ਗ੍ਰੇਨੇਡ ਮਿਲਣ ਤੋਂ ਬਾਅਦ ਵਪਾਰੀਆਂ ਵਿੱਚ ਦਹਿਸ਼ਤ, ਗਸ਼ਤ ਵਧਾਉਣ ਦੀ ਮੰਗ
ਗੁਰਦਾਸਪੁਰ, 2 ਮਈ 2026 (ਮੰਨਨ ਸੈਣੀ)। ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਲੁੱਟਾਂ-ਖੋਹਾਂ, ਕਤਲਾਂ ਅਤੇ ਫਿਰੌਤੀਆਂ ਦੀਆਂ ਧਮਕੀਆਂ ਕਾਰਨ ਪੰਜਾਬ ਦਾ ਮਾਹੌਲ ਬੇਹੱਦ ਖਰਾਬ ਹੋ ਚੁੱਕਾ ਹੈ ਅਤੇ ਲੋਕ ਸਹਿਮ ਦੇ ਸਾਏ ਹੇਠ ਜ਼ਿੰਦਗੀ ਗੁਜ਼ਾਰ ਰਹੇ ਹਨ।
ਦਰਸ਼ਨ ਮਹਾਜਨ ਨੇ ਕਿਹਾ ਕਿ ਗਏ ਦਿਨੀਂ ਸ਼ਹਿਰ ਦੇ ਬਹੁਤ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਸਥਿਤ ਅਸ਼ੋਕਾ ਚਿਪਸ ਦੀ ਦੁਕਾਨ ਤੋਂ ਗ੍ਰੇਨੇਡ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਗਨੀਮਤ ਰਹੀ ਕਿ ਇਹ ਗ੍ਰੇਨੇਡ ਫਟਿਆ ਨਹੀਂ, ਨਹੀਂ ਤਾਂ ਭਾਰੀ ਜਾਨੀ ਨੁਕਸਾਨ ਹੋ ਸਕਦਾ ਸੀ।
ਉਨ੍ਹਾਂ ਕਿਹਾ ਕਿ ਵਪਾਰੀਆਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਧਮਕੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬਹੁਤ ਸਾਰੇ ਕਾਰੋਬਾਰੀ ਮਜਬੂਰੀਵੱਸ ਪ੍ਰਸ਼ਾਸਨ ਤੱਕ ਵੀ ਨਹੀਂ ਪਹੁੰਚ ਪਾਉਂਦੇ। ਕਈ ਵਪਾਰੀ ਆਪਣਾ ਕਾਰੋਬਾਰ ਬੰਦ ਕਰ ਦੂਜੇ ਸੂਬਿਆਂ ਵਿੱਚ ਚਲੇ ਗਏ ਹਨ ਅਤੇ ਬਹੁਤ ਸਾਰੇ ਪੰਜਾਬ ਛੱਡਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗ੍ਰਹਿ ਮੰਤਰੀ ਮੂਕ ਦਰਸ਼ਕ ਬਣੇ ਬੈਠੇ ਹਨ।
ਦਰਸ਼ਨ ਮਹਾਜਨ ਨੇ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੰਭੀਰਤਾ ਨਾਲ ਕਦਮ ਚੁੱਕੇ ਜਾਣ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਕਿ ਸ਼ਹਿਰ ਅਤੇ ਇਲਾਕੇ ਵਿੱਚ ਗਸ਼ਤ ਵਧਾ ਕੇ ਸ਼ੱਕੀ ਅਤੇ ਗੈਰ-ਸਮਾਜੀ ਅਨਸਰਾਂ ਦੀ ਸਖਤੀ ਨਾਲ ਜਾਂਚ ਕੀਤੀ ਜਾਵੇ, ਤਾਂ ਜੋ ਆਮ ਲੋਕ ਅਤੇ ਵਪਾਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ ਅਤੇ ਪੰਜਾਬ ਛੱਡਣ ਲਈ ਮਜਬੂਰ ਨਾ ਹੋਣ।