ਬਟਾਲਾ, ਗੁਰਦਾਸਪੁਰ, 12 ਨਵੰਬਰ 2025 (ਮਨਨ ਸੈਣੀ)। ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਬਟਾਲਾ ਪੁਲਿਸ ਨੇ ਇੱਕ ਸਾਂਝੇ ਅਪਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਲਵ ਸਿੰਘ ਉਰਫ਼ ਲਵ ਰੰਧਾਵਾ, ਵਾਸੀ ਬਟਾਲਾ ਵਜੋਂ ਹੋਈ ਹੈ।
ਅਤਿ-ਆਧੁਨਿਕ ਹਥਿਆਰ ਬਰਾਮਦ
ਪੁਲਿਸ ਨੇ ਮੁਲਜ਼ਮ ਕੋਲੋਂ ਅਤਿ-ਆਧੁਨਿਕ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਹੈ, ਜਿਸ ਵਿੱਚ ਦੋ ਪਿਸਤੌਲ, ਤਿੰਨ ਮੈਗਜ਼ੀਨਾਂ ਅਤੇ 16 ਜ਼ਿੰਦਾ ਕਾਰਤੂਸ ਸ਼ਾਮਲ ਹਨ।
ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕਾਰਵਾਈ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸ਼ੋਸ਼ਲ ਮੀਡੀਆ ਹੈਡਲ ਤੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਗੁਰਲਵ ਸਿੰਘ ਵਿਦੇਸ਼ ਬੈਠੇ ਆਪਣੇ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਪੁਲਿਸ ਸੂਤਰਾਂ ਅਨੁਸਾਰ, ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪਹਿਲਾਂ ਵੀ ਅਸਲਾ ਐਕਟ, ਚੋਰੀ ਅਤੇ ਘਰ ਤੋੜਨ ਵਰਗੇ ਗੰਭੀਰ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ।
FIR ਦਰਜ, ਜਾਂਚ ਜਾਰੀ
ਮੁਲਜ਼ਮ ਖ਼ਿਲਾਫ਼ ਥਾਣਾ ਸਿਵਲ ਲਾਈਨਜ਼, ਬਟਾਲਾ ਵਿਖੇ ਅਸਲਾ ਐਕਟ ਤਹਿਤ FIR ਦਰਜ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗੈਂਗਸਟਰ ਨੈੱਟਵਰਕ ਦੀਆਂ ਹੋਰ ਕੜੀਆਂ ਨੂੰ ਤੋੜਿਆ ਜਾ ਸਕੇ। ਪੰਜਾਬ ਪੁਲਿਸ ਸੂਬੇ ਵਿੱਚ ਸਰਗਰਮ ਸਮੂਹਾਂ ਨੂੰ ਖਤਮ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ।