ਨਗਰ ਕੌਂਸਲ ਨੇ 684 ਗਰੀਬ ਪਰਿਵਾਰਾਂ ਨੂੰ ਪੱਕੇ ਘਰ ਬਣਾਉਣ ਲਈ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ
ਪੁਰਾਣਾ ਸਿਵਲ ਹਸਪਤਾਲ ਤੇ ਪੀ.ਡਬਲਿਊ.ਡੀ. ਇਮਾਰਤ ਨੂੰ ਕਿਸੇ ਵੀ ਸੂਰਤ ਵਿੱਚ ਵੇਚਣ ਨਹੀਂ ਦਿੱਤਾ ਜਾਵੇਗਾ – ਪਾਹੜਾ
ਗੁਰਦਾਸਪੁਰ, 28 ਨਵੰਬਰ 2025 (ਮਨਨ ਸੈਣੀ)। ਨਗਰ ਕੌਂਸਲ ਗੁਰਦਾਸਪੁਰ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ 684 ਗਰੀਬ ਪਰਿਵਾਰਾਂ ਨੂੰ ਪੱਕੇ ਘਰ ਬਣਾਉਣ ਲਈ ਦਿੱਤੀ ਜਾਣ ਵਾਲੀ ਗ੍ਰਾਂਟ ਦੀ ਪਹਿਲੀ ਕਿਸਤ ਦੇ ਮਨਜ਼ੂਰੀ ਪੱਤਰ ਵੰਡੇ ਗਏ। ਇਸ ਲਈ ਨਗਰ ਕੌਂਸਲ ਗੁਰਦਾਸਪੁਰ ਦਫ਼ਤਰ ਵਿੱਚ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਲੋੜਵੰਦ ਪਰਿਵਾਰਾਂ ਨੂੰ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ।
ਵਿਧਾਇਕ ਪਾਹੜਾ ਨੇ ਦੱਸਿਆ ਕਿ ਨਗਰ ਕੌਂਸਲ ਪ੍ਰਧਾਨ ਤੇ ਸਮੂਹ ਪਾਰਸ਼ਦਾਂ ਦੀ ਮਿਹਨਤ ਦਾ ਨਤੀਜਾ ਹੈ ਕਿ ਅੱਜ ਸ਼ਹਿਰ ਦੇ 684 ਗਰੀਬ ਪਰਿਵਾਰਾਂ ਨੂੰ ਪੱਕੇ ਘਰ ਬਣਾਉਣ ਲਈ ਸਰਕਾਰ ਵੱਲੋਂ ਮਿਲਣ ਵਾਲੀ ਗ੍ਰਾਂਟ ਦੀ ਪਹਿਲੀ 50 ਹਜ਼ਾਰ ਰੁਪਏ ਦੀ ਕਿਸਤ ਦੇ ਮਨਜ਼ੂਰੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਨਗਰ ਕੌਂਸਲ ਵੱਲੋਂ ਸ਼ਹਿਰ ਦੇ 578 ਪਰਿਵਾਰਾਂ ਨੂੰ ਗ੍ਰਾਂਟ ਦਿੱਤੀ ਜਾ ਚੁੱਕੀ ਹੈ। ਜਦਕਿ 300 ਹੋਰ ਲੋਕਾਂ ਨੂੰ ਗ੍ਰਾਂਟ ਦਿਵਾਉਣ ਲਈ ਪ੍ਰਪੋਜ਼ਲ ਤਿਆਰ ਕਰਕੇ ਸਰਕਾਰ ਨੂੰ ਭੇਜੀ ਗਈ ਹੈ, ਜਿਸ ਦੇ ਜਲਦ ਮਨਜ਼ੂਰ ਹੋਣ ਦੀ ਸੰਭਾਵਨਾ ਹੈ।
ਵਿਧਾਇਕ ਪਾਹੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਉਨ੍ਹਾਂ ਸ਼ਹਿਰ ਵਿੱਚ ਨਵਾਂ ਬੱਸ ਅੱਡਾ ਬਣਵਾਇਆ ਸੀ, ਜਿਸ ਨਾਲ ਇੰਪਰੂਵਮੈਂਟ ਟਰੱਸਟ ਨੂੰ ਕਰੋੜਾਂ ਰੁਪਏ ਦੀ ਆਮਦਨ ਦਾ ਪੱਕਾ ਸਾਧਨ ਬਣ ਗਿਆ। ਪਰ ਮੌਜੂਦਾ ਸਰਕਾਰ ਦੇ ਆਗੂ ਇਸ ਫੰਡ ਨੂੰ ਸਹੀ ਥਾਂ ਤੇ ਵਰਤਣ ਦੀ ਬਜਾਏ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਂ ਆਉਣ ਤੇ ਗਲਤ ਤਰੀਕੇ ਨਾਲ ਖਰਚ ਕੀਤੀ ਗਈ ਗ੍ਰਾਂਟ ਦਾ ਇਕ-ਇਕ ਰੁਪਏ ਦਾ ਹਿਸਾਬ ਲਿਆ ਜਾਵੇਗਾ।
ਵਿਧਾਇਕ ਪਾਹੜਾ ਨੇ ਦੱਸਿਆ ਕਿ ਸਰਕਾਰ ਵੱਲੋਂ ਪੁਰਾਣੇ ਸਿਵਲ ਹਸਪਤਾਲ ਤੇ ਪੀ.ਡਬਲਿਊ.ਡੀ. ਰੈਸਟ ਹਾਊਸ ਦੀ ਜਗ੍ਹਾ ਵੀ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਰ ਉਨ੍ਹਾਂ ਆਪਣੇ ਹਲਕੇ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਹੈ ਕਿ ਉਹ ਕਿਸੇ ਵੀ ਸੂਰਤ ਵਿੱਚ ਇਨ੍ਹਾਂ ਦੋਵੇਂ ਜਗ੍ਹਾਵਾਂ ਨੂੰ ਵਿਕਣ ਨਹੀਂ ਦੇਣਗੇ, ਕਿਉਂਕਿ ਇਸ ਨਾਲ ਸ਼ਹਿਰ ਦੇ ਲੋਕਾਂ ਨੂੰ ਬਹੁਤ ਫਾਇਦਾ ਹੈ।
ਪ੍ਰੋਗਰਾਮ ਵਿੱਚ ਮੌਜੂਦ ਲਾਭਪਾਤਰੀਆਂ ਨੇ ਹਲਕਾ ਵਿਧਾਇਕ, ਨਗਰ ਕੌਂਸਲ ਪ੍ਰਧਾਨ ਤੇ ਮੌਜੂਦ ਪਾਰਸ਼ਦਾਂ ਦਾ ਉਨ੍ਹਾਂ ਨੂੰ ਗ੍ਰਾਂਟ ਦਿਵਾਉਣ ਲਈ ਧੰਨਵਾਦ ਕੀਤਾ।