ਆਸ਼ਾ ਵਰਕਰਾਂ ਨੂੰ ‘ਸੇਲਜ਼ ਗਰਲਜ਼’ ਵਜੋਂ ਤਾਇਨਾਤ ਕਰਨ ਦੇ ਫੈਸਲੇ ‘ਤੇ ਭੜਕੀ ਯੂਨੀਅਨ; ਬਾਈਕਾਟ ਦਾ ਐਲਾਨ
ਗੁਰਦਾਸਪੁਰ, 10ਫਰਵਰੀ 2026 (ਮੰਨਨ ਸੈਣੀ)— ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਪੁਰਾਣੇ ਬੱਸ ਸਟੈਂਡ ਵਿਖੇ ਲਗਾਏ ਗਏ ਮੇਲੇ ਵਿੱਚ ਆਸ਼ਾ ਵਰਕਰਾਂ ਦੀ ਡਿਊਟੀ ਲਗਾਉਣ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਸਿਹਤ ਵਿਭਾਗ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਨੂੰ ‘ਤੁਗਲਕੀ ਫਰਮਾਨ’ ਦੱਸਦਿਆਂ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰਜ਼ ਯੂਨੀਅਨ ਨੇ ਮੇਲੇ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਮਕਾਜੀ ਔਰਤਾਂ ਦੁਆਰਾ ਤਿਆਰ ਵਸਤੂਆਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਲਈ ਇੱਕ ਵਿਸ਼ੇਸ਼ ਮੇਲਾ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਸੀਨੀਅਰ ਮੈਡੀਕਲ ਅਫਸਰ (SMO) ਬਹਿਰਾਮਪੁਰ ਵੱਲੋਂ ਇੱਕ ਸੂਚੀ ਜਾਰੀ ਕਰਦਿਆਂ ਵੱਖ-ਵੱਖ ਪਿੰਡਾਂ ਦੀਆਂ ਆਸ਼ਾ ਵਰਕਰਾਂ ਨੂੰ ਮੇਲੇ ਦੇ ਪੰਡਾਲਾਂ ‘ਤੇ ਵਿਕਰੀ ਸਹਾਇਕ (ਪਰਚੇਜ਼ ਗਰਲਜ਼) ਵਜੋਂ ਤਾਇਨਾਤ ਕੀਤਾ ਗਿਆ। ਯੂਨੀਅਨ ਦਾ ਦੋਸ਼ ਹੈ ਕਿ ਸਿਹਤ ਕਰਮਚਾਰੀਆਂ ਨੂੰ ਵਪਾਰਕ ਗਤੀਵਿਧੀਆਂ ਵਿੱਚ ਧੱਕਣਾ ਸਰਾਸਰ ਗਲਤ ਹੈ।
ਯੂਨੀਅਨ ਆਗੂਆਂ ਬਲਵਿੰਦਰ ਕੌਰ ਅਲੀ ਸ਼ੇਰ ਅਤੇ ਗੁਰਵਿੰਦਰ ਕੌਰ ਬਹਿਰਾਮਪੁਰ ਨੇ ਸਿਹਤ ਵਿਭਾਗ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਆਸ਼ਾ ਵਰਕਰਾਂ ਦੀ ਨਿਯੁਕਤੀ ਪਿੰਡਾਂ ਅਤੇ ਸ਼ਹਿਰਾਂ ਵਿੱਚ 42 ਕਿਸਮਾਂ ਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ, “ਸਾਡਾ ਕੰਮ ਲੋਕਾਂ ਨੂੰ ਸਿਹਤ ਸੇਵਾਵਾਂ ਦੇਣਾ ਹੈ, ਨਾ ਕਿ ਦੁਕਾਨਾਂ ਉੱਤੇ ਖੜ੍ਹ ਕੇ ਸੇਲ-ਪਰਚੇਜ਼ ਕਰਨਾ। ਪ੍ਰਸ਼ਾਸਨ ਆਸ਼ਾ ਵਰਕਰਾਂ ਨੂੰ ਮਜ਼ਦੂਰ ਸਮਝ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਿਹਾ ਹੈ।”
ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਨੂੰ ਮਹਿਜ਼ 2500 ਰੁਪਏ ਮਾਸਿਕ ਮਾਣ-ਭੱਤਾ ਦਿੱਤਾ ਜਾਂਦਾ ਹੈ, ਜੋ ਕਿ ਅਕਸਰ ਕਈ-ਕਈ ਮਹੀਨੇ ਦੇਰੀ ਨਾਲ ਮਿਲਦਾ ਹੈ। ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਦੀ ਕਨਵੀਨਰ ਮੈਡਮ ਬਲਵਿੰਦਰ ਕੌਰ ਰਾਵਲਪਿੰਡੀ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਔਰਤ ਮੁਲਾਜ਼ਮਾਂ ਨੂੰ ਇਸ ਤਰ੍ਹਾਂ ਮਾਨਸਿਕ ਅਤੇ ਸਰੀਰਕ ਤੌਰ ‘ਤੇ ਪ੍ਰੇਸ਼ਾਨ ਕਰਨ ਵਾਲੀਆਂ ਨੀਤੀਆਂ ਬੰਦ ਨਾ ਕੀਤੀਆਂ ਗਈਆਂ, ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿਢਿਆ ਜਾਵੇਗਾ।
ਫਿਲਹਾਲ ਯੂਨੀਅਨ ਨੇ ਸਮੁੱਚੀਆਂ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੇਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਡਿਊਟੀ ਨਾ ਦੇਣ ਅਤੇ ਪ੍ਰਸ਼ਾਸਨ ਦੇ ਇਨ੍ਹਾਂ ਹੁਕਮਾਂ ਦਾ ਵਿਰੋਧ ਕਰਨ। ਇਸ ਬਾਈਕਾਟ ਕਾਰਨ ਮੇਲੇ ਦੇ ਪ੍ਰਬੰਧਾਂ ਵਿੱਚ ਦਿੱਕਤ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।