ਗੁਰਦਾਸਪੁਰ

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਪਿੰਡ ਸਠਿਆਲੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਪਿੰਡ ਸਠਿਆਲੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ
  • PublishedMay 4, 2026

ਕਿਹਾ — ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਹਨ ਸਫਲ ਉਪਰਾਲੇ

ਕਾਹਨੂੰਵਾਨ/ਗੁਰਦਾਸਪੁਰ, 4 ਮਈ (ਮੰਨਨ ਸੈਣੀ)। ਕਾਦੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਅੱਜ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਪਿੰਡ ਸਠਿਆਲੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕਾਹਨੂੰਵਾਨ ਜਸਪਾਲ ਸਿੰਘ ਪੰਧੇਰ, ਚੇਅਰਮੈਨ ਹਰਪਾਲ ਸਿੰਘ ਕੰਗ, ਬੀਡੀਪੀਓ ਸੁਖਜੀਤ ਸਿੰਘ, ਸਰਪੰਚ ਸਤਨਾਮ ਸਿੰਘ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਅੱਗੇ ਲਿਜਾਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿੱਚ ਖੇਡ-ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਕਾਦੀਆਂ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕੀਤੇ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾ ਸਕੇ।

ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਕੌਮੀ ਪੱਧਰ ‘ਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ 8,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਯਤਨਾਂ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਸ ਖੇਡ ਮੈਦਾਨ ਦੀ ਉਸਾਰੀ ਨਾਲ ਪਿੰਡ ਸਠਿਆਲੀ ਅਤੇ ਨੇੜਲੇ ਪਿੰਡਾਂ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਦੇ ਹੋਰ ਮੌਕੇ ਮਿਲਣਗੇ ਅਤੇ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ੍ਹ ਸੰਕਲਪ ਹਨ।

Written By
The Punjab Wire