ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ
ਜੇਕਰ ਵਿਰੋਧੀਆਂ ਨੂੰ ਗੁਰਬਤ ਬਾਰੇ ਪਤਾ ਹੁੰਦਾ ਤਾਂ ਔਰਤ ਨੂੰ 1000 ਰੁਪਏ ਦੇਣ ਦੀ ਮੁਖਾਲਫ਼ਤ ਨਾ ਕਰਦੇ-ਭਗਵੰਤ ਸਿੰਘ ਮਾਨ
ਵਿਰੋਧੀਆਂ ਨੂੰ ਪਤਾ ਹੈ ਕਿ ਸਾਲ 2027 ਵਿੱਚ ਵੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਵੇਗੀ, ਇਸ ਲਈ ਬਜਟ ਵਿੱਚ ਚਰਚਾ ਤੋਂ ਗੈਰ-ਹਾਜ਼ਰ ਰਹੇ-ਭਗਵੰਤ ਸਿੰਘ ਮਾਨ
ਚੰਡੀਗੜ੍ਹ, 11 ਮਾਰਚ 2026 ( ਦੀ ਪੰਜਾਬ ਵਾਇਰ)-+ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬ ‘ਚ ਧੱਕਣ ਵਾਲੀਆਂ ਪਾਰਟੀਆਂ ਹੁਣ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਆਮ ਪਰਿਵਾਰਾਂ ਦੇ ਸਸ਼ਕਤੀਕਰਨ ਤੋਂ ਬੁਖਲਾਈਆਂ ਹੋਈਆਂ ਹਨ।ਪੰਜਾਬ ਸਰਕਾਰ ਦੇ ਪੰਜਵੇਂ ਸਾਲਾਨਾ ਬਜਟ ਨੂੰ “ਸ਼ਹੀਦਾਂ ਦੇ ਸੁਪਨਿਆਂ ਦਾ ਬਜਟ” ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਜਟ ਦਾ ਉਦੇਸ਼ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੀਆਂ ਸਾਰੀਆਂ ਚੋਣ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਅਤੇ ਉਹ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਏਜੰਡਾ ਤਿਆਰ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਪਹਿਲਾਂ ਤੋਂ ਹੀ ਇਹ ਜਾਣਦੀ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 2027 ਵਿੱਚ ਮੁੜ ਸੱਤਾ ‘ਚ ਆਵੇਗੀ, ਇਸ ਲਈ ਵਿਰੋਧੀ ਧਿਰ ਨੇ ਲੋਕਾਂ ਦੇ ਸਾਹਮਣੇ ਸੱਚਾਈ ਦਾ ਸਾਹਮਣਾ ਕਰਨ ਦੀ ਥਾਂ ਬਹਿਸ ਤੋਂ ਭੱਜਣਾ ਚੁਣਿਆ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਬਜਟ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਚਾਰ ਸਾਲਾਂ ਵਿੱਚ ਸਾਰੀਆਂ ਚੋਣ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਰਵਾਇਤੀ ਪਾਰਟੀਆਂ ਦੇ ਚੋਣ ਮੈਨੀਫੈਸਟੋ ਖਾਨਾਪੂਰਤੀ ਹੁੰਦੇ ਸਨ। ਅਸੀਂ ਲੋਕਾਂ ਦੇ ਸਹਿਯੋਗ ਨਾਲ ਸਾਲ 2027 ਵਿੱਚ ਏਸੇ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਾਂਗੇ। ਪਹਿਲੀ ਵਾਰ ਕਿਸੇ ਸਰਕਾਰ ਨੇ ਆਪਣੇ ਬਜਟ ਨੂੰ ਪਵਿੱਤਰ ਦਸਤਾਵੇਜ਼ ਸਮਝਦੇ ਹੋਏ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕੀਤਾ ਹੈ।”ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿੱਚ ਉਨ੍ਹਾਂ ਲੋਕਾਂ ਨੂੰ ਸਹੂਲਤਾਂ ਦੇਣ ਦੀ ਗੱਲ ਕੀਤੀ ਗਈ ਹੈ, ਜਿਨ੍ਹਾਂ ਲੋਕਾਂ ਦੀ ਤਰੱਕੀ ਵਿੱਚ ਹਮੇਸ਼ਾ ਆਰਥਿਕ ਕਮਜ਼ੋਰੀ ਰੁਕਾਵਟ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ 97 ਫੀਸਦੀ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਦੇਣ, 40 ਲੱਖ ਪਰਿਵਾਰਾਂ ਨੂੰ ਮੇਰੀ ਰਸੋਈ ਯੋਜਨਾ ਤਹਿਤ ਮੁਫਤ ਰਾਸ਼ਨ ਦੇਣ, 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਔਰਤਾਂ ਨੂੰ 1000-1500 ਰੁਪਏ ਦੇਣ ਦਾ ਐਲਾਨ ਕੀਤਾ ਹੈ, ਵਿਰੋਧੀ ਪਾਰਟੀਆਂ ਘਬਰਾਈਆਂ ਹੋਈਆਂ ਹਨ ਜਿਸ ਕਰਕੇ ਉਹ ਸਦਨ ਦਾ ਬਾਈਕਾਟ ਕਰਕੇ ਭੱਜ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਬਜਟ ਗਲੀਆਂ-ਨਾਲੀਆਂ ਪੱਕੀਆਂ ਕਰਨ ਤੱਕ ਸੀਮਿਤ ਹੁੰਦੇ ਸਨ ਪਰ ਅਸੀਂ ਆਪਣੇ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਦੇਣ, ਮਿਆਰੀ ਸਿਹਤ ਸਹੂਲਤਾਂ ਦੇਣ ਅਤੇ ਮੈਡੀਕਲ ਕਾਲਜ ਬਣਾਉਣ ਦੇ ਪ੍ਰਸਤਾਵ ਰੱਖੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਦੇਣ ਅਤੇ ਨੌਜਵਾਨਾਂ ਨੂੰ ਇੱਥੇ ਰਹਿ ਕੇ ਡਾਕਟਰ ਬਣਨ ਦਾ ਸੁਪਨਾ ਸਾਕਾਰ ਕਰਨ ਲਈ ਸੂਬੇ ਵਿੱਚ 7 ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਾਲਜ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਬਣਨਗੇ ਅਤੇ ਇਨ੍ਹਾਂ ਕਾਲਜਾਂ ਦੇ ਬਣਨ ਨਾਲ ਐਮ.ਬੀ.ਬੀ.ਐਸ. ਦੀਆਂ 600 ਸੀਟਾਂ ਵਧ ਜਾਣਗੀਆਂ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕਾਂ ਵਿੱਚ 5 ਕਰੋੜ ਓ.ਪੀ.ਡੀ. ਐਂਟਰੀ ਦਰਜ ਕੀਤੀ ਹੈ ਜੋ ਸਿਹਤ ਸੇਵਾਵਾਂ ਵਿੱਚ ਲੋਕਾਂ ਦਾ ਭਰੋਸਾ ਜ਼ਾਹਰ ਕਰਦਾ ਹੈ।‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਧਨਾਢ ਆਗੂਆਂ ਵੱਲੋਂ ਜਾਣਬੁੱਝ ਕੇ ਗਰੀਬ ਲੋਕਾਂ ਨੂੰ ਬੇਇੱਜ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਗਰੀਬਾਂ ਦੀ ਭਲਾਈ ਲਈ ਕਦੇ ਵੀ ਕੋਈ ਕੰਮ ਨਹੀਂ ਕੀਤਾ ਜਿਸ ਕਰਕੇ ਅੱਜ ਵੀ ਬਹੁਤ ਪਰਿਵਾਰ ਗੁਰਬਤ ਦੀ ਜ਼ਿੰਦਗੀ ਹੰਢਾ ਰਹੇ ਹਨ ਜਿਨ੍ਹਾਂ ਨੂੰ ਦੋ ਡੰਗ ਦੀ ਰੋਟੀ ਦਾ ਬੰਦੋਬਸਤ ਕਰਨਾ ਔਖਾ ਹੋ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਗਰੀਬ ਲੋਕਾਂ ਦੀ ਆਰਥਿਕ ਆਜ਼ਾਦੀ ਤੋਂ ਤਕਲੀਫ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੀਡਰ ਆਪਣੇ ਬੱਚਿਆਂ ਨੂੰ ਪਹਾੜਾਂ ਦੇ ਕਾਨਵੈਂਟ ਸਕੂਲਾਂ ਤੋਂ ਪੜ੍ਹਾਉਂਦੇ ਹਨ ਪਰ ਗਰੀਬ ਲੋਕਾਂ ਨੂੰ ਅਨਪੜ੍ਹ ਰੱਖਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਤਾਂ ਪੱਛੜੇ ਪਰਿਵਾਰਾਂ ਦੇ ਬੱਚੇ ਜੇ.ਈ.ਈ., ਜੇ.ਈ.ਈ. ਮੇਨਜ਼ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਰਸੋਈ ਸਕੀਮ 40 ਲੱਖ ਪਰਿਵਾਰਾਂ ਖਾਸ ਕਰਕੇ ਉਨ੍ਹਾਂ ਦੇ ਬੱਚਿਆਂ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਏਗੀ। ਇਸ ਸਕੀਮ ਹੇਠ ਪਰਿਵਾਰ ਨੂੰ ਦੋ ਕਿਲੋ ਖੰਡ, ਦੋ ਕਿਲੋ ਦਾਲ, ਇਕ ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ ਇਕ ਕਿਲੋ ਲੂਣ ਦੀ ਕਿੱਟ ਮਿਲੇਗੀ। ਪੰਜਾਬ ਪੁਲਿਸ ਵਿੱਚ 10,000 ਅਸਾਮੀ ਸਿਰਜਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਅਤੇ ਪੰਜਾਬ ਪੁਲਿਸ ਦੇ ਹੱਥ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁਣ ਤੱਕ ਲਗਪਗ 64000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਨ ਚੰਦ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਬਣ ਕੇ ਤਿਆਰ ਹੋ ਚੁੱਕਾ ਅਤੇ ਇਸ ਸਾਲ ਤੋਂ ਸੰਸਥਾ ਵਿੱਚ ਦਾਖਲੇ ਸ਼ੁਰੂ ਹੋਣਗੇ। ਇਸ ਨਾਲ ਸਾਡੇ ਨੌਜਵਾਨਾਂ ਨੂੰ ਫੌਜ ਵਿੱਚ ਸੇਵਾ ਨਿਭਾਉਣ ਦਾ ਮੌਕਾ ਮਿਲੇਗਾ। ਸੂਬੇ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੇ ਪੰਜਾਬ ਲਈ ਖੁਸ਼ਖਬਰੀ ਹੈ ਕਿ ਰਾਜ ਸਭਾ ਵਿੱਚ ਪੇਸ਼ ਕੀਤੇ ਸੈਂਟਰਲ ਗਰਾਊਂਡ ਵਾਟਰ ਬੋਰਡ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਮਾਪਣ ਲਈ ਬਣੇ ਖੂਹਾਂ ਵਿੱਚੋਂ 57 ਫ਼ੀਸਦ ਵਿੱਚ ਪਾਣੀ ਦਾ ਪੱਧਰ ਵਧਿਆ ਹੈ। ਇਹ ਵਾਧਾ 0 ਤੋਂ 4 ਮੀਟਰ ਤੱਕ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾ ਰਹੀ ਹੈ ਜੋ ਸਹੀ ਮਾਅਨਿਆਂ ਵਿੱਚ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ਉਤੇ ਮਨਾਇਆ ਜਾ ਰਿਹਾ ਹੈ ਜਿਸ ਲਈ ਬਜਟ ਵਿੱਚ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਦੇ ਹਰ ਫੈਸਲੇ ਵਿੱਚ ਨੁਕਸ ਕੱਢਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਕਹਿੰਦੇ ਸਨ ਕਿ ਮੁਫਤ ਬਿਜਲੀ ਨਹੀਂ ਦਿੱਤੀ ਜਾ ਸਕਦੀ, ਅਸੀਂ ਇਸ ਵਾਅਦੇ ਨੂੰ ਲਾਗੂ ਕਰਕੇ ਦਿਖਾਇਆ। ਫੇਰ ਕਹਿੰਦੇ ਕਿ ਭਗਵੰਤ ਸਿੰਘ ਮਾਨ ਇਕ ਸਾਲ ਲਈ ਵੀ ਮੁੱਖ ਮੰਤਰੀ ਨਹੀਂ ਰਹੇਗਾ, ਮੈਂ ਚਾਰ ਸਾਲਾਂ ਤੋਂ ਮੁੱਖ ਮੰਤਰੀ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਵਿਰੋਧੀਆਂ ਨੂੰ ਦੱਸ ਦੇਣਾ ਚਾਹੁੰਦੇ ਕਿ ਸਾਲ 2027 ਵਿੱਚ ਵੀ ਉਹੀ ਮੁੱਖ ਮੰਤਰੀ ਬਣਨਗੇ।ਪੰਜਾਬ ਦੇ ਮਸਲਿਆਂ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬੇ ਪੰਜਾਬ ਨੂੰ ਵੱਡਾ ਭਰਾ ਬਣਾ ਕੇ ਸਾਡੇ ਕੀਮਤੀ ਸਰੋਤਾਂ ਤੇ ਡਾਕਾ ਮਾਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਦੇ ਹਿਮਾਚਲ ਵੱਡਾ ਭਰਾ ਕਹਿ ਕੇ ਚੰਡੀਗੜ੍ਹ ਵਿੱਚੋਂ ਹਿੱਸਾ ਮੰਗਦਾ ਹੈ, ਪਾਣੀ ਤੇ ਰਾਇਲਟੀ ਮੰਗਦਾ ਹੈ ਅਤੇ ਕਦੇ ਹਰਿਆਣਾ ਐਸ.ਵਾਈ.ਐਲ. ਨਹਿਰ ਦੀ ਮੰਗ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸਟੈਂਡ ਕਾਰਨ ਪਹਿਲੀ ਵਾਰ ਹਰਿਆਣਾ ਨੇ ਆਪਣੇ ਬਜਟ ਵਿੱਚ ਐਸ.ਵਾਈ.ਐਲ ਨਹਿਰ ਦੀ ਉਸਾਰੀ ਲਈ ਫੰਡ ਨਹੀਂ ਰੱਖੇ।ਸਦਨ ਵਿੱਚ ਵਿਰੋਧੀ ਧਿਰ ਦੀ ਗੈਰ-ਹਾਜ਼ਰੀ ’ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਪਣੇ ਇਲਾਕੇ ਦੇ ਲੋਕਾਂ ਦੇ ਮਸਲੇ ਚੁੱਕਣ ਲਈ ਕਦੇ ਵੀ ਗੰਭੀਰ ਨਹੀਂ ਹੋਏ ਅਤੇ ਸਾਲ 2027 ਵਿੱਚ ਸਿਆਸੀ ਨਕਸ਼ੇ ਤੋਂ ਵੀ ਗੈਰ-ਹਾਜ਼ਰ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਟੋਧਾੜ ਦਾ ਸ਼ਿਕਾਰ ਹੈ ਜੋ ਕਦੇ ਵੀ ਸੱਤਾ ਵਿੱਚ ਨਹੀਂ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਾਲਤ ਏਨੀ ਮਾੜੀ ਹੋ ਚੁੱਕੀ ਹੈ ਕਿ ਇਸ ਦੀ ਸਾਰੀ ਹਾਈਕਮਾਂਡ ਇਕ ਇਨੋਵਾ ਵਿੱਚ ਸਵਾਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕਲੇਸ਼ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਤੋਂ ਬਿਨਾਂ ਲੜਨਾ ਚਾਹੁੰਦੇ ਹਨ। ਅਕਾਲੀ ਦਲ ਨੂੰ ਪੰਜਾਬ ਦੀ ਨਸਲਕੁਸ਼ੀ ਲਈ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਗੈਂਗਸਟਰ ਬਣਨ ਦੇ ਰਾਹ ਤੋਰਿਆ ਜਿਸ ਨਾਲ ਸਾਡੀਆਂ ਪੀੜ੍ਹੀਆਂ ਬਰਬਾਦ ਹੋ ਗਈਆਂ। ਉਨ੍ਹਾਂ ਕਿਹਾ ਕਿ ਜ਼ੋਮੈਟੋ ਕੰਪਨੀ ਤਾਂ ਬਾਅਦ ਵਿੱਚ ਬਣੀ ਹੈ, ਅਕਾਲੀ ਸਰਕਾਰ ਮੌਕੇ ਸਰਕਾਰੀ ਗੱਡੀਆਂ ਵਿੱਚ ਨਸ਼ਾ ਸਪਲਾਈ ਹੁੰਦਾ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਤੀਜੇ ਸਥਾਨ ਉਤੇ ਰਹਿਣ ਵਾਲੇ ਅਕਾਲੀ ਸੂਬੇ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੇ ਹਨ ਜੋ ਕਦੇ ਵੀ ਪੂਰਾ ਨਹੀਂ ਹੋਣੇ।