ਆਪ’ ਸਰਕਾਰ ਵੱਲੋਂ ਚੋਣਾਂ ‘ਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਬਰਦਾਸ਼ਤ ਨਹੀਂ: ਜੈ ਇੰਦਰ ਕੌਰ
ਹਾਈਕੋਰਟ ਦਾ ਵੱਡਾ ਫੈਸਲਾ: ਵਾਇਰਲ ਆਡੀਓ ਦੀ CFSL ਤੋਂ ਫੋਰੈਂਸਿਕ ਜਾਂਚ ਦੇ ਹੁਕਮ
ਚੰਡੀਗੜ੍ਹ, 10 ਦਸੰਬਰ 2025 (ਦੀ ਪੰਜਾਬ ਵਾਇਰ)– ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਪੰਜਾਬ ਵਿੱਚ ਲੋਕਤੰਤਰੀ ਪ੍ਰਕਿਰਿਆ ਨੂੰ ਖਤਮ ਕਰਨ ਲਈ ਸਰਕਾਰੀ ਮਸ਼ੀਨਰੀ ਅਤੇ ਪੁਲਿਸ ਪ੍ਰਸ਼ਾਸਨ ਦੀ ਸ਼ਰੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਣ ਲਈ ਅਧਿਕਾਰੀਆਂ ‘ਤੇ ਦਬਾਅ ਪਾ ਰਹੀ ਹੈ।
ਜੈ ਇੰਦਰ ਕੌਰ ਨੇ ਕਿਹਾ ਕਿ ਐਸ.ਐਸ.ਪੀ. ਵਰੁਣ ਸ਼ਰਮਾ ਦੀ ਵਾਇਰਲ ਹੋਈ ਆਡੀਓ, ਜਿਸ ਵਿੱਚ ਉਹ ਪੁਲਿਸ ਮੁਲਾਜ਼ਮਾਂ ਨੂੰ ਵਿਰੋਧੀ ਉਮੀਦਵਾਰਾਂ ਨੂੰ ਰੋਕਣ ਦੇ ਨਿਰਦੇਸ਼ ਦੇ ਰਹੇ ਹਨ, ਸਰਕਾਰ ਦੀ ਧੱਕੇਸ਼ਾਹੀ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨਿਰਪੱਖ ਜਾਂਚ ਕਰਵਾਉਣ ਦੀ ਬਜਾਏ ਦੋਸ਼ੀ ਅਧਿਕਾਰੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਬੀਬਾ ਜੈ ਇੰਦਰ ਕੌਰ ਨੇ ਦੱਸਿਆ ਕਿ ਭਾਜਪਾ ਵੱਲੋਂ ਪੇਸ਼ ਹੋਏ ਐਡਵੋਕੇਟ ਹਰਨੀਤ ਸਿੰਘ ਓਬਰਾਏ ਨੇ ਇਸ ਮਾਮਲੇ ਵਿੱਚ ਮਾਨਯੋਗ ਹਾਈਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਟੀਸ਼ਨ ਦਾ ਨਿਪਟਾਰਾ ਕੀਤਾ ਅਤੇ ਹੁਕਮ ਦਿੱਤੇ ਕਿ ਵਾਇਰਲ ਆਡੀਓ ਰਿਕਾਰਡਿੰਗ ਦੀ ਸੱਚਾਈ ਜਾਣਨ ਲਈ ਇਸਦੀ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਤੋਂ ਨਿਰਪੱਖ ਫੋਰੈਂਸਿਕ ਜਾਂਚ ਕਰਵਾਈ ਜਾਵੇ।
ਜੈ ਇੰਦਰ ਕੌਰ ਨੇ ਕਿਹਾ, “ਇਹ ਪਹਿਲੀ ਵਾਰ ਨਹੀਂ ਹੈ ਜਦੋਂ ‘ਆਪ‘ ਸਰਕਾਰ ਨੇ ਅਜਿਹਾ ਕੀਤਾ ਹੈ। ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਤੋਂ ਬਾਅਦ ਹੁਣ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਵੀ ਪ੍ਰਸ਼ਾਸਨਿਕ ਦਬਾਅ ਵਰਤ ਕੇ ਵਿਰੋਧੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਲੋਕਤੰਤਰ ਦਾ ਘਾਣ ਹੈ।”
ਉਨ੍ਹਾਂ ਅਖੀਰ ਵਿੱਚ ਕਿਹਾ ਕਿ ਸਾਨੂੰ ਮਾਨਯੋਗ ਅਦਾਲਤ ‘ਤੇ ਪੂਰਾ ਭਰੋਸਾ ਹੈ। ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਉਹ ਆਪਣੇ ਹੱਕਾਂ ‘ਤੇ ਹੋ ਰਹੇ ਇਸ ਡਾਕੇ ਨੂੰ ਕਦੇ ਮੁਆਫ ਨਹੀਂ ਕਰਨਗੇ। ਭਾਜਪਾ ਅਜਿਹੀਆਂ ਗੈਰ-ਸੰਵਿਧਾਨਕ ਕਾਰਵਾਈਆਂ ਖਿਲਾਫ਼ ਡੱਟ ਕੇ ਪਹਿਰਾ ਦੇਵੇਗੀ।