ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ
  • PublishedMarch 13, 2026

22 ਮਾਰਚ ਨੂੰ ਮਾਹਿਲਪੁਰ ‘ਚ ਹੋਵੇਗੀ ਰਾਸ਼ਟਰੀ ਪੱਧਰ ਦੀ ਦੌੜ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ

ਚੰਡੀਗੜ੍ਹ, 13 ਮਾਰਚ 2026 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿਹਤਮੰਦ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਇੱਕ ਵੱਡਾ ਕਦਮ ਹੈ। ਇਸ ਮੌਕੇ ਮੌਜੂਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਅਤੇ ਸੂਬੇ ਨੂੰ ਮੁੜ ਹੱਸਦਾ-ਖੇਡਦਾ ਤੇ ਰੰਗਲਾ ਬਣਾਉਣ ਦੇ ਮਕਸਦ ਨਾਲ 22 ਮਾਰਚ 2026 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਪ੍ਰਸਿੱਧ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇਹ ਵਿਸ਼ਾਲ ਮੈਰਾਥਨ ਕਰਵਾਈ ਜਾ ਰਹੀ ਹੈ।

ਡਿਪਟੀ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਮੱਥਾ ਟੇਕਣ ਉਪਰੰਤ ਕੀਤਾ ਸੀ ਅਤੇ ਇੱਥੇ ਹਰ ਸਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਂਦਾ ਹੈ। ਇਸੇ ਸਤਿਕਾਰ ਤਹਿਤ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਕੀਤੀ ਜਾ ਰਹੀ ਹੈ।

ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇੱਕ ਸਿਹਤਮੰਦ ਅਤੇ ਮਜ਼ਬੂਤ ਦੇਸ਼ ਦਾ ਸੁਪਨਾ ਦੇਖਿਆ ਸੀ, ਜਿਸ ਵਿੱਚ ਹਰ ਨੌਜਵਾਨ ਦੇਸ਼ ਦੀ ਸੇਵਾ ਲਈ ਸਮਰਪਿਤ ਹੋਵੇ। ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਖ਼ਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਇਸ ਤਰ੍ਹਾਂ ਦੀਆਂ ਮੁਹਿੰਮਾਂ ਰਾਹੀਂ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਵੀ ਮਜ਼ਬੂਤ ਹੋਵੇਗਾ।

ਸ. ਰੋੜੀ ਨੇ ਮੈਰਾਥਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੈਸ਼ਨਲ ਮੈਰਾਥਨ ਵਿੱਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਕੈਟਾਗਰੀਆਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀ ਭਾਗ ਲੈ ਸਕਣਗੇ। ਜੇਤੂਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਵੱਖ-ਵੱਖ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਭਰਪੂਰ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸਦੇ ਨਾਲ ਹੀ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਣ ਵਾਲੀਆਂ ਕਈ ਪ੍ਰਮੁੱਖ ਹਸਤੀਆਂ ਵੀ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੀਆਂ।

ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਮੈਰਾਥਨ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ।

Written By
The Punjab Wire