ਗੁਰਦਾਸਪੁਰ

ਪੰਜਾਬ ਸਰਕਾਰ ਵੱਲੋਂ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਵੱਡਾ ਮੰਚ ਮੁਹੱਈਆ ਕਰਵਾਇਆ-ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਪੰਜਾਬ ਸਰਕਾਰ ਵੱਲੋਂ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਵੱਡਾ ਮੰਚ ਮੁਹੱਈਆ ਕਰਵਾਇਆ-ਵਿਧਾਇਕ ਗੁਰਦੀਪ ਸਿੰਘ ਰੰਧਾਵਾ
  • PublishedFebruary 13, 2026

ਮੇਲੇ ਵਿੱਚ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਚੇਅਰਮੈਨ ਜੋਬਨ ਰੰਧਾਵਾ ਸਮੇਤ ਵੱਖ-ਵੱਖ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ

‘ਪੰਜਾਬ ਸਖੀ ਸ਼ਕਤੀ ਮੇਲਾ-2026’ ਸਫਲਤਾਪੂਰਵਕ ਸੰਪੰਨ

ਗੁਰਦਾਸਪੁਰ, 13 ਫਰਵਰੀ 2026 (ਮੰਨਨ ਸੈਣੀ)— ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਗੁਰਦਾਸਪੁਰ ਵੱਲੋਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਦੇ ਸਾਂਝੇ ਉਪਰਾਲੇ ਤਹਿਤ 10 ਤੋਂ 13 ਫਰਵਰੀ ਤੱਕ ਚੱਲਣ ਵਾਲਾ “ਪੰਜਾਬ ਸਖੀ ਸ਼ਕਤੀ ਮੇਲਾ–2026” ਵਿੱਚ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ।

ਸਮਾਪਤੀ ਸਮਾਰੋਹ ਵਿੱਚ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਅਤੇ ਜੋਬਨ ਰੰਧਾਵਾ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ ਵਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣਾ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਵੱਡਾ ਮੰਚ ਪ੍ਰਦਾਨ ਕਰਨ ਲਈ ਸਫਲ ਉਪਰਾਲਾ ਕੀਤਾ ਗਿਆ ਹੈ।

ਉਨ੍ਹਾਂ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਆਪਣੀ ਮਿਹਨਤ ਅਤੇ ਦਿ੍ਰੜ ਇਰਾਦੇ ਨਾਲ ਸਾਰੀਆਂ ਲਈ ਮਿਸਾਲ ਹਨ ਕਿ ਕਿਵੇਂ ਉਨ੍ਹਾਂ ਨੇ ਮਿਹਨਤ ਤੇ ਲਗਨ ਨਾਲ ਆਪਣੇ ਆਪ ਨੂੰ ਆਤਮਨਿਰਭਰ ਬਣਾਇਆ ਹੈ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਯਤਨਾਂ ਦੀ ਸਰਹਾਨਾ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਗੁਰਦਾਸਪੁਰ ਵਿੱਚ ਕਰੀਬ 4800 ਸਵੈ ਸਹਾਇਤਾ ਗਰੁੱਪ ਕੰਮ ਕਰ ਰਹੇ ਹਨ, ਜਿਸ ‘ਤੇ ਸਾਨੂੰ ਪੂਰਾ ਮਾਣ ਹੈ।

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਵਿਸ਼ੇਸ਼ ਉੱਦਮ ਕੀਤੇ ਗਏ ਹਨ ਅਤੇ ਔਰਤਾਂ ਨੂੰ ਅੱਗੇ ਵਧਣ ਲਈ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਚੇਅਰਮੈਨ ਜੋਬਨ ਰੰਧਾਵਾ ਵਲੋਂ ਮੇਲੇ ਵਿੱਚ ਘਰੇਲੂ ਸਮੱਗਰੀ ਸਮਾਨ, ਹੱਥੀ ਬਣਾਏ ਘਰੇਲੂ ਸਾਜੋ ਸਮਾਨ ਅਤੇ ਆਰਗੈਨਿਕ ਉਤਪਾਦ, ਆਚਾਰ, ਮੁਰੱਬੇ ਅਤੇ ਜੈਮ ਸਟਾਲ, ਮਹਿੰਦੀ, ਪਰਫਿਊਮ, ਕੈਂਡਲ ਸਟਾਲ, ਆਦਿ ਉਤਪਾਦਾਂ ਦੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਪੰਜਾਬ ਸਖੀ ਸ਼ਕਤੀ ਮੇਲਾ ਲਗਾਇਆ ਗਿਆ ਸੀ, ਜਿਸ ਵਿੱਚ ਗੁਰਦਾਸਪੁਰ ਵਾਸੀਆਂ ਵਲੋਂ ਮੇਲੇ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਖਰੀਦਦਾਰੀ ਕਰਕੇ ਔਰਤਾਂ ਦਾ ਹੌਸਲਾ ਹੋਰ ਮਜ਼ਬੂਤ ਕੀਤਾ ਹੈ।

ਇਸ ਮੌਕੇ ਸਵੈ ਸਹਾਇਤਾ ਗਰੁੱਪ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸੂਫੀ ਗਾਇਕ ਸੁਭਾਸ਼ ਸੂਫੀ, ਸਰਕਾਰੀ ਕਾਲਜ ਗੁਰਦਾਸਪੁਰ ਅਤੇ ਐੱਸ ਐੱਸ ਐਮ ਕਾਲਜ ਦੀਨਾਨਗਰ ਦੇ ਵਿਦਿਆਰਥੀ ਵਲੋਂ ਖੂਬਸੂਰਤ ਪੇਸ਼ਕਾਰੀ ਦਿੱਤੀ ਗਈ। ਇਸ ਮੌਕੇ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ,ਐੱਸ.ਡੀ.ਓ ਕੰਵਰਜੀਤ ਰੱਤੜਾ, ਕਰਨਬੀਰ ਸਿੰਘ ਫੰਕਸ਼ਨਲ ਮੈਨੇਜਰ, ਅਮਰਪਾਲ ਸਿੰਘ ਇੰਚਾਰਜ ਸੈਲਫ ਹੈਲਪ ਗਰੁੱਪ, ਪ੍ਰੋਫੈਸਰ ਪ੍ਰਬੋਧ ਗਰੋਵਰ, ਦਮਨਜੀਤ ਸਿੰਘ, ਵਰਿੰਦਰ ਸਿੰਘ, ਸ਼ਿਵ ਕੁਮਾਰ ਅਤੇ ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

Written By
The Punjab Wire