ਗੁਰਦਾਸਪੁਰ

ਕਾਂਗਰਸੀਆਂ ਨੇ ਡੀਐੱਮ ਗਗਨਦੀਪ ਸਿੰਘ ਰੰਧਾਵਾ ਨੂੰ ਕੈਡਲ ਮਾਰਚ ਕੱਢ ਦਿੱਤੀ ਸ਼ਰਧਾਂਜਲੀ

ਕਾਂਗਰਸੀਆਂ ਨੇ ਡੀਐੱਮ ਗਗਨਦੀਪ ਸਿੰਘ ਰੰਧਾਵਾ ਨੂੰ ਕੈਡਲ ਮਾਰਚ ਕੱਢ ਦਿੱਤੀ ਸ਼ਰਧਾਂਜਲੀ
  • PublishedMarch 24, 2026

ਵਿਧਾਇਕ ਪਾਹੜਾ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ

ਗੁਰਦਾਸਪੁਰ, 24 ਮਾਰਚ 2026 (ਮੰਨਣ ਸੈਣੀ)। ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਵੇਅਰਹਾਊਸ ਵਿੱਚ ਤਾਇਨਾਤ ਰਹੇ ਦਿਵੰਗਤ ਡੀਐੱਮ ਗਗਨਦੀਪ ਸਿੰਘ ਰੰਧਾਵਾ ਨੂੰ ਸ਼ਰਧਾਂਜਲੀ ਦੇਣ ਲਈ ਮੋਮਬੱਤੀ ਮਾਰਚ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਜ਼ਿਲ੍ਹਾ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਵਿੱਚ ਹੋਇਆ। ਕਾਂਗਰਸ ਭਵਨ ਤੋਂ ਸ਼ੁਰੂ ਹੋਇਆ ਕੈਂਡਲ ਮਾਰਚ ਹਨੂੰਮਾਨ ਚੌਕ ਪਹੁੰਚ ਕੇ ਸਮਾਪਤ ਹੋਇਆ, ਜਿੱਥੇ ਵਰਕਰਾਂ ਅਤੇ ਆਗੂਆਂ ਨੇ ਕੈਂਡਲ ਜਲਾ ਕੇ ਦਿਵੰਗਤ ਅਧਿਕਾਰੀ ਨੂੰ ਨਮਨ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਜਦੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਗੱਲ ਕੀਤੀ ਤਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪ ਸਮਰਪਣ ਕਰ ਦਿੱਤਾ। ਪਰ ਸਵਾਲ ਇਹ ਉੱਠਦਾ ਹੈ ਕਿ ਉਹ ਇੰਨੇ ਦਿਨ ਲੁਕਦੇ ਕਿਉਂ ਰਹੇ? ਉਨ੍ਹਾਂ ਕਿਹਾ ਕਿ ਇਹ ਘਟਨਾ ਕਈ ਸਵਾਲ ਖੜ੍ਹੇ ਕਰਦੀ ਹੈ ਅਤੇ ਇਸ ਲਈ ਉਨ੍ਹਾਂ ਦੀ ਸਪੱਸ਼ਟ ਮੰਗ ਹੈ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਤਾਂ ਜੋ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਹੋ ਸਕੇ ਅਤੇ ਤੱਥ ਸਾਹਮਣੇ ਆ ਸਕਣ।

ਵਿਧਾਇਕ ਪਾਹੜਾ ਨੇ ਕਿਹਾ ਕਿ ਦਿੱਲੀ ਦੇ ਨੁਮਾਇੰਦੇ ਪੰਜਾਬ ਵਿੱਚ ਸਰਕਾਰ ਚਲਾ ਰਹੇ ਹਨ ਅਤੇ ਸੂਬੇ ਦੇ ਅਧਿਕਾਰੀਆਂ ਉੱਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ। ਇਸ ਦਾ ਨਤੀਜਾ ਇਹ ਹੈ ਕਿ ਅਧਿਕਾਰੀ ਖ਼ੁਦਕੁਸ਼ੀ ਵਰਗੇ ਅਤਿਅੰਤ ਕਦਮ ਚੁੱਕਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦਿਵੰਗਤ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਨੂੰ ਇਨਸਾਫ਼ ਦਿਵਾਉਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।

ਵਿਧਾਇਕ ਨੇ ਪੀੜਤ ਪਰਿਵਾਰ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਰੱਬ ਗਗਨਦੀਪ ਰੰਧਾਵਾ ਦੀ ਆਤਮਾ ਨੂੰ ਸ਼ਾਂਤੀ ਦੇਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਵੱਖ-ਵੱਖ ਮੁੱਦਿਆਂ ਉੱਤੇ ਸਾਰੀਆਂ ਵਿਰੋਧੀ ਧਿਰਾਂ ਨੂੰ ਇੱਕਜੁੱਟ ਹੋਣਾ ਪਵੇਗਾ।

Written By
The Punjab Wire