ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸੇਖਵਾਂ ਨੇ ਕਾਹਨੂੰਵਾਨ ਬਲਾਕ ਦੀਆਂ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ 3 ਕਰੋੜ 58 ਰੁਪਏ ਦੀ ਪਹਿਲੀ ਕਿਸ਼ਤ ਦੇ ਮਨਜੂਰੀ ਪੱਤਰ ਵੰਡੇ
ਕਿਹਾ-ਹਲਕਾ ਕਾਦੀਆਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ
ਕਾਹਨੂੰਵਾਨ/ਗੁਰਦਾਸਪੁਰ,28 ਨਵੰਬਰ 2025 (ਮੰਨਨ ਸੈਣੀ)– ਕਾਦੀਆਂ ਹਲਕੇ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਹਲਕੇ ਵਿੱਚ ਤੇਜ਼ ਰਫ਼ਤਾਰ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਅੱਜ ਉਨ੍ਹਾਂ ਵਲੋਂ ਰੰਗਲਾ ਪੰਜਾਬ ਅਤੇ ਵਿੱਤ ਕਮਿਸ਼ਨ ਅਧੀਨ ਪਹਿਲੀ ਕਿਸ਼ਤ ਦੇ ਤੌਰ ‘ਤੇ 3 ਕਰੋੜ 58 ਲੱਖ ਰੁਪਏ ਦੇ ਮਨਜੂਰੀ ਪੱਤਰ ਕਾਹਨੂੰਵਾਨ ਬਲਾਕ ਦੀਆਂ ਗਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਵੰਡੇ ਗਏ। ਇਸ ਮੌਕੇ ਪਿੰਡਾਂ ਦੇ ਸਰਪੰਚ ਅਤੇ ਮੋਹਤਬਰ ਸਖਸ਼ੀਅਤਾਂ ਮੌਜੂਦ ਸਨ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਹਲਕਾ ਕਾਦੀਆਂ ਲਈ ਰੰਗਲਾ ਪੰਜਾਬ ਸਕੀਮ ਅਧੀਨ ਪਹਿਲੀ ਕਿਸ਼ਤ ਜਾਰੀ ਕਰਨ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਕਾਦੀਆਂ ਅੰਦਰ ਚਹੁਪੱਖੀ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਹਲਕਾ ਕਾਦੀਆਂ ਵਿਖੇ ਕਰੀਬ 125 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕਾਰਜ ਮਨਜ਼ੂਰ ਹੋਏ ਹਨ ਅਤੇ ਕਾਦੀਆਂ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਲਾਈਨਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।
ਉਨ੍ਹਾਂ ਪਿੰਡਾਂ ਦੇ ਸਰਪੰਚਾਂ ਨੂੰ ਵਧੀਆ ਅਤੇ ਨਿਰਪੱਖ ਢੰਗ ਨਾਲ ਵਿਕਾਸ ਕਾਰਜ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਇਹ ਪਹਿਲੀ ਕਿਸ਼ਤ ਹੈ ਅਤੇ ਇਸ ਤੋਂ ਬਾਅਦ ਦੂਜੀ ਅਤੇ ਤੀਜੀ ਕਿਸ਼ਤ ਵੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਹਲਕਾ ਕਾਦੀਆਂ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।