ਕਿਹਾ: ਨਾ ਬੇਅਦਬੀ ਕਰਨ ਵਾਲਿਆਂ ਨਾਲ ਸਮਝੌਤਾ, ਨਾ ਨਸ਼ੇ ਦੇ ਸੌਦਾਗਰਾਂ ਨਾਲ ਗੱਲਬਾਤ
ਚੰਡੀਗੜ੍ਹ, 13 ਅਕਤੂਬਰ 2025 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਅਕਾਲੀ – ਭਾਜਪਾ ਦੇ ਗਠਜੋੜ ਨੂੰ ਲੈ ਕੇ ਲਗਾਈਆਂ ਜਾ ਰਹੀਆਂ ਕਿਆਸਰਾਈਆਂ ਤੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵਿਰਾਮ ਲਗਾ ਦਿੱਤਾ। ਉਨ੍ਹਾਂ ਸਾਫ਼ ਤੌਰ ‘ਤੇ ਕਿਹਾ ਕਿ ਭਾਜਪਾ 2027 ‘ਚ ਸਾਰੀਆਂ 117 ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਅਤੇ ਬੇਅਦਬੀ ਕਰਨ ਵਾਲਿਆਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਨਸ਼ੇ ਦੇ ਸੌਦਾਗਰਾਂ ਨਾਲ ਕੋਈ ਗੱਲਬਾਤ ਨਹੀਂ ਕਰੇਗੀ।
ਇਸ ਤੋਂ ਇਲਾਵਾ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ‘ਤੇ ਵੀ ਤਿੱਖਾ ਹਮਲਾ ਬੋਲਿਆ। ‘ਆਪ੍ਰੇਸ਼ਨ ਬਲੂ ਸਟਾਰ’ ‘ਤੇ ਪੀ. ਚਿਦੰਬਰਮ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ, ਬਿੱਟੂ ਨੇ ਕਿਹਾ ਕਿ ਕਾਂਗਰਸੀ ਨੇਤਾ ਨੇ ਮੰਨਿਆ ਹੈ ਕਿ ਦਰਬਾਰ ਸਾਹਿਬ ‘ਤੇ ਹਮਲੇ ਦੀ ਸਾਜ਼ਿਸ਼ ਗਲਤ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਉਹ ਖੁਦ ਮੰਨ ਰਹੇ ਹਨ, ਤਾਂ ਉਨ੍ਹਾਂ ਨੂੰ ਵੋਟ ਦੇਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।
ਰਵਨੀਤ ਸਿੰਘ ਬਿੱਟੂ ਨੇ 1984 ਦੇ ਦੰਗਿਆਂ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਕਿਸੇ ਨੇ ਵੀ ਉਨ੍ਹਾਂ ਪਰਿਵਾਰਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਹਰਿਆਣਾ ਵਿੱਚ 121 ਪਰਿਵਾਰਾਂ ਲਈ ਇੱਕ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਨੇ ਵੀ ਧਰਮੀ ਸੈਨਿਕਾਂ ਅਤੇ ਦੰਗਾ ਪੀੜਤਾਂ ਦੀ ਸਾਰ ਨਹੀਂ ਲਈ ਸੀ, ਪਰ ਹੁਣ ਹਰਿਆਣਾ ਸਰਕਾਰ ਉਨ੍ਹਾਂ ਨੂੰ ਨੌਕਰੀਆਂ ਪ੍ਰਦਾਨ ਕਰ ਰਹੀ ਹੈ।