ਗੁਰਦਾਸਪੁਰ, 6 ਮਾਰਚ 2026 (ਮੰਨਣ ਸੈਣੀ)। ਗੁਰਦਾਸਪੁਰ ਜ਼ਿਲ੍ਹੇ ਦੇ ਦੋਰਾਂਗਲਾ ਥਾਣਾ ਖੇਤਰ ਅਧੀਨ ਆਦੀਆਂ ਪੁਲਿਸ ਚੈੱਕ ਪੋਸਟ ਉੱਤੇ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲਿਸ ਦੀ ਜਾਂਚ ਲਗਾਤਾਰ ਅੱਗੇ ਵਧ ਰਹੀ ਹੈ। ਇਸ ਮਾਮਲੇ ਵਿੱਚ ਪਹਿਲਾਂ ਤੋਂ ਗ੍ਰਿਫ਼ਤਾਰ ਮੁਲਜ਼ਮ ਇੰਦਰਜੀਤ ਸਿੰਘ ਦੇ ਭਰਾ ਸਵਰਨ ਸਿੰਘ ਨੂੰ ਵੀ ਹੁਣ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੁਲਿਸ ਅਨੁਸਾਰ ਜਾਂਚ ਦੌਰਾਨ ਉਸ ਵਿਰੁੱਧ ਵੀ ਅਹਿਮ ਸਬੂਤ ਸਾਹਮਣੇ ਆਏ, ਜਿਸ ਦੇ ਆਧਾਰ ਉੱਤੇ ਉਸਨੂੰ ਇਸ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ ਇੰਦਰਜੀਤ ਸਿੰਘ ਉੱਤੇ ਪਹਿਲਾਂ ਤੋਂ ਹੀ ਇਸ ਕਤਲਕਾਂਡ ਦੇ ਮੁਲਜ਼ਮਾਂ ਨੂੰ ਪਨਾਹ ਦੇਣ ਅਤੇ ਉਹਨਾਂ ਦੀ ਮਦਦ ਕਰਨ ਦੇ ਦੋਸ਼ ਹਨ। ਇਸੇ ਜਾਂਚ ਦੌਰਾਨ ਸਾਹਮਣੇ ਆਇਆ ਕਿ ਉਸਦੇ ਭਰਾ ਸਵਰਨ ਸਿੰਘ ਦੀ ਵੀ ਇਸ ਮਾਮਲੇ ਵਿੱਚ ਭੂਮਿਕਾ ਹੋ ਸਕਦੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਉਸਨੂੰ ਗ੍ਰਿਫ਼ਤਾਰ ਕਰ ਲਿਆ।
ਸ਼ੁੱਕਰਵਾਰ ਨੂੰ ਪੁਲਿਸ ਨੇ ਪਹਿਲਾਂ ਤੋਂ ਗ੍ਰਿਫ਼ਤਾਰ ਇੰਦਰਜੀਤ ਸਿੰਘ ਅਤੇ ਦਿਲਾਵਰ ਸਿੰਘ ਦੇ ਨਾਲ ਸਵਰਨ ਸਿੰਘ ਨੂੰ ਵੀ ਕੜੀ ਸੁਰੱਖਿਆ ਵਿੱਚ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਵਿੱਚ ਸਰਕਾਰੀ ਪੱਖ ਵੱਲੋਂ ਕਿਹਾ ਗਿਆ ਕਿ ਮਾਮਲਾ ਬੇਹੱਦ ਗੰਭੀਰ ਹੈ ਅਤੇ ਅਜੇ ਕਈ ਅਹਿਮ ਪੱਖਾਂ ਦੀ ਜਾਂਚ ਬਾਕੀ ਹੈ, ਇਸ ਲਈ ਮੁਲਜ਼ਮਾਂ ਤੋਂ ਡੂੰਘੀ ਪੁੱਛਗਿੱਛ ਲਈ ਪੁਲਿਸ ਰਿਮਾਂਡ ਜ਼ਰੂਰੀ ਹੈ। ਦੋਵਾਂ ਪੱਖਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਤਿੰਨੇ ਮੁਲਜ਼ਮਾਂ ਨੂੰ ਛੇ-ਛੇ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜਣ ਦੇ ਹੁਕਮ ਦਿੱਤੇ। ਹੁਣ ਪੁਲਿਸ ਇਹਨਾਂ ਤੋਂ ਪੁੱਛਗਿੱਛ ਕਰਕੇ ਕਤਲਕਾਂਡ ਨਾਲ ਜੁੜੇ ਹੋਰ ਪੱਖਾਂ ਦੀ ਜਾਣਕਾਰੀ ਜੁਟਾਉਣ ਦੀ ਕੋਸ਼ਿਸ਼ ਕਰੇਗੀ।
ਯੂਏਪੀਏ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ
ਜ਼ਿਕਰਯੋਗ ਹੈ ਕਿ ਗੁਰਦਾਸਪੁਰ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਜ਼ਮਾਂ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ-ਨਾਲ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਵੀ ਲਗਾਈਆਂ ਹਨ।
ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਰਣਜੀਤ ਸਿੰਘ ਨੂੰ 25 ਫਰਵਰੀ ਨੂੰ ਇੱਕ ਮੁਠਭੇੜ ਵਿੱਚ ਮਾਰ ਮੁਕਾਉਣ ਦਾ ਦਾਅਵਾ ਕੀਤਾ ਸੀ। ਹਾਲਾਂਕਿ ਰਣਜੀਤ ਸਿੰਘ ਦੇ ਪਰਿਵਾਰ ਨੇ ਪੁਲਿਸ ਦੇ ਇਸ ਦਾਅਵੇ ਨੂੰ ਚੁਣੌਤੀ ਦਿੰਦਿਆਂ ਮੁਠਭੇੜ ਨੂੰ ਝੂਠਾ ਦੱਸਿਆ ਹੈ ਅਤੇ ਦੇਹ ਦਾ ਅੰਤਿਮ ਸੰਸਕਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ।
ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਚੁੱਕਾ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਤਲਬ ਕਰਦਿਆਂ ਸੁਣਵਾਈ ਲਈ 17 ਮਾਰਚ ਦੀ ਤਾਰੀਖ਼ ਤੈਅ ਕੀਤੀ ਹੈ।