Close

Recent Posts

Punjab PUNJAB FLOODS

ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ: ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ: ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ
  • PublishedSeptember 21, 2025

2.52 ਲੱਖ ਪਸ਼ੂਆਂ ਨੂੰ ਡਾਕਟਰੀ ਸਹਾਇਤਾ ਦੇਣ ਲਈ 1300 ਤੋਂ ਵੱਧ ਕੈਂਪ ਲਗਾਏ: ਗੁਰਮੀਤ ਸਿੰਘ ਖੁੱਡੀਆਂ

ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਸ ਮਹੀਨੇ ਦੇ ਅੰਤ ਤੱਕ ਸਮੂਹਿਕ ਟੀਕਾਕਰਨ ਮੁਹਿੰਮ ਨੇਪਰੇ ਚਾੜ੍ਹਨ ਦੇ ਨਿਰਦੇਸ਼

ਚੰਡੀਗੜ੍ਹ, 21 ਸਤੰਬਰ 2025 ( ਦੀ ਪੰਜਾਬ ਵਾਇਰ)–ਪੰਜਾਬ ਵਿੱਚ ਆਏ ਹੜ੍ਹਾਂ ਪਿੱਛੋਂ ਖੇਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਭਾਵੀ ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਮਹਿਜ਼ ਇੱਕ ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲਘੋਟੂ ਬੀਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸਫਲਤਾਪੂਰਵਕ ਸਿਰੇ ਚਾੜ੍ਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ 713 ਪਿੰਡਾਂ ਨੂੰ ਕਵਰ ਕਰਦੀ ਇਸ ਟੀਕਾਕਰਨ ਮੁਹਿੰਮ ਦੇ ਮੁਕੰਮਲ ਹੋਣ ਨਾਲ ਪਸ਼ੂਆਂ ਨੂੰ ਹੋਣ ਵਾਲੀਆਂ ਸੰਭਾਵੀ ਬੀਮਾਰੀਆਂ ਤੋਂ ਬਚਾਉਣ ਵਿੱਚ ਬਹੁਤ ਮਦਦ ਮਿਲੇਗੀ।ਸਮੂਹਿਕ ਟੀਕਾਕਰਨ ਮੁਹਿੰਮ ਬਾਰੇ ਵਿਸਥਾਰ ਨਾਲ ਦੱਸਦਿਆਂ ਸ. ਖੁੱਡੀਆਂ ਨੇ ਕਿਹਾ ਕਿ 14 ਸਤੰਬਰ ਨੂੰ ਵਿੱਢੀ ਇਹ ਮੁਹਿੰਮ ਹੜ੍ਹਾਂ ਪਿੱਛੋਂ ਸੂਬੇ ਦੀ ਮੁੜ-ਵਸੇਬਾ ਕਾਰਜ ਯੋਜਨਾ ਦਾ ਅਹਿਮ ਹਿੱਸਾ ਹੈ ਜਿਸ ਤਹਿਤ ਹਜ਼ਾਰਾਂ ਪ੍ਰਭਾਵਿਤ ਕਿਸਾਨਾਂ ਦੇ ਪਸ਼ੂਆਂ ਨੂੰ ਸੰਭਾਵੀ ਸਿਹਤ ਸੰਕਟਾਂ ਤੋਂ ਬਚਾ ਕੇ ਉਨ੍ਹਾਂ ਦੇ ਪਸ਼ੂਧਨ ਅਤੇ ਰੋਜ਼ੀ-ਰੋਟੀ ਨਾਲ ਸਬੰਧਤ ਮੁੱਢਲੇ ਅਸਾਸਿਆਂ ਦੀ ਰੱਖਿਆ ਕੀਤੀ ਜਾ ਰਹੀ ਹੈ।ਵਿਭਾਗ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਨੂੰ ਇਸ ਮਹੀਨੇ ਦੇ ਅੰਤ ਤੱਕ ਟੀਕਾਕਰਨ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਹ ਅਹਿਮ ਟੀਕਾਕਰਨ ਮੁਹਿੰਮ ਪੰਜਾਬ ਦੇ ਖੇਤੀ ਅਰਥਚਾਰੇ ਦੀ ਰੀੜ੍ਹ ਮੰਨੇ ਜਾਂਦੇ ਪਸ਼ੂਆਂ ਲਈ ਸੁਰੱਖਿਆ ਢਾਲ ਹੈ। ਇਸ ਮੁਹਿੰਮ ਦਾ ਉਦੇਸ਼ ਪਸ਼ੂਆਂ ਦੀ ਰੱਖਿਆ ਕਰਨ ਦੇ ਨਾਲ-ਨਾਲ ਹੜ੍ਹਾਂ ਕਾਰਨ ਹੋਏ ਨੁਕਸਾਨ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਦੇ ਵਿੱਤੀ ਭਵਿੱਖ ਨੂੰ ਸੁਰੱਖਿਅਤ ਕਰਨਾ ਵੀ ਹੈ। ਜ਼ਿਕਰਯੋਗ ਹੈ ਕਿ ਇਸ ਮਹੱਤਵਪੂਰਨ ਪਹਿਲਕਦਮੀ ਅਧੀਨ ਅੰਮ੍ਰਿਤਸਰ, ਫ਼ਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੋਗਾ, ਪਠਾਨਕੋਟ, ਰੂਪਨਗਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾ ਰਿਹਾ ਹੈ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਬਹੁ-ਪੱਖੀ ਪਸ਼ੂ ਰਾਹਤ ਕਾਰਜ ਯੋਜਨਾ ਨੇ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਯੋਜਨਾ ਤਹਿਤ 713 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 1,300 ਤੋਂ ਵੱਧ ਵਿਸ਼ੇਸ਼ ਕੈਂਪ ਸਥਾਪਤ ਕੀਤੇ ਗਏ ਹਨ ਜਿਸ ਵਿੱਚ 2.52 ਲੱਖ ਤੋਂ ਵੱਧ ਪਸ਼ੂਆਂ ਦਾ ਡਾਕਟਰੀ ਇਲਾਜ ਕੀਤਾ ਗਿਆ ਹੈ।ਪਸ਼ੂਆਂ ਦੇ ਪਾਲਣ-ਪੋਸ਼ਣ ਅਤੇ ਸਿਹਤ ਸਬੰਧੀ ਚੁੱਕੇ ਜਾ ਰਹੇ ਅਹਿਮ ਕਦਮਾਂ ਦਾ ਜ਼ਿਕਰ ਕਰਦਿਆਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂਆਂ ਦੀ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਕਰਨ ਲਈ 428 ਪਿੰਡਾਂ ਵਿੱਚ ਯੂਰੋਮਿਨ ਲਿਕਸ ਅਤੇ 388 ਪਿੰਡਾਂ ਵਿੱਚ ਮਿਨਰਲ ਮਿਕਸਚਰ ਵੰਡੇ ਗਏ ਹਨ। ਇਸ ਤੋਂ ਇਲਾਵਾ ਪਸ਼ੂਆਂ ਦੀ ਸਿਹਤ ਦੀ ਰਾਖੀ ਲਈ ਰੋਕਥਾਮ ਉਪਾਅ ਵਜੋਂ ਪ੍ਰਭਾਵਿਤ ਪਿੰਡਾਂ ਵਿੱਚ ਪੋਟਾਸ਼ੀਅਮ ਪਰਮੈਗਾਨੇਟ ਕ੍ਰਿਸਟਲ ਵੀ ਵੰਡੇ ਜਾ ਰਹੇ ਹਨ।ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਘਰ-ਘਰ ਜਾ ਕੇ ਡਾਕਟਰੀ ਸਹਾਇਤਾ ਦੇਣ ਸਬੰਧੀ ਮੁਹਿੰਮ ਸੈਂਕੜੇ ਵੈਟਰਨਰੀ ਅਫਸਰਾਂ, ਫੀਲਡ ਸਟਾਫ ਅਤੇ ਵਲੰਟੀਅਰਾਂ ਦੇ ਸਹਿਯੋਗ ਨਾਲ ਸੰਭਵ ਹੋਈ ਹੈ। ਸ਼੍ਰੀ ਭੰਡਾਰੀ ਨੇ ਅੱਗੇ ਕਿਹਾ ਵਿਭਾਗ ਦੇ ਅਣਥੱਕ ਯਤਨਾਂ ਰਾਹੀਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਦੂਰ-ਦੁਰਾਡੇ ਹੜ੍ਹ ਪ੍ਰਭਾਵਿਤ ਖੇਤਰਾਂ ਤੱਕ ਵੀ ਮਦਦ ਪਹੁੰਚੇ।

Written By
The Punjab Wire