ਚੰਡੀਗੜ੍ਹ, 28 ਮਈ 2026 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਹਿਮ ਸੰਗਠਨੀ ਫ਼ੈਸਲਾ ਕਰਦਿਆਂ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਿੱਖ ਚਿਹਰੇ ਨੂੰ ਪੰਜਾਬ ਭਾਜਪਾ ਦੀ ਅਗਵਾਈ ਸੌਂਪੀ ਗਈ ਹੈ।
ਕੇਵਲ ਸਿੰਘ ਢਿੱਲੋਂ ਚਾਰ ਸਾਲ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨੇੜਲਾ ਸਾਥੀ ਮੰਨਿਆ ਜਾਂਦਾ ਹੈ। ਉਨ੍ਹਾਂ ਦੇ ਨਾਂ ਦੀ ਪੈਰਵੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਕਰ ਰਹੇ ਸਨ, ਜੋ ਪੰਜਾਬ ਵਿੱਚ ਭਾਜਪਾ ਦੀ ਚੋਣ ਮੁਹਿੰਮ ਨੂੰ ਸਰਗਰਮੀ ਨਾਲ ਅੱਗੇ ਵਧਾ ਰਹੇ ਹਨ।
ਇਸ ਤੋਂ ਪਹਿਲਾਂ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਸਨ। ਲੋਕ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਅਸਤੀਫ਼ਾ ਦੇ ਦਿੱਤਾ ਸੀ, ਪਰ ਪਾਰਟੀ ਨੇ ਉਹ ਅਸਤੀਫ਼ਾ ਉਸ ਵੇਲੇ ਮਨਜ਼ੂਰ ਨਹੀਂ ਕੀਤਾ ਸੀ।
ਜਦੋਂ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪ੍ਰਧਾਨ ਐਲਾਨਿਆ ਗਿਆ, ਉਸ ਵੇਲੇ ਉਹ ਚੰਡੀਗੜ੍ਹ ਵਿੱਚ ਰਾਜਪਾਲ ਭਵਨ ਵਿਖੇ ਸਨ, ਜਿੱਥੇ ਉਹ ਭਾਜਪਾ ਆਗੂਆਂ ਦੇ ਇੱਕ ਵਫ਼ਦ ਨਾਲ ਚੋਣ ਕਮਿਸ਼ਨ ਦੀ ਮੁਲਾਕਾਤ ਲਈ ਗਏ ਹੋਏ ਸਨ।
ਨਵੇਂ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਕਮਲ ਦਾ ਫੁੱਲ ਖਿੜੇਗਾ ਅਤੇ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਸਾਰੀ ਭਾਜਪਾ ਇੱਕਜੁੱਟ ਹੈ ਅਤੇ ਮਿਲ-ਬੈਠ ਕੇ ਅੱਗੇ ਵਧਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ।
