ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ
ਪੰਜਾਬ ਸਰਕਾਰ ਜੇਲ੍ਹਾਂ ਨੂੰ ਨਸ਼ਾ ਮੁਕਤ ਰੱਖਣ ਲਈ ਵਚਨਬੱਧ-ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ / ਪਟਿਆਲਾ, 31 ਜਨਵਰੀ 2025 (ਦੀ ਪੰਜਾਬ ਵਾਇਰ)– ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹਾਂ ਵਿੱਚ ਚੱਲ ਰਹੇ ਕਾਰਜਾਂ ਅਤੇ ਕੈਦੀਆਂ ਦੀ ਭਲਾਈ ਦਾ ਜਾਇਜ਼ਾ ਲਿਆ।

ਕੇਂਦਰੀ ਜੇਲ੍ਹ ਪਟਿਆਲਾ ਵਿਖੇ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਫੈਕਟਰੀ ਦਾ ਦੌਰਾ ਕਰਦਿਆਂ ਬੰਦੀਆਂ ਲਈ ਚਲਾਏ ਜਾ ਰਹੇ ਲੰਬੇ ਸਮੇਂ ਦੇ ਆਈ.ਟੀ.ਆਈ. ਕੋਰਸਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਉਨ੍ਹਾਂ ਨੇ ਵਰਕਸ਼ਾਪ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਅੰਡਰਟਰਾਇਲ ਕੈਦੀਆਂ ਨਾਲ ਸਿਖਲਾਈ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ।
ਦੌਰੇ ਦੌਰਾਨ, ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਰਸੋਈ ਅਤੇ ਭੋਜਨ ਸਹੂਲਤਾਂ, ਮੁਫ਼ਤ ਕਾਨੂੰਨੀ ਸਹਾਇਤਾ, ਇਲਾਜ ਅਤੇ ਮੈਡੀਕਲ ਸਹੂਲਤਾਂ ਦਾ ਵੀ ਨਿਰੀਖਣ ਕੀਤਾ, ਕੈਦੀਆਂ ਨਾਲ ਉਨ੍ਹਾਂ ਦੀਆਂ ਰਹਿਣ-ਸਹਿਣ ਦੀਆਂ ਸਥਿਤੀਆਂ ਬਾਰੇ ਗੱਲਬਾਤ ਕਰਦਿਆਂ ਜੇਲ੍ਹ ਅਧਿਕਾਰੀਆਂ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਮੁੱਚੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ। ਜੇਲ੍ਹ ਮੰਤਰੀ ਨੇ ਸਹੂਲਤਾਂ ਅਤੇ ਭਲਾਈ ਉਪਾਵਾਂ ਦੀ ਸਮੀਖਿਆ ਕਰਨ ਲਈ ਜੇਲ੍ਹ ਵਿੱਚ ਮਹਿਲਾ ਵਾਰਡ ਦਾ ਵੀ ਦੌਰਾ ਕੀਤਾ।
ਲਾਲਜੀਤ ਸਿੰਘ ਭੁੱਲਰ ਨੇ ਕੈਦੀਆਂ ਨੂੰ ਭਵਿੱਖ ਵਿੱਚ ਕਿਸੇ ਵੀ ਗਲਤ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਬਚਣ ਦੀ ਸਲਾਹ ਦਿੰਦਿਆਂ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਦੀ ਬਿਹਤਰ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੈਦੀਆਂ ਵਿੱਚ ਸਕਾਰਾਤਮਕ ਕਦਰਾਂ-ਕੀਮਤਾਂ ਪੈਦਾ ਕਰਨ ਲਈ ਲਗਾਤਾਰ ਕੰਮ ਕਰਦੇ ਹੋਏ, ਪੰਜਾਬ ਦੀਆਂ ਜੇਲ੍ਹਾਂ ਨੂੰ ਨਸ਼ਿਆਂ ਤੋਂ ਮੁਕਤ ਰੱਖਣ ਲਈ ਵਚਨਬੱਧ ਹੈ।
ਜੇਲ੍ਹ ਮੰਤਰੀ ਨੇ ਅਨੁਸ਼ਾਸਨ ਬਣਾਈ ਰੱਖਣ ਅਤੇ ਸੁਧਾਰਵਾਦੀ ਪਹਿਲਕਦਮੀਆਂ ਨੂੰ ਬਿਹਤਰ ਬਣਾਉਣ ਲਈ ਜੇਲ੍ਹ ਪ੍ਰਸ਼ਾਸਨ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਵਾਪਸੀ ਦੌਰਾਨ ਜੇਲ੍ਹ ਮੰਤਰੀ ਨੇ ਮੁਲਾਕਾਤ ਖੇਤਰ ਵਿੱਚ ਕੈਦੀਆਂ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕੀਤੀ ਅਤੇ ਮੁਲਾਕਾਤ ਪ੍ਰਕਿਰਿਆ ਬਾਰੇ ਮੁਲਾਕਾਤੀਆਂ ਤੋਂ ਫੀਡਬੈਕ ਵੀ ਹਾਸਲ ਕੀਤੀ।
ਕੇਂਦਰੀ ਜੇਲ੍ਹ ਦੇ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਅਤੇ ਨਾਭਾ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਜੇਲ੍ਹ ਮੰਤਰੀ ਨੂੰ ਪ੍ਰਸ਼ਾਸਨਿਕ ਉਪਾਵਾਂ, ਸੁਰੱਖਿਆ ਪ੍ਰੋਟੋਕੋਲ ਅਤੇ ਜੇਲ੍ਹ ਸੁਰੱਖਿਆ ਨੂੰ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।
ਇਸ ਦੌਰਾਨ ਵਧੀਕ ਸੁਪਰਡੈਂਟ ਅਰਪਨਜੋਤ ਸਿੰਘ ਰਹਿਲ, ਡਿਪਟੀ ਸੁਪਰਡੈਂਟ (ਫੈਕਟਰੀ) ਜੈਦੀਪ ਸਿੰਘ ਅਤੇ ਹੋਰ ਜੇਲ੍ਹ ਅਧਿਕਾਰੀ ਵੀ ਮੌਜੂਦ ਸਨ।