ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼; 42.9ਕਿਲੋਗ੍ਰਾਮ ਹੈਰੋਇਨ, 4ਹੈਂਡ ਗ੍ਰਨੇਡ, ਇੱਕ ਪਿਸਤੌਲ ਬਰਾਮਦ
ਇਸ ਉਪਰੰਤ ਕੀਤੀ ਜਾਂਚ ਦੌਰਾਨ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ; ਅਗਲੇਰੀ ਜਾਂਚ ਜਾਰੀ: ਡੀਜੀਪੀ ਗੌਰਵ
— ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ: ਐਸਐਸਪੀ ਸੁਹੇਲ ਕਾਸਿਮ ਮੀਰ
ਚੰਡੀਗੜ੍ਹ/ਅੰਮ੍ਰਿਤਸਰ, 29ਜਨਵਰੀ 2026 (ਦੀ ਪੰਜਾਬ ਵਾਇਰ)— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਸਹਿਯੋਗ ਨਾਲ 42.9 ਕਿਲੋਗ੍ਰਾਮ ਹੈਰੋਇਨ, ਚਾਰ ਹੈਂਡ ਗ੍ਰਨੇਡ ਅਤੇ ਇੱਕ ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਆਪਰੇਸ਼ਨ ਵੀਡੀਸੀਜ਼ – ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ਜਿਸਦਾ ਉਦੇਸ਼ ਅੰਦਰੂਨੀ ਸੁਰੱਖਿਆ ਅਤੇ ਨਸ਼ਾ ਵਿਰੋਧੀ ਯਤਨਾਂ ਵਿੱਚ ਭਾਈਚਾਰਕ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ, ਜ਼ਰੀਏ ਪ੍ਰਾਪਤ ਕਾਰਵਾਈਯੋਗ ਅਤੇ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਇਆ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕ ਸਮੱਗਰੀ ਅੰਤਰਰਾਸ਼ਟਰੀ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ, ਜਿਸ ਨਾਲ ਇਸ ਖੇਪ ਵਿੱਚ ਸੰਗਠਿਤ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਦੀ ਸ਼ਮੂਲੀਅਤ ਦਾ ਪਤਾ ਲਗਦਾ ਹੈ।
ਡੀਜੀਪੀ ਨੇ ਦੱਸਿਆ ਕਿ ਇਸ ਉਪਰੰਤ ਜਾਂਚ ਦੌਰਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਫਰਾਰ ਮੁਲਜ਼ਮਾਂ ਨੂੰ ਟਰੇਸ ਕਰਨ, ਬਰਾਮਦਗੀ ਸਬੰਧੀ ਲੜੀ ਦਾ ਪਤਾ ਲਗਾਉਣ ਅਤੇ ਵਿਆਪਕ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਵੀਡੀਸੀ ਨੈੱਟਵਰਕ ਰਾਹੀਂ ਪ੍ਰਾਪਤ ਜਾਣਕਾਰੀ ‘ਤੇ ਤਰੁੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਿੰਡ ਊਠੀਆਂ ਵਿੱਚ ਇੱਕ ਮੋਟਰਸਾਈਕਲ ਨੂੰ ਰੋਕਿਆ।
ਉਨ੍ਹਾਂ ਦੱਸਿਆ ਕਿ ਪੁਲਿਸ ਦੀ ਮੌਜੂਦਗੀ ਦਾ ਪਤਾ ਲੱਗਣ ‘ਤੇ, ਸ਼ੱਕੀ ਵਿਅਕਤੀ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਖੇਪ ਸਮੇਤ ਮੋਟਰਸਾਈਕਲ ਛੱਡ ਕੇ ਨਾਲ ਲੱਗਦੇ ਖੇਤਾਂ ਵੱਲ ਭੱਜ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਆਲੇ ਦੁਆਲੇ ਦੇ ਖੇਤਾਂ ਵਿੱਚ ਇੱਕ ਯੋਜਨਾਬੱਧ ਤਲਾਸ਼ੀ ਅਭਿਆਨ ਚਲਾਇਆ ਜਿਸ ਦੇ ਨਤੀਜੇ ਵਜੋਂ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਬਰਾਮਦ ਹੋਈ।
ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਕਾਬੂ ਕਰਨ, ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ, ਐਫਆਈਆਰ ਨੰਬਰ 26 ਮਿਤੀ 29.01.2026 ਨੂੰ ਥਾਣਾ ਰਾਜਾਸਾਂਸੀ, ਅੰਮ੍ਰਿਤਸਰ ਦਿਹਾਤੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।