ਗੁਰਦਾਸਪੁਰ

ਖੇਤੀਬਾੜੀ ਵਿਭਾਗ ਵੱਲੋਂ 10 ਅਪ੍ਰੈਲ ਨੂੰ ਬਟਾਲਾ ਵਿਖੇ ਲਗਾਇਆ ਜਾਵੇਗਾ ਜਿਲ੍ਹਾ ਪੱਧਰੀ ਕਿਸਾਨ ਮੇਲਾ

ਖੇਤੀਬਾੜੀ ਵਿਭਾਗ ਵੱਲੋਂ 10 ਅਪ੍ਰੈਲ ਨੂੰ ਬਟਾਲਾ ਵਿਖੇ ਲਗਾਇਆ ਜਾਵੇਗਾ ਜਿਲ੍ਹਾ ਪੱਧਰੀ ਕਿਸਾਨ ਮੇਲਾ
  • PublishedApril 9, 2026

ਗੁਰਦਾਸਪੁਰ , 9 ਅਪ੍ਰੈਲ 2026 (ਮੰਨਨ ਸੈਣੀ)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੱਲ 10 ਅਪ੍ਰੈਲ ਨੂੰ ਦਾਣਾ ਮੰਡੀ ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਫਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਮੁੱਖ ਫਸਲਾਂ ਦੀ ਉੱਚ ਪੈਦਾਵਾਰ ਲਈ ਸੁਧਰੇ ਬੀਜਾਂ ਦੀ ਚੋਣ, ਖਾਦਾਂ ਦੇ ਸੰਤੁਲਿਤ ਇਸਤੇਮਾਲ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਨਾਲ ਘੱਟ ਪਾਣੀ ਦੀ ਲੋੜ ਵਾਲੀਆਂ ਅਤੇ ਵੱਧ ਲਾਭਕਾਰੀ ਵੱਖ-ਵੱਖ ਫਸਲਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਸਵੇਰੇ 10:30 ਵਜੇ ਰਜਿਸਟ੍ਰੇਸ਼ਨ, 11:00 ਵਜੇ ਮੇਲੇ ਦਾ ਉਦਘਾਟਨ ਕੀਤਾ ਜਾਵੇਗਾ ਅਤੇ 11:00 ਤੋਂ 1:00 ਵਜੇ ਤੱਕ ਤਕਨੀਕੀ ਸੈਸ਼ਨ ਆਯੋਜਿਤ ਕੀਤਾ ਜਾਵੇਗਾ। ਮੇਲੇ ਵਿੱਚ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਆਧੁਨਿਕ ਖੇਤੀ ਤਕਨੀਕਾਂ ਅਤੇ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।

ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਕਿਸਾਨ ਮੇਲੇ ਵਿੱਚ ਸ਼ਮੂਲੀਅਤ ਕਰਕੇ ਵਿਗਿਆਨਕ ਖੇਤੀ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਫਸਲੀ ਵਿਭਿੰਨਤਾ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ।

Written By
The Punjab Wire