ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਵੱਲੋਂ ਕਿਸਾਨਾਂ ਨੂੰ ਅਪੀਲ
ਗੁਰਦਾਸਪੁਰ, 5 ਮਈ 2026 (ਮੰਨਨ ਸੈਣੀ)। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਰਹਿੰਦ-ਖੂੰਦ ਸਾੜਨ ਦੀ ਪ੍ਰਥਾ ਵਿਰੁੱਧ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨੋਡਲ ਅਧਿਕਾਰੀ ਤੈਨਾਤ ਕਰਕੇ ਨਿਗਰਾਨੀ ਢਾਂਚਾ ਮਜ਼ਬੂਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਕਿਸਾਨਾਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਖੇਤਾਂ ਵਿੱਚ ਅੱਗ ਨਾ ਲਾਉਣ। ਉਨ੍ਹਾਂ ਕਿਹਾ ਕਿ ਰਹਿੰਦ-ਖੂੰਦ ਸਾੜਨ ਨਾਲ ਉੱਠਣ ਵਾਲਾ ਧੂੰਆਂ ਹਵਾ ਪ੍ਰਦੂਸ਼ਣ ਵਧਾਉਂਦਾ ਹੈ ਅਤੇ ਮਨੁੱਖੀ ਸਿਹਤ ਲਈ ਗੰਭੀਰ ਖ਼ਤਰਾ ਬਣਦਾ ਹੈ। ਇਸ ਤੋਂ ਇਲਾਵਾ ਅੱਗ ਨਾਲ ਮਿੱਟੀ ਦੇ ਜ਼ਰੂਰੀ ਤੱਤ ਅਤੇ ਜੀਵਾਣੂ ਨਸ਼ਟ ਹੋ ਜਾਂਦੇ ਹਨ, ਉਪਜਾਊ ਸ਼ਕਤੀ ਘਟਦੀ ਹੈ ਅਤੇ ਲਾਹੇਵੰਦ ਕੀੜੇ-ਮਕੌੜੇ ਮਰ ਜਾਂਦੇ ਹਨ, ਜਿਸ ਨਾਲ ਕੁਦਰਤੀ ਸੰਤੁਲਨ ਵਿਗੜਦਾ ਹੈ।

ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਰਹਿੰਦ-ਖੂੰਦ ਦੇ ਸੁਚੱਜੇ ਪ੍ਰਬੰਧ ਲਈ ਸਬਸਿਡੀ, ਸਹੂਲਤਾਂ ਅਤੇ ਤਕਨੀਕੀ ਸਲਾਹ ਦਿੱਤੀ ਜਾ ਰਹੀ ਹੈ ਤਾਂ ਜੋ ਬਿਨਾਂ ਅੱਗ ਲਾਏ ਅਗਲੀ ਬੀਜਾਈ ਸਮੇਂ ਸਿਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਰਹਿੰਦ-ਖੂੰਦ ਨੂੰ ਖੇਤਾਂ ਵਿੱਚ ਹੀ ਸੁਚੱਜੇ ਢੰਗ ਨਾਲ ਸੰਭਾਲਿਆ ਜਾਵੇ ਤਾਂ ਮਿੱਟੀ ਦੀ ਤਾਕਤ ਵਧਦੀ ਹੈ ਅਤੇ ਖੇਤੀ ਖਰਚ ਵੀ ਘਟਦਾ ਹੈ।
ਡਾ. ਠਾਕੁਰ ਨੇ ਚੇਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਖੇਤਾਂ ਵਿੱਚ ਅੱਗ ਲਾਉਣ ‘ਤੇ ਰੋਕ ਕੇਵਲ ਕਾਨੂੰਨੀ ਜ਼ਰੂਰਤ ਨਹੀਂ, ਸਗੋਂ ਇਹ ਹਰ ਕਿਸਾਨ ਦੀ ਸਮਾਜਕ ਅਤੇ ਵਾਤਾਵਰਨੀ ਜ਼ਿੰਮੇਵਾਰੀ ਵੀ ਹੈ।