ਪਾਹੜਾ ਪਰਿਵਾਰ ਨੇ ਰਾਹੁਲ ਗਾਂਧੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ — 2027 ਚੋਣਾਂ ਵਿੱਚ ਗੁਰਦਾਸਪੁਰ ਦੀਆਂ ਸੱਤੇ ਸੀਟਾਂ ਜਿੱਤਣ ਦਾ ਭਰੋਸਾ ਦਿੱਤਾ
ਕਾਂਗੜਾ ਵਿੱਚ ਕਾਂਗਰਸ ਦੇ ਸੰਗਠਨ ਸ੍ਰਿਜਣ ਅਭਿਆਨ ਤਹਿਤ ਸਿਖਲਾਈ ਕੈਂਪ ਵਿੱਚ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕੀਤੀ ਸ਼ਿਰਕਤ
ਗੁਰਦਾਸਪੁਰ, 2 ਮਈ 2026 (ਮੰਨਨ ਸੈਣੀ)। ਕਾਂਗਰਸ ਪਾਰਟੀ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕਾਂਗੜਾ ਵਿੱਚ ਕਰਵਾਏ ਗਏ ਸਿਖਲਾਈ ਕੈਂਪ ਵਿੱਚ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਸ਼ਿਰਕਤ ਕੀਤੀ। ਕੈਂਪ ਵਿੱਚ ਕਾਂਗਰਸ ਦੇ ਸੂਬਾ ਪੱਧਰੀ ਜ਼ਿਲ੍ਹਾ ਪ੍ਰਧਾਨਾਂ ਨੂੰ ਸੰਬੋਧਨ ਕਰਨ ਲਈ ਰਾਹੁਲ ਗਾਂਧੀ ਖ਼ੁਦ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਵਿਧਾਇਕ ਪਾਹੜਾ ਨੇ ਆਪਣੇ ਸਮੁੱਚੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਪਾਹੜਾ ਨੇ ਗਾਂਧੀ ਨੂੰ ਭਰੋਸਾ ਦਿੱਤਾ ਕਿ 2022 ਵਾਂਗ 2027 ਵਿੱਚ ਵੀ ਕਾਂਗਰਸ ਜ਼ਿਲ੍ਹੇ ਵਿੱਚ ਵਧੀਆ ਪ੍ਰਦਰਸ਼ਨ ਕਰੇਗੀ — ਅਤੇ 2022 ਵਿੱਚ ਸੱਤ ਵਿੱਚੋਂ ਪੰਜ ਸੀਟਾਂ ਜਿੱਤਣ ਵਾਲੀ ਕਾਂਗਰਸ ਇਸ ਵਾਰ ਸੱਤੇ ਸੀਟਾਂ ‘ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਟੀਚੇ ਲਈ ਪੂਰੇ ਜ਼ਿਲ੍ਹੇ ਦੀ ਟੀਮ ਨਾਲ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਵਿਧਾਇਕ ਪਾਹੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਜ਼ਿਲ੍ਹੇ ਤੋਂ ਲੈ ਕੇ ਹਰ ਵਿਧਾਨ ਸਭਾ ਹਲਕੇ, ਬਲਾਕ ਅਤੇ ਪਿੰਡ ਪੱਧਰ ਤੱਕ ਵਰਕਰਾਂ ਨੂੰ ਇੱਕਜੁੱਟ ਕਰਨ ਵਿੱਚ ਜੁੱਟੀ ਹੈ। ਉਨ੍ਹਾਂ ਰਾਹੁਲ ਗਾਂਧੀ ਨੂੰ ਭਰੋਸਾ ਦਿੱਤਾ ਕਿ ਸਿਖਲਾਈ ਕੈਂਪ ਦੌਰਾਨ ਮਿਲੀ ਅਗਵਾਈ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਪਾਹੜਾ ਦੇ ਨਾਲ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਮਿਲਕਫੈੱਡ ਪੰਜਾਬ ਦੇ ਡਾਇਰੈਕਟਰ ਐਡਵੋਕੇਟ ਬਲਜੀਤ ਸਿੰਘ ਪਾਹੜਾ, ਕਿਰਨਪ੍ਰੀਤ ਸਿੰਘ ਪਾਹੜਾ ਅਤੇ ਜਗਬੀਰ ਸਿੰਘ ਪਾਹੜਾ ਵੀ ਹਾਜ਼ਰ ਸਨ।