Close

Recent Posts

ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ
  • PublishedSeptember 25, 2025

ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

ਸੂਬੇ ਵਿੱਚ ਕੀਰਤਨ ਦਰਬਾਰ, ਨਗਰ ਕੀਰਤਨ ਅਤੇ ਹੋਰ ਯਾਦਗਾਰੀ ਸਮਾਗਮ ਕਰਵਾਏ ਜਾਣਗੇ

ਚੰਡੀਗੜ੍ਹ, 25 ਸਤੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਇਸ ਮਹਾਨ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਲੜੀਵਾਰ ਸਮਾਗਮ ਉਲੀਕੇ ਹਨ। ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮਹਾਨ ਮੌਕੇ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਸਮਾਗਮ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ 25 ਅਕਤੂਬਰ ਨੂੰ ਦਿੱਲੀ ਵਿਖੇ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡਾ ਸਮਾਗਮ ਹੋਵੇਗਾ। ਉਨ੍ਹਾਂ ਕਿਹਾ ਕਿ 20 ਨਵੰਬਰ ਤੋਂ ਜੰਮੂ, ਗੁਰਦਾਸਪੁਰ, ਫਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਸਜਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚਾਰ ਨਗਰ ਕੀਰਤਨ 22 ਨਵੰਬਰ ਦੀ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ ਅਤੇ ਇਸ ਪਵਿੱਤਰ ਨਗਰ ਵਿਖੇ ਸੂਬਾ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਵੱਖ-ਵੱਖ ਸਮਾਗਮ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਇਹ ਇਤਿਹਾਸਕ ਸਮਾਗਮ ਮੁੱਖ ਤੌਰ ’ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਲੜੀਵਾਰ ਸਮਾਗਮਾਂ ਨਾਲ ਲੋਕਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖ, ਮਾਨਵਤਾ ਅਤੇ ਕੁਰਬਾਨੀ ਦੇ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਰਮ ਨੂੰ ਮੰਨਣ ਦੀ ਆਜ਼ਾਦੀ, ਧਰਮ ਨਿਰਪੱਖ ਕਦਰਾਂ-ਕੀਮਤਾਂ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਬਲਿਦਾਨ ਦੇ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਬੇਇਨਸਾਫੀ, ਜ਼ੁਲਮ ਅਤੇ ਦਮਨ ਦੇ ਖਿਲਾਫ਼ ਗੁਰੂ ਸਾਹਿਬ ਜੀ ਦੀ ਮਹਾਨ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਵਿੱਤਰ ਬਾਣੀ ਮਨੁੱਖੀ ਏਕਤਾ, ਵਿਸ਼ਵ-ਵਿਆਪੀ ਭਾਈਚਾਰਾ, ਬਹਾਦਰੀ, ਅਧਿਆਤਮਕਤਾ ਅਤੇ ਦਇਆ ਦਾ ਉਪਦੇਸ਼ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੜੀਵਾਰ ਸਮਾਗਮ ਮਹਾਨ ਸਿੱਖ ਗੁਰੂ ਸਾਹਿਬ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸੱਚੀ ਭਾਵਨਾ ਨਾਲ ਅਪਣਾਉਣ ਲਈ ਪ੍ਰੇਰਿਤ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਪਵਿੱਤਰ ਮੌਕਾ ਹੈ ਜਦੋਂ ਅਸੀਂ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ-ਆਪ ਨੂੰ ਮੁੜ ਸਮਰਪਿਤ ਕਰਦੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਮੌਕੇ ਨੂੰ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਤਾਂ ਜੋ ਸਾਡੇ ਦੇਸ਼ ਖਾਸ ਕਰਕੇ ਸੂਬੇ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਨੂੰ ਸਾਨੂੰ ਸਾਰਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਫੈਲਾਇਆ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਇਕ ਪਾਸੇ ਇਸ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਸਹਾਈ ਹੋਣਗੇ ਅਤੇ ਦੂਜੇ ਪਾਸੇ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੇ ਸਿਧਾਂਤਾਂ ਨੂੰ ਹੋਰ ਮਜ਼ਬੂਤ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮਹਾਨ ਗੁਰੂ ਸਾਹਿਬ ਜੀ ਦੀ ਸ਼ਾਨਦਾਰ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਣਪ੍ਰੀਤ ਸਿੰਘ ਸੌਂਦ ਅਤੇ ਹਰਭਜਨ ਸਿੰਘ ਈ.ਟੀ.ਓ., ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਤੇ ਹੋਰ ਮੌਜੂਦ ਸਨ।

Written By
The Punjab Wire