ਲੇਖਕ ਭਾਈਚਾਰੇ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ
ਚੰਡੀਗੜ੍ਹ, 10 ਸਤੰਬਰ 2025 (ਦੀ ਪੰਜਾਬ ਵਾਇਰ)– ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਮੂਹ ਲੇਖਕ ਭਾਈਚਾਰੇ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਸੰਭਵ ਰਾਹਤ ਕਾਰਜਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਫ਼ਸਲਾਂ, ਘਰਾਂ ਅਤੇ ਜਨਤਕ ਸੰਪਤੀਆਂ ਦਾ ਭਾਰੀ ਖ਼ਰਾਬਾ ਹੋਇਆ ਹੈ, ਜਿਸ ਕਾਰਨ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ ਅਤੇ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਪਨਾਹ ਲੈਣੀ ਪਈ ਹੈ। ਇਸ ਸੰਕਟਕਾਲੀ ਸਥਿਤੀ ਵਿੱਚ ਲੇਖਕ ਭਾਈਚਾਰੇ ਦੀ ਜ਼ਿੰਮੇਵਾਰੀ ਹੈ ਕਿ ਉਹ ਸਮਾਜਿਕ ਸਰੋਕਾਰਾਂ ਨੂੰ ਮੁੱਖ ਰੱਖਦਿਆਂ ਪੀੜਤਾਂ ਦੀ ਮਦਦ ਲਈ ਅੱਗੇ ਆਉਣ।
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਕਿਹਾ ਕਿ ਲੇਖਕ ਭਾਈਚਾਰਾ ਪਹਿਲਾਂ ਹੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਲਗਾਤਾਰ ਕਾਰਜਸ਼ੀਲ ਹੈ। ਸਭਾ ਵੱਲੋਂ ਸਮੂਹ ਲੇਖਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਰਾਹਤ ਸਮੱਗਰੀ ਦੀ ਵੰਡ, ਜਾਗਰੂਕਤਾ ਫੈਲਾਉਣ ਅਤੇ ਜਨਤਕ ਜਥੇਬੰਦੀਆਂ ਅਤੇ ਸਹਿਯੋਗੀਆਂ ਨਾਲ ਮਿਲ ਕੇ ਕੰਮ ਕਰਨ ਵਿੱਚ ਯੋਗਦਾਨ ਪਾਉਣ।
ਸਭਾ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਵੀ ਕਿਹਾ ਹੈ ਕਿ ਉਹ ਪਹਿਲ ਦੇ ਅਧਾਰ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਿਹਤ, ਸਿੱਖਿਆ, ਬਿਜਲੀ ਅਤੇ ਰੈਣ ਬਸੇਰਿਆਂ ਲਈ ਫੌਰੀ ਕਦਮ ਚੁੱਕ.
ਸਭਾ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਲੇਖਕਾਂ ਦੀ ਕਲਮ ਅਤੇ ਸ਼ਬਦ ਸਮਾਜ ਨੂੰ ਜਾਗਰਤ ਕਰਨ ਦੇ ਨਾਲ-ਨਾਲ ਪੀੜਤਾਂ ਦੇ ਦੁੱਖ-ਦਰਦ ਨੂੰ ਸਾਂਝਾ ਕਰਨ ਦਾ ਮਾਧਿਅਮ ਵੀ ਬਣ ਸਕਦੇ ਹਨ।