ਐਡਵੋਕੇਟ ਪਾਹੜਾ ਨੇ ਸ਼ਹਿਰ ਦੀ ਗੋਲਡਨ ਕਾਲਜ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ
ਗੁਰਦਾਸਪੁਰ, 9 ਮਾਰਚ 2026 (ਮੰਨਣ ਸੈਣੀ)। ਨਗਰ ਕੌਂਸਲ ਗੁਰਦਾਸਪੁਰ ਵੱਲੋਂ ਸ਼ਹਿਰ ਦੇ ਵਿਕਾਸ ਨੂੰ ਗਤੀ ਦੇਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਤੇਜ਼ੀ ਬਣਾਈ ਰੱਖਣ ਲਈ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਖੁਦ ਮੌਕੇ ‘ਤੇ ਜਾ ਕੇ ਕੰਮ ਦਾ ਜਾਇਜ਼ਾ ਲੈ ਰਹੇ ਹਨ। ਇਸੇ ਕੜੀ ਵਿੱਚ ਅੱਜ ਪ੍ਰਧਾਨ ਐਡਵੋਕੇਟ ਪਾਹੜਾ ਨੇ ਸ਼ਹਿਰ ਦੀ ਗੋਲਡਨ ਕਾਲਜ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ।
ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਇਸ ਸੜਕ ਦੀ ਹਾਲਤ ਬਹੁਤ ਮਾੜੀ ਬਣੀ ਹੋਈ ਸੀ, ਜਿਸ ਕਾਰਨ ਆਵਾਜਾਈ ਵਿੱਚ ਮੁਸ਼ਕਲਾਂ ਆ ਰਹੀਆਂ ਸਨ। ਸਥਾਨਕ ਵਾਸੀਆਂ ਅਤੇ ਕਾਲਜ ਜਾਣ ਵਾਲੇ ਵਿਦਿਆਰਥੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਹੁਣ ਇਸ ਮਾਰਗ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਯਤਨ ਹੈ ਕਿ ਸ਼ਹਿਰ ਦੇ ਹਿੱਸੇ ਵਿੱਚ ਆਉਣ ਵਾਲੀ ਹਰ ਛੋਟੀ-ਵੱਡੀ ਸਮੱਸਿਆ ਦਾ ਹੱਲ ਕੀਤਾ ਜਾਵੇ।
ਪ੍ਰਧਾਨ ਪਾਹੜਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਪਏ ਵਿਕਾਸ ਕਾਰਜਾਂ ਨੂੰ ਵੀ ਜਲਦੀ ਤੋਂ ਜਲਦੀ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਨਗਰ ਕੌਂਸਲ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਵਿੱਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਂ ਸੀਮਾ ਦੇ ਅੰਦਰ ਕੰਮ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਸਥਾਨਕ ਵਾਸੀਆਂ ਨੇ ਨਗਰ ਕੌਂਸਲ ਪ੍ਰਧਾਨ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।