ਪੰਜਾਬ

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ
  • PublishedDecember 28, 2025

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਵਚਨਬੱਧ

ਚੰਡੀਗੜ੍ਹ, 28 ਦਸੰਬਰ 2025 ( ਦੀ ਪੰਜਾਬ ਵਾਇਰ)– ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ।ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ ‘ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ।

ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ। ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ ਅਰਜ਼ੀ ਤਿਆਰ ਕਰਨ, ਯੋਗਤਾ ਸਬੰਧੀ ਸ਼ਰਤਾਂ ਪੂਰੀਆਂ ਕਰਨ ਦੇ ਨਾਲ ਨਾਲ ਹੋਰ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰਨਗੇ।ਸ੍ਰੀ ਭਗਤ ਨੇ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਾਰੀਆਂ ਕਿਸਾਨ ਪੱਖੀ ਯੋਜਨਾਵਾਂ ਦੇ ਲਾਭ ਜ਼ਮੀਨੀ ਪੱਧਰ ‘ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਣ। ਉਨ੍ਹਾਂ ਕਿਸਾਨਾਂ ਨੂੰ ਬਾਗਬਾਨੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਬਿਹਤਰ ਆਮਦਨ ਲਈ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਵੱਲ ਜਾਣ ਦੀ ਅਪੀਲ ਕੀਤੀ।

Written By
The Punjab Wire