ਪੰਜਾਬ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
  • PublishedFebruary 24, 2026

ਗ੍ਰਿਫ਼ਤਾਰ ਦੋਸ਼ੀਆਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਇਲਾਕੇ ਵਿੱਚ ਦੋ ਵਾਰ ਕੀਤੀ ਗੋਲੀਬਾਰੀ: ਡੀਜੀਪੀ ਗੌਰਵ ਯਾਦਵ

ਮਾਮਲੇ ਦੀ ਅਗਲੇਰੀ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ

ਚੰਡੀਗੜ੍ਹ/ਜਲੰਧਰ, 24 ਫਰਵਰੀ 2026 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਸਮਰਥਤ ਇੱਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ  ਇੱਕ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਅੱਠ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਦੋਵੇਂ ਵਾਸੀ ਪਿੰਡ ਕੁਲਮ, ਐਸਬੀਐਸ ਨਗਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ – ਗੋਪੀ ਨਵਾਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ – ਜੋ ਬੀਕੇਆਈ ਨਾਲ ਜੁੜੇ ਹੋਏ ਹਨ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਮੁਤਾਬਕ, ਮੁਲਜ਼ਮਾਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਖੇਤਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ ‘ਤੇ ਦੋ ਵਾਰ ਗੋਲੀਬਾਰੀ ਕੀਤੀ ਸੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੀਆਈ ਜਲੰਧਰ ਦੀਆਂ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ ਤੋਂ ਜਲੰਧਰ ਦੇ ਸੁਰਾਨੱਸੀ ਵਿਖੇ ਲਿਧੜਾਂ ਅੰਡਰਬ੍ਰਿਜ ਨੇੜਿਓਂ ਬੀਕੇਆਈ ਨਾਲ ਜੁੜੇ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 11, ਮਿਤੀ 23.02.2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61 (2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਬੀ) (ਏ) ਤਹਿਤ ਦਰਜ ਕੀਤੀ ਗਈ ਹੈ।

Written By
The Punjab Wire