Close

Recent Posts

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ
  • PublishedJanuary 30, 2026

ਪਿਛਲੀਆਂ ਸਰਕਾਰਾਂ ਰਿਸ਼ਵਤਖੋਰੀ ਅਤੇ ਪੱਖਪਾਤ ਨਾਲ ਦਿੰਦੀਆਂ ਸਨ ਨੌਕਰੀਆਂ ਪਰ ‘ਆਪ’ ਸਰਕਾਰ ਨਿਰੋਲ ਮੈਰਿਟ ’ਤੇ ਦੇ ਰਹੀ ਹੈ ਨੌਕਰੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਦਾ ਲੋਕਾਂ ਨੇ ‘ਝਾੜੂ’ ਦਾ ਬਟਨ ਨੱਪਿਆ, ਹਰੇਕ ਨਾਗਰਿਕ ਨੂੰ ਮਿਲ ਰਹੇ ਹਨ ਬਣਦੇ ਹੱਕ ਜਦਕਿ ਪਿਛਲੀਆਂ ਸਰਕਾਰਾਂ ਮੌਕੇ ਉਮੀਦ ਵੀ ਨਹੀਂ ਕੀਤੀ ਜਾ ਸਕਦੀ ਸੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਹਰੇਕ ਪਰਿਵਾਰ ਨੂੰ ਬਿਨਾਂ ਕਿਸੇ ਸ਼ਰਤ ਦੇ ਰਹੀ 10 ਲੱਖ ਦਾ ਮੁਫ਼ਤ ਇਲਾਜ, ਹੁਣ ਇਲਾਜ ਕਰਵਾਉਣ ਵਿੱਚ ਆਰਥਿਕ ਤੰਗੀ ਨਹੀਂ ਬਣੇਗੀ ਰੁਕਾਵਟ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਰੋਧੀ ਧਿਰਾਂ ਨੁਕਸ ਲੱਭਣ ਵਿੱਚ ਲੱਗੀਆਂ ਰਹਿੰਦੀਆਂ ਜਦਕਿ ਇਨ੍ਹਾਂ ਨੂੰ ਮੁਫ਼ਤ ਬਿਜਲੀ, ਸ਼ਾਨਦਾਰ ਸਕੂਲ, ਬੰਦ ਕੀਤੇ 17 ਟੋਲ ਪਲਾਜ਼ੇ ਅਤੇ ਹੋਰ ਲੋਕ ਭਲਾਈ ਦੇ ਕੰਮ ਨਜ਼ਰ ਨਹੀਂ ਆਉਂਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ 2026 (ਦੀ ਪੰਜਾਬ ਵਾਇਰ)– ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ‘ਮਿਸ਼ਨ ਰੋਜ਼ਗਾਰ’ ਤਹਿਤ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦੇਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਸਾਬਤ ਹੁੰਦੀ ਹੈ।

ਹੁਣ ਤੱਕ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਮੌਕੇ ਕਾਬਲੀਅਤ ਦੀ ਬਜਾਏ ਰਿਸ਼ਵਤ ਤੇ ਸਿਫਾਰਸ਼ ਨਾਲ ਨੌਕਰੀਆਂ ਦੇਣ ਦੇ ਫੈਸਲੇ ਹੁੰਦੇ ਸਨ।

ਐਕਸ ਤੇ ਹੋਏ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ  ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ,”ਅੱਜ ਮੋਹਾਲੀ ਵਿੱਚ ਵੱਖ-ਵੱਖ ਵਿਭਾਗਾਂ ਦੇ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਹੁਣ ਤੱਕ, 63,943 ਨੌਜਵਾਨਾਂ ਨੂੰ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਆਉਣ ਵਾਲੇ ਦਿਨਾਂ ਵਿੱਚ ਵੀ ਮਿਸ਼ਨ ਰੋਜ਼ਗਾਰਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਬਾਦਸਤੂਰ ਜਾਰੀ ਰਹੇਗੀ।

ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ ਵਿਕਾਸ ਭਵਨ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਹਾਕਿਆਂ ਤੋਂ ਸੂਬੇ ਦੇ ਲੜਕੇ-ਲੜਕੀਆਂ ਦੀ ਕਾਬਲੀਅਤ ਨੂੰ ਸੱਤਾ ਵਿੱਚ ਬੈਠੇ ਲੋਕਾਂ ਦੇ ਰਿਸ਼ਤੇਦਾਰਾਂ ਅਤੇ ਚਹੇਤਿਆਂ ਨੇ ਦਰਕਿਨਾਰ ਕੀਤਾ, ਜਿਸ ਨਾਲ ਹਜ਼ਾਰਾਂ ਹੋਣਹਾਰ ਨੌਜਵਾਨਾਂ ਦੇ ਸੁਪਨੇ ਤਬਾਹ ਕਰ ਦਿੱਤੇ ਗਏ। ਉਨ੍ਹਾਂ ਕਿਹਾ, “ਪਹਿਲਾਂ, ਪੰਜਾਬ ਦੇ ਨੌਜਵਾਨਾਂ ਦੇ ਹੱਕ ਸੱਤਾਧਾਰੀ ਲੋਕਾਂ ਦੇ ਚਹੇਤਿਆਂ ਵੱਲੋਂ ਖੋਹ ਲਏ ਜਾਂਦੇ ਸਨ। ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਨੂੰ ਇਸ ਗੱਲ ਦਾ ਬਹੁਤ ਦੁੱਖ ਹੋਣਾ ਕਿ ਆਜ਼ਾਦੀ ਦੇ 70 ਸਾਲਾਂ ਤੋਂ ਵੱਧ ਸਮੇਂ ਬਾਅਦ ਵੀ ਉਨ੍ਹਾਂ ਦੇ ਸੁਪਨੇ ਪੂਰੇ ਨਹੀਂ ਹੋਏ। ਇਹ ਸਾਡੇ ਸਾਰਿਆਂ ਲਈ ਸ਼ਰਮ ਦੀ ਗੱਲ ਹੈ।”

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਦੇਸ਼ ਦੇ ਮਹਾਨ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਥੇ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਨੌਕਰੀਆਂ ਦਾ ਪੈਸਾ ਰੱਜ ਕੇ ਲੁੱਟਿਆ, ਉਥੇ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹੇ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਨਵ-ਨਿਯੁਕਤ ਉਮੀਦਵਾਰਾਂ ਲਈ ਇਸ ਨੂੰ ਇੱਕ ਇਤਿਹਾਸਕ ਪਲ ਦੱਸਦਿਆਂ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਇਨ੍ਹਾਂ ਨੌਜਵਾਨਾਂ ਲਈ ਇੱਕ ਸੁਨਿਹਰੀ ਦਿਨ ਹੈ ਜਿਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੇ ਪਾਰਦਰਸ਼ੀ ਢੰਗ ਨਾਲ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦਾ ਅੰਕੜਾ ਪਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਭ ਦੇ ਉਲਟ ਕੇਂਦਰ ਸਰਕਾਰ ਅਜਿਹੀਆਂ ਸ਼ਰਤਾਂ ਨਾਲ ਯੋਜਨਾਵਾਂ ਪੇਸ਼ ਕਰ ਰਹੀ ਹੈ, ਜੋ ਆਮ ਆਦਮੀ ਲਈ ਕੋਈ ਬਹੁਤੀਆਂ ਅਨੁਕੂਲ ਨਹੀਂ।

ਆਪਣੀ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾਸ਼ੁਰੂ ਕੀਤੀ ਹੈ, ਜੋ ਰਾਜ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪੰਜਾਬੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪਹਿਲਾਂ ਇਹ ਸੀਮਾ 5 ਲੱਖ ਰੁਪਏ ਸੀ, ਜਿਸ ਨੂੰ ਹੁਣ ਦੁੱਗਣਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਣਾਈ ਗਈ ਇਸ ਯੋਜਨਾ ਦਾ ਲਾਭ ਲਗਭਗ 65 ਲੱਖ ਪਰਿਵਾਰਾਂ ਨੂੰ ਮਿਲੇਗਾ।

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਕਿਹਾ ਹਰ ਇੱਕ ਨਾਗਰਿਕ ਲਈ ਸਿਹਤ ਸੰਭਾਲ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਖ਼ਾਤਰ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਮੁਫ਼ਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੁਲਾਈ 2022 ਤੋਂ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਸ ਸਭ ਦੇ ਬਾਵਜੂਦ ਵੀ ਵਿਰੋਧੀ ਧਿਰ ਸਰਕਾਰ ਦੇ ਕੰਮਾਂ ਨੂੰ ਸਲਾਹੁਣ ਦੀ ਥਾਂ ਨੁਕਸ ਕੱਢਣ ਵਿੱਚ ਰੁੱਝੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮਹਾਨ ਖਿਡਾਰੀਆਂ, ਜਰਨੈਲਾਂ, ਪਰਉਪਕਾਰੀ ਲੋਕਾਂ ਅਤੇ ਹੋਰਨਾਂ ਜਾਣੀਆਂ-ਮਾਣੀਆਂ ਸ਼ਖ਼ਸੀਅਤਾਂ, ਜਿਨ੍ਹਾਂ ਨੇ ਆਪਣੇ ਖੂਨ-ਪਸੀਨੇ ਨਾਲ ਦੇਸ਼ ਦੀ ਸੇਵਾ ਕੀਤੀ, ਤੋਂ ਅਮੀਰ ਵਿਰਾਸਤ ਮਿਲੀ ਹੈ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲੋਕ-ਪੱਖੀ ਅਤੇ ਵਿਕਾਸ-ਮੁਖੀ ਪਹਿਲਕਦਮੀਆਂ ਰਾਹੀਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਅਤੇ ਇਸਨੂੰ ਸਮੱਸਿਆ ਨੂੰ ਜੜ੍ਹੋਂ ਮਿਟਾਉਣ ਲਈ ਅਸੀਂ ਇਸ ਤੇ ਧਿਆਨ ਕੇਂਦਰਿਤ ਕਰ ਰਹੇ ਹਾਂ।

ਪਾਰਦਰਸ਼ੀ ਭਰਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਇੱਕ ਸੁਚਾਰੂ ਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਤੁਰੰਤ ਭਰਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲਗਭਗ 64,000 ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ, ਜੋ  ਕਿ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਕਿਉਂਕਿ ਇਹ ਸਾਰੀਆਂ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ਤੇ ਦਿੱਤੀਆਂ ਗਈਆਂ ਹਨ।

ਇਸ ਮੌਕੇ ਨੂੰ ਯਾਦਗਾਰੀ ਪਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਨੌਜਵਾਨ ਹੁਣ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਰਿਕਾਰਡ 63,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਨੂੰ ਪਰ੍ਹੇ ਰੱਖਦਿਆਂ ਸਾਰੀਆਂ ਨਿਯੁਕਤੀਆਂ ਮੈਰਿਟ ਆਧਾਰ ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਇੱਕ ਪ੍ਰਗਤੀਸ਼ੀਲ ਸੂਬਾ ਬਣਾਉਣ ਲਈ ਦ੍ਰਿੜ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ, ਬੁਨਿਆਦੀ ਢਾਂਚਾ ਅਤੇ ਕਾਨੂੰਨ ਵਿਵਸਥਾ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸੂਬੇ ਅਤੇ ਇਸ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਫਰਜ਼ਾਂ ਨੂੰ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਂਦਿਆਂ ਆਪਣੀ ਕਲਮ ਦੀ ਵਰਤੋਂ ਪੂਰੀ ਸਮਝਦਾਰੀ ਨਾਲ ਲੋਕਾਂ ਦੀ ਸੇਵਾ ਲਈ ਕਰਨ।

ਇਸ ਦੌਰਾਨ ਨਵ-ਨਿਯੁਕਤ ਉਮੀਦਵਾਰਾਂ ਵਿੱਚੋਂ ਆਪਣਾ ਤਜਰਬਾ ਸਾਂਝਾ ਕਰਦਿਆਂ  ਰੂਪਨਗਰ ਤੋਂ ਨਵ-ਨਿਯੁਕਤ ਡਾ. ਪੂਜਾ ਨੇ ਕਿਹਾ ਕਿ ਉਸ ਲਈ ਸੂਬਾ ਸਰਕਾਰ ਦਾ ਹਿੱਸਾ ਬਣਨਾ ਇੱਕ ਮਾਣ ਵਾਲੀ ਗੱਲ ਹੈ। ਮੁਕਤਸਰ ਸਾਹਿਬ ਤੋਂ ਜਸਨਪ੍ਰੀਤ ਕੌਰ ਨੇ ਭਰਤੀ ਮੁਹਿੰਮ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਖੁਦ ਨੂੰ ਸਾਬਤ ਕਰਨ ਦੇ ਵਿਸ਼ਾਲ ਮੌਕੇ ਪ੍ਰਦਾਨ ਕੀਤੇ ਹਨ।

ਅੰਮ੍ਰਿਤਸਰ ਤੋਂ ਡਾ. ਦਮਨਪ੍ਰੀਤ ਕੌਰ ਨੇ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਦਾ ਸਾਰਾ ਸਿਹਰਾ ਸੂਬਾ ਸਰਕਾਰ ਨੂੰ ਜਾਂਦਾ ਹੈ। ਉਸਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਵੱਲੋਂ  ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਉਸਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ਤੇ ਕੀਤੀ ਗਈ ਹੈ, ਜਿਸ ਨਾਲ ਯੋਗ ਨੌਜਵਾਨਾਂ ਨੂੰ ਖੁਦ ਨੂੰ ਸਾਬਤ ਕਰਨ ਦੇ ਨਿਰਪੱਖ ਮੌਕੇ ਮਿਲੇ ਹਨ।

ਮੋਗਾ ਤੋਂ ਵੈਟਰਨਰੀ ਅਫ਼ਸਰ ਡਾ. ਕਮਲਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਪਸ਼ੂ ਪਾਲਣ ਵਿਭਾਗ ਅਤੇ ਕਿਸਾਨਾਂ ਦਰਮਿਆਨ ਪਾੜੇ ਨੂੰ ਪੂਰ ਰਹੀ ਹੈ। ਉਸਨੇ ਕਿਹਾ ਕਿ ਮੈਨੂੰ ਇਹ ਨੌਕਰੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ਤੇ ਇੱਕ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਮਿਲੀ ਹੈ। ਉਸਨੇ ਕਿਹਾ ਕਿ ਜਦੋਂ ਨਿਰਪੱਖ ਮੌਕੇ ਮਿਲਣ ਤਾਂ ਸਖ਼ਤ ਮਿਹਨਤ ਰੰਗ ਜ਼ਰੂਰ ਲਿਆਉਂਦੀ ਹੈ। ਸਹਿਕਾਰੀ ਇੰਸਪੈਕਟਰ ਜਸਪ੍ਰੀਤ ਕੌਰ ਨੇ ਕਿਹਾ ਕਿ ਉਸਨੇ ਆਪਣੀ ਦੂਜੀ ਸਰਕਾਰੀ ਨੌਕਰੀ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਪ੍ਰਾਪਤ ਕੀਤੀ ਹੈ। ਉਸਨੇ ਪੂਰੀ ਲਗਨ ਨਾਲ ਆਪਣੇ ਫਰਜ਼ ਨੂੰ ਨਿਭਾਉਣ ਵਾਅਦਾ ਕੀਤਾ।

ਡਾ. ਮੁਕੇਸ਼ ਨੇ ਕਿਹਾ ਕਿ ਇਹ ਉਸਦੀ ਤੀਜੀ ਸਰਕਾਰੀ ਨੌਕਰੀ ਹੈ। ਉਸਨੇ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸਨੇ ਪ੍ਰੀਖਿਆ ਤੋਂ ਬਾਅਦ ਕਦੇ ਆਪਣੀ ਈਮੇਲ ਵੀ ਚੈੱਕ ਨਹੀਂ ਕੀਤੀ। ਉਸਨੇ ਅੱਗੇ ਕਿਹਾ ਕਿ ਮੇਰੀ ਮਾਂ ਦੀ ਮੌਤ ਸਹੀ ਇਲਾਜ ਦੀ ਘਾਟ ਕਾਰਨ ਹੋਈ ਅਤੇ ਮੈਂ ਇਹ ਨੌਕਰੀ ਉਨ੍ਹਾਂ ਨੂੰ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਨੂੰ ਸਮਰਪਿਤ ਕਰਦਾ ਹਾਂ। ਅੰਮ੍ਰਿਤਸਰ ਤੋਂ ਸਟਾਫ਼ ਨਰਸ ਤਮੰਨਾ ਨੇ ਕਿਹਾ ਕਿ ਇਹ ਨਿਯੁਕਤੀ ਉਸਦੇ ਅਤੇ ਉਸਦੇ ਪਰਿਵਾਰ ਲਈ ਇੱਕ ਸੁਪਨਾ ਸਾਕਾਰ ਹੋਣ ਵਾਂਗ ਹੈ। ਉਸਨੇ ਇੱਕ ਸੁਤੰਤਰ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਮੌਜੂਦ ਸਨ।

Written By
The Punjab Wire