Close

Recent Posts

ਕ੍ਰਾਇਮ ਪੰਜਾਬ ਮੁੱਖ ਖ਼ਬਰ

ਜ਼ਿਲ੍ਹਾ ਗੁਰਦਾਸਪੁਰ ਦੇ ਤਿੰਨ ਵਿਅਕਤੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਜਲੰਧਰ ਪੁਲਿਸ ਵੱਲੋਂ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ

ਜ਼ਿਲ੍ਹਾ ਗੁਰਦਾਸਪੁਰ ਦੇ ਤਿੰਨ ਵਿਅਕਤੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਜਲੰਧਰ ਪੁਲਿਸ ਵੱਲੋਂ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ
  • PublishedMay 29, 2026

ਭੈਣੀ ਪਸਵਾਲ ਦੇ ਧੁੱਸੀ ਬੰਨ੍ਹ ਨੇੜੇ ਛੁਪਾਏ ਹਥਿਆਰ ਵੀ ਫੜੇ; ਡੀਜੀਪੀ ਗੌਰਵ ਯਾਦਵ ਨੇ ਕਿਹਾ — ਨੈੱਟਵਰਕ ਦੇ ਸਾਰੇ ਤਾਰ ਜੋੜਨ ਲਈ ਜਾਂਚ ਜਾਰੀ

ਗੁਰਦਾਸਪੁਰ/ਜਲੰਧਰ, 29 ਮਈ (ਪੰਜਾਬ ਵਾਇਰ): ਗੁਰਦਾਸਪੁਰ ਜ਼ਿਲ੍ਹੇ ਦੇ ਤਿੰਨ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਜਲੰਧਰ ਕਮਿਸ਼ਨਰੇਟ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਤੋਂ ਪੰਜ .32 ਬੋਰ ਪਿਸਤੌਲ, ਨੌਂ ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੋਤ ਸਿੰਘ ਵਾਸੀ ਪਿੰਡ ਢੇਸੀਆਂ, ਸੰਦੀਪ ਸਿੰਘ ਵਾਸੀ ਪਿੰਡ ਜਾਗੋਵਾਲ ਅਤੇ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਭੈਣੀ ਪਸਵਾਲ ਵਜੋਂ ਹੋਈ ਹੈ — ਤਿੰਨੇ ਗੁਰਦਾਸਪੁਰ ਜ਼ਿਲ੍ਹੇ ਦੇ ਵਸਨੀਕ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਫ਼ ਹੋਇਆ ਹੈ ਕਿ ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਰਗਰਮ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦਾ ਮੁਕੰਮਲ ਖਾਤਮਾ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਪਹਿਲਾਂ ਮਨਜੋਤ ਸਿੰਘ ਨੂੰ ਜਲੰਧਰ ਬੱਸ ਸਟੈਂਡ ਨੇੜਿਓਂ ਇੱਕ ਪਿਸਤੌਲ ਸਮੇਤ ਕਾਬੂ ਕੀਤਾ ਗਿਆ। ਉਸ ਦੇ ਖੁਲਾਸੇ ਤੋਂ ਬਾਅਦ ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ਤੋਂ ਸੰਦੀਪ ਅਤੇ ਅਮਨਦੀਪ ਨੂੰ ਵੀ ਦਬੋਚ ਲਿਆ। ਅਮਨਦੀਪ ਦੇ ਖੁਲਾਸੇ ‘ਤੇ ਪਿੰਡ ਭੈਣੀ ਪਸਵਾਲ ਵਿਖੇ ਧੁੱਸੀ ਬੰਨ੍ਹ ਨੇੜੇ ਛੁਪਾਏ ਚਾਰ ਹੋਰ ਪਿਸਤੌਲ, ਅੱਠ ਮੈਗਜ਼ੀਨਾਂ ਅਤੇ 18 ਕਾਰਤੂਸ ਵੀ ਬਰਾਮਦ ਕੀਤੇ ਗਏ।

ਸੀਪੀ ਧਨਪ੍ਰੀਤ ਕੌਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਮਾਮਲੇ ਵਿੱਚ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਡਿਵੀਜ਼ਨ-6 ਵਿਖੇ ਅਸਲਾ ਐਕਟ ਦੀ ਧਾਰਾ 25(1-ਬੀ)ਏ ਤਹਿਤ ਐਫਆਈਆਰ ਨੰਬਰ 153 ਦਰਜ ਕੀਤੀ ਗਈ ਹੈ।

Written By
The Punjab Wire