ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਜੀਉਜਲਾਹੀ ਤੇ ਸ਼ਾਲੇਚੱਕ ਵਿਖੇ ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ
ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ, ਹਰ ਸੰਭਵ ਮਦਦ ਕੀਤੀ ਜਾਵੇਗੀ – ਵਿਧਾਇਕ ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 07 ਸਤੰਬਰ 2025 (ਮੰਨਨ ਸੈਣੀ) – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਜੀਉਜਲਾਹੀ ਤੇ ਸ਼ਾਲੇਚੱਕ ਵਿਖੇ ਪਹੁੰਚ ਕੇ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ ਅਤੇ ਹੋਰ ਆਗੂ ਵੀ ਮੌਜੂਦ ਸਨ।
ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਰਾਵੀ ਦਰਿਆ ਦੇ ਹੜ੍ਹ ਕਾਰਨ ਹਲਕਾ ਡੇਰਾ ਬਾਬਾ ਨਾਨਕ ਦੇ 159 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਵਿੱਚ ਫ਼ਸਲਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਿੰਡਾਂ ਵਿੱਚ ਅਜੇ ਵੀ ਹੜ੍ਹ ਦਾ ਪਾਣੀ ਖੜ੍ਹਾ ਹੈ ਅਤੇ ਫ਼ਸਲਾਂ ਪਾਣੀ ਵਿੱਚ ਡੁੱਬੀਆਂ ਹੋਈਆਂ ਹਨ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਇਹ ਆਦੇਸ਼ ਦਿੱਤੇ ਜਾ ਚੁੱਕੇ ਹਨ ਹੜ੍ਹਾਂ ਕਾਰਨ ਫ਼ਸਲਾਂ ਸਮੇਤ ਹੋਏ ਸਾਰੇ ਨੁਕਸਾਨ ਦਾ ਅਨੁਮਾਨ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਘਟਣ ਤੋਂ ਬਾਅਦ ਫ਼ਸਲਾਂ ਦੇ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਵੀ ਕਰਵਾਈ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਕੋਲੋਂ ਵੀ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਨਿਰਾਸ਼ ਨਹੀਂ ਕਰੇਗੀ। ਸ. ਰੰਧਾਵਾ ਨੇ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਹਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।