ਪੰਜਾਬ

ਪੇਡਾ ਵੱਲੋਂ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਪ੍ਰੋਜੈਕਟਾਂ ਲਈ ਅਕਾਦਮਿਕ ਸੰਸਥਾਵਾਂ ਨਾਲ ਸਮਝੌਤੇ ਸਹੀਬੱਧ

ਪੇਡਾ ਵੱਲੋਂ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਪ੍ਰੋਜੈਕਟਾਂ ਲਈ ਅਕਾਦਮਿਕ ਸੰਸਥਾਵਾਂ ਨਾਲ ਸਮਝੌਤੇ ਸਹੀਬੱਧ
  • PublishedJanuary 28, 2026

ਇਹ ਸਮਝੌਤੇ ਇਮਾਰਤਾਂ, ਉਦਯੋਗਾਂ ਅਤੇ ਜਨਤਕ ਬੁਨਿਆਦੀ ਢਾਂਚੇ ਵਿੱਚ ਊਰਜਾ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਨੂੰ ਕਰਨਗੇ ਉਤਸ਼ਾਹਿਤ: ਅਮਨ ਅਰੋੜਾ

ਚੰਡੀਗੜ੍ਹ, 28ਜਨਵਰੀ 2026 (ਦੀ ਪੰਜਾਬ ਵਾਇਰ)— ਸੂਬੇ ਵਿੱਚ ਟਿਕਾਊ ਅਤੇ ਕੁਸ਼ਲ ਊਰਜਾ ਅਧਾਰਿਤ ਭਵਿੱਖ ਯਕੀਨੀ ਬਣਾਉਣ ਲਈ ਊਰਜਾ ਸੰਭਾਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਖੋਜ ਅਤੇ ਵਿਕਾਸ (ਆਰ ਐਂਡ ਡੀ) ਪ੍ਰੋਜੈਕਟ ਸ਼ੁਰੂ ਕਰਨ ਲਈ ਉੱਘੀਆਂ ਅਕਾਦਮਿਕ ਸੰਸਥਾਵਾਂ ਨਾਲ ਦੋ ਸਮਝੌਤੇ ਸਹੀਬੱਧ ਕੀਤੇ ਹਨ।

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਮਾਰਤਾਂ, ਉਦਯੋਗਾਂ ਅਤੇ ਜਨਤਕ ਬੁਨਿਆਦੀ ਢਾਂਚੇ ਵਿੱਚ ਊਰਜਾ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਨੂੰ ਉਤਸ਼ਾਹਿਤ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਅਤੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਸੰਗਰੂਰ ਨਾਲ ਸਮਝੌਤੇ ਸਹੀਬੱਧ ਕੀਤੇ ਗਏ ਹਨ।

ਪੇਡਾ ਨੂੰ ਇਹਨਾਂ ਸਮਝੌਤਿਆਂ ਲਈ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹਨਾਂ ਸਮਝੌਤਿਆਂ ਦਾ ਉਦੇਸ਼ ਪੰਜਾਬ ਵਿੱਚ ਊਰਜਾ ਦੀ ਖਪਤ ਨੂੰ ਘਟਾਉਣ ਅਤੇ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਨਵੀਨਤਾ, ਖੋਜ ਅਤੇ ਵਿਹਾਰਕ ਹੱਲਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ, ਵਿਦਿਅਕ ਸੰਸਥਾਵਾਂ ਅਤੇ ਵਿਦਿਆਰਥੀਆਂ ਦਰਮਿਆਨ ਮਜ਼ਬੂਤ ਸਹਿਯੋਗ ਪੈਦਾ ਕਰਨਾ ਹੈ। ਇਸ ਪਹਿਲਕਦਮੀ ਦੇ ਤਹਿਤ ਇੰਜੀਨੀਅਰਿੰਗ ਕਾਲਜਾਂ, ਯੂਨੀਵਰਸਿਟੀਆਂ ਅਤੇ ਤਕਨੀਕੀ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਊਰਜਾ ਸਬੰਧੀ ਖੋਜਾਂ, ਖੇਤਰੀ ਅਧਿਐਨ, ਤਕਨਾਲੋਜੀ ਵਿਕਾਸ ਅਤੇ ਪਾਇਲਟ ਪ੍ਰੋਜੈਕਟਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਬਿਹਤਰ ਮੌਕਾ ਪ੍ਰਦਾਨ ਕੀਤਾ ਜਾਵੇਗਾ।

ਸ੍ਰੀ ਅਰੋੜਾ ਨੇ ਕਿਹਾ ਕਿ ਇਹਨਾਂ ਸਮਝੌਤਿਆਂ ‘ਤੇ ਪੇਡਾ ਦੀ ਸੀਈਓ ਸ਼੍ਰੀਮਤੀ ਨੀਲਿਮਾ ਵੱਲੋਂ ਦਸਤਖਤ ਕੀਤੇ ਗਏ ਹਨ ਅਤੇ ਇਹ ਸਮਝੌਤੇ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ, ਤਕਨੀਕੀ ਹੁਨਰ ਵਿੱਚ ਵਾਧਾ ਕਰਨ ਅਤੇ ਵਿਦਿਆਰਥੀਆਂ ਵਿੱਚ ਊਰਜਾ ਸੰਭਾਲ ਅਤੇ ਸਥਾਈ ਵਿਕਾਸ ਬਾਰੇ ਜਾਗਰੂਕਤਾ ਪੈਦਾ ਕਰਨਗੇ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਮਝੌਤਿਆਂ ਤਹਿਤ ਸ਼ੁਰੂ ਕੀਤੇ ਜਾਣ ਵਾਲੇ ਖੋਜ ਅਤੇ ਵਿਕਾਸ ਪ੍ਰੋਜੈਕਟ ਸੂਬੇ ਭਰ ਵਿੱਚ ਇਮਾਰਤਾਂ, ਉਦਯੋਗਾਂ ਅਤੇ ਜਨਤਕ ਥਾਵਾਂ ਵਿੱਚ ਊਰਜਾ ਕੁਸ਼ਲਤਾ ਨੂੰ ਵਧਾਉਣ, ਗਰੀਨ ਤਕਨਾਲੋਜੀਆਂ ਅਤੇ ਬਿਹਤਰ ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਲੰਬੇ ਸਮੇਂ ਦੀ ਊਰਜਾ ਯੋਜਨਾਬੰਦੀ ਲਈ ਨੀਤੀਆਂ ਬਣਾਉਣ ਅਤੇ ਊਰਜਾ ਲਾਗਤਾਂ ਅਤੇ ਕਾਰਬਨ ਦੇ ਨਿਕਾਸ ਨੂੰ ਘਟਾਉਣ ‘ਤੇ ਕੇਂਦ੍ਰਤ ਹੋਣਗੇ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਊਰਜਾ ਕੁਸ਼ਲਤਾ ਅਤੇ ਸਥਾਈ ਵਿਕਾਸ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਜੋ ਪੰਜਾਬ ਨੂੰ ਊਰਜਾ ਦੀ ਸੁਚੱਜੀ ਵਰਤੋਂ ਲਈ ਇੱਕ ਮਾਡਲ ਸੂਬਾ ਬਣਾਉਣ ਵੱਲ ਅਹਿਮ ਕਦਮ ਹੈ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਇਹ ਸਹਿਯੋਗ ਪੰਜਾਬ ਦੇ ਊਰਜਾ ਸੰਭਾਲ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਨਾਲ ਨਾਲ ਵਿਦਿਆਰਥੀਆਂ ਅਤੇ ਸੰਸਥਾਵਾਂ ਨੂੰ ਸੂਬੇ ਦੀ ਸਾਫ਼-ਸੁਥਰੀ ਊਰਜਾ ਵੱਲ ਤਬਦੀਲੀ ਵਿੱਚ ਅਹਿਮ ਯੋਗਦਾਨ ਪਾਉਣ ਲਈ ਤਿਆਰ ਕਰਨਗੇ। ਇਹ ਪਹਿਲਕਦਮੀ ਨਵੀਨਤਾ ਅਤੇ ਖੋਜ ਨੂੰ ਉਤਸ਼ਾਹਿਤ ਕਰਕੇ, ਵਿਦਿਆਰਥੀਆਂ ਅਤੇ ਫੈਕਲਟੀ ਦੀ ਸਮਰੱਥਾ ਵਿੱਚ ਵਾਧਾ ਕਰੇਗੀ ਅਤੇ ਸਾਫ਼-ਸੁਥਰੇ ਵਾਤਾਵਰਣ ਲਈ ਕਾਰਬਨ ਦੇ ਨਿਕਾਸ ਨੂੰ ਘਟਾ ਕੇ ਪੰਜਾਬ ਲਈ ਲਾਹੇਵੰਦ ਸਾਬਤ ਹੋਵੇਗੀ।

Written By
The Punjab Wire