ਚੰਡੀਗੜ੍ਹ, 1 ਮਾਰਚ 2026 (ਦੀ ਪੰਜਾਬ ਵਾਇਰ)– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ।
ਮੌਜੂਦਾ ਹਾਲਾਤਾਂ ਕਰਕੇ ਕਈ ਭਾਰਤੀ ਨਾਗਰਿਕਾਂ ਦੇ ਮੁਸ਼ਕਲ ‘ਚ ਫਸੇ ਹੋਣ ਦੀਆਂ ਦੀਆਂ ਰਿਪੋਰਟਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਸੁਰੱਖਿਅਤ ਅਤੇ ਸਨਮਾਨਜਨਕ ਢੰਗ ਨਾਲ ਉਨ੍ਹਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਇਸ ਮਸਲੇ ਨੂੰ ਵੱਧ ਤੋਂ ਵੱਧ ਤਰਜੀਹ ਦੇਵੇ।
ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਸਲੇ ਵਿੱਚ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਕਿਰਾ ਕਿ ਉਹ ਸਬੰਧਤ ਮੰਤਰਾਲਿਆਂ ਅਤੇ ਅਥਾਰਟੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਕਿ ਸਾਰੇ ਪ੍ਰਭਾਵਿਤ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਸਮੇਤ ਫੌਰੀ ਆਧਾਰ ‘ਤੇ ਲੋੜੀਂਦੀਆਂ ਕੂਟਨੀਤਕ ਅਤੇ ਪ੍ਰਸ਼ਾਸਕੀ ਕਾਰਵਾਈਆਂ ਕੀਤੀਆਂ ਜਾਣ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਅਜਿਹੇ ਸੰਕਟਕਾਲੀ ਹਾਲਾਤਾਂ ਸਮੇਂ ਇਹ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਜ਼ਰੂਰੀ ਹੋ ਜਾਂਦੀ ਹੈ ਕਿ ਕੋਈ ਵੀ ਭਾਰਤੀ ਨਾਗਰਿਕ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਹਰੇਕ ਭਾਰਤੀ ਨਾਗਰਿਕ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਕੇਂਦਰ ਸਰਕਾਰ ਦੀ ਤਰਜੀਹੀ ਜ਼ਿੰਮੇਵਾਰੀ ਹੈ।