮੇ ਲਈ ਫ਼ੌਗਿੰਗ ਜਾਰੀ
ਗੁਰਦਾਸਪੁਰ, 06 ਸਤੰਬਰ 2025 (ਮੰਨਨ ਸੈਣੀ )। ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੱਛਰਾਂ ਤੇ ਮੱਖੀਆਂ ਤੋਂ ਕੋਈ ਬਿਮਾਰੀ ਨਾ ਫੈਲੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਦੇ ਸਹਿਯੋਗ ਨਾਲ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ 22 ਹੋਰ ਫੌਗਿੰਗ ਮਸ਼ੀਨਾਂ ਦਿੱਤੀਆਂ ਗਈਆਂ। ਸੀਨੀਅਰ ਆਈ.ਏ.ਐੱਸ. ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਭਾਰੀ ਸਕਤਰ ਸ. ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਫੌਗਿੰਗ ਮਸ਼ੀਨਾਂ ਸੌੰਪੀਆਂ ਗਈਆਂ।

ਇਸ ਮੌਕੇ ਸ. ਗੁਰਕਿਰਤ ਕ੍ਰਿਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਫੌਗਿੰਗ ਮਸ਼ੀਨਾਂ ਨਾਲ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਫੌਗਿੰਗ ਕੀਤੀ ਜਾਵੇਗੀ ਤਾਂ ਜੋ ਮੱਛਰਾਂ ਤੇ ਮੱਖੀਆਂ ਨਾਲ ਕੋਈ ਵੀ ਬਿਮਾਰੀ ਨਾ ਫੈਲੇ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਕਈ ਪਿੰਡ ਪ੍ਰਭਾਵਿਤ ਹੋਏ ਹਨ ਜਿਸ ਕਾਰਨ ਕਈ ਪਿੰਡਾਂ ਵਿੱਚ ਅਜੇ ਵੀ ਹੜ੍ਹ ਦਾ ਪਾਣੀ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਮੱਛਰਾਂ ਕਾਰਨ ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਅਹਿਤਿਆਤ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਇਹ ਮਸ਼ੀਨਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ ਅਤੇ ਨਾਲ ਹੀ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਨੂੰ ਫੌਗਿੰਗ ਮਸ਼ੀਨ ਚਲਾਉਣ ਦੀ ਸਿਖਲਾਈ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੌਗਿੰਗ ਮਸ਼ੀਨਾਂ ਦੇ ਨਾਲ 2-2 ਲੀਟਰ ਮੱਛਰ ਮਾਰਨ ਵਾਲੀ ਦਵਾਈ ਵੀ ਦਿੱਤੀ ਗਈ ਹੈ।
ਸ. ਗੁਰਕਿਰਤ ਕ੍ਰਿਪਾਲ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ 11 ਫੌਗਿੰਗ ਮਸ਼ੀਨਾਂ ਪੰਚਾਇਤ ਵਿਭਾਗ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਹਿਲ ਦੇ ਅਧਾਰ `ਤੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਫੌਗਿੰਗ ਸ਼ੁਰੂ ਕਰਨ ਤਾਂ ਜੋ ਮੱਛਰ-ਮੱਖੀਆਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰਾਜੀਵ ਸਿੰਘ ਤੋਂ ਇਲਾਵਾ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।