ਗੁਰਦਾਸਪੁਰ

ਹਲਕਾ ਇੰਚਾਰਜ ਰਮਨ ਬਹਿਲ ਨੇ ਸਿਵਲ ਹਸਪਤਾਲ ਬੱਬਰੀ ਵਿਖੇ ਜ਼ਖ਼ਮੀ ਪੁਲਿਸ ਜਵਾਨਾਂ ਦਾ ਜਾਣਿਆ ਹਾਲ

ਹਲਕਾ ਇੰਚਾਰਜ ਰਮਨ ਬਹਿਲ ਨੇ ਸਿਵਲ ਹਸਪਤਾਲ ਬੱਬਰੀ ਵਿਖੇ ਜ਼ਖ਼ਮੀ ਪੁਲਿਸ ਜਵਾਨਾਂ ਦਾ ਜਾਣਿਆ ਹਾਲ
  • PublishedFebruary 25, 2026

ਜਲਦ ਸਿਹਤਯਾਬੀ ਲਈ ਕੀਤੀ ਅਰਦਾਸ

ਗੁਰਦਾਸਪੁਰ, 25 ਜਨਵਰੀ (ਮੰਨਨ ਸੈਣੀ)– ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਅੱਜ ਸਿਵਲ ਹਸਪਤਾਲ ਬੱਬਰੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨਾਲ ਹੋਈ ਮੁਠਭੇੜ ਦੌਰਾਨ ਜ਼ਖ਼ਮੀ ਹੋਏ ਪੁਲਿਸ ਜਵਾਨਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਜਲਦ ਠੀਕ ਹੋਣ ਲਈ ਅਰਦਾਸ ਕੀਤੀ। ਇਸ ਮੌਕੇ ਡਾਕਟਰਾਂ ਦੀ ਟੀਮ ਵੀ ਮੌਜੂਦ ਰਹੀ।

ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਦੋਰਾਂਗਲਾ ਨੇੜੇ ਪਿੰਡ ਆਦੀਆਂ ਵਿਖੇ ਵਾਪਰੀ ਮੰਦਭਾਗੀ ਘਟਨਾ ਵਿੱਚ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਸ਼ਹੀਦ ਹੋ ਗਏ ਸਨ ਅਤੇ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਕੇ 72 ਘੰਟਿਆਂ ਦੇ ਅੰਦਰ ਦੋਸ਼ੀਆਂ ਦਾ ਪਤਾ ਲਗਾ ਲਿਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਪੰਜਾਬ ਪੁਲਿਸ ਫੋਰਸ ਤੇ ਮਾਣ ਹੈ, ਜੋ ਲੋਕਾਂ ਦੀ ਸੁਰੱਖਿਆ ਲਈ ਦਿਨ-ਰਾਤ ਤਤਪਰ ਰਹਿੰਦੀ ਹੈ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਪੁਲਿਸ ਅਤੇ ਸਮਾਜ ਵਿਰੋਧੀ ਅਨਸਰਾਂ ਵਿਚਕਾਰ ਹੋਈ ਮੁਠਭੇੜ ਦੌਰਾਨ ਸੀ.ਆਈ.ਏ. ਇੰਚਾਰਜ ਗੁਰਮੀਤ ਸਿੰਘ ਅਤੇ ਕੁਝ ਪੁਲਿਸ ਜਵਾਨ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀ ਹੋਣ ਦੇ ਬਾਵਜੂਦ ਪੁਲਿਸ ਜਵਾਨਾਂ ਨੇ ਬਹਾਦਰੀ ਦਿਖਾਉਂਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਨੇ ਹਮੇਸ਼ਾ ਸੂਬੇ ਤੇ ਦੇਸ਼ ਦੀ ਖਾਤਰ ਕੁਰਬਾਨੀਆਂ ਦਿੱਤੀਆਂ ਹਨ ਅਤੇ ਅਮਨ-ਸ਼ਾਂਤੀ ਬਣਾਏ ਰੱਖਣ ਲਈ ਹਮੇਸ਼ਾ ਸ਼ਾਨਦਾਰ ਡਿਊਟੀ ਨਿਭਾਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਸ਼ਹੀਦ ਪਰਿਵਾਰਾਂ ਨੂੰ 1-1 ਕਰੋੜ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਹ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਸ਼ਾਮਲ ਹਨ।

Written By
The Punjab Wire