ਗੁਰਦਾਸਪੁਰ, 15 ਮਈ 2026 (ਮੰਨਨ ਸੈਣੀ)। ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਣਾ ਦੀਨਾਨਗਰ ਦੀ ਪੁਲਿਸ ਨੇ ਇਲਾਕੇ ਵਿੱਚ ਡਕੈਤੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਦੇ ਛੇ ਮੈਂਬਰਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਨਾਜਾਇਜ਼ ਹਥਿਆਰ ਅਤੇ ਵਾਰਦਾਤ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਵੀ ਬਰਾਮਦ ਕੀਤੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਮੁੱਖ ਦੋਸ਼ੀ ਯੂਸੁਫ਼ ਮਸੀਹ ਵਾਸੀ ਧਰਮ ਕੋਟ ਬੱਗਾ, ਬਟਾਲਾ ਸ਼ਾਮਲ ਹੈ। ਪੁਲਿਸ ਨੇ ਉਸਦੇ ਪੰਜ ਹੋਰ ਸਾਥੀਆਂ ਨੂੰ ਵੀ 14 ਮਈ 2026 ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਮੈਗਜ਼ੀਨ ਸਮੇਤ, ਇੱਕ ਦਾਤਰ, ਇੱਕ ਬੇਸਬਾਲ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਪ੍ਰਾਥਮਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗਿਰੋਹ ਕਿਸੇ ਵੱਡੀ ਡਕੈਤੀ ਦੀ ਯੋਜਨਾ ਤਿਆਰ ਕਰ ਰਿਹਾ ਸੀ, ਪਰ ਪੁਲਿਸ ਦੀ ਮੁਸਤੈਦੀ ਕਾਰਨ ਵੱਡੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਸਾਰੀ ਸਾਜ਼ਿਸ਼ ਨਾਕਾਮ ਕਰ ਦਿੱਤੀ ਗਈ।
ਇਸ ਸਬੰਧੀ ਥਾਣਾ ਦੀਨਾਨਗਰ ਵਿੱਚ ਬੀਐੱਨਐੱਸ ਅਤੇ 25/54/59 ਆਰਮਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।