ਚੰਡੀਗੜ੍ਹ, 3 ਜੁਲਾਈ 2026 (ਦੀ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਅੰਦਰੂਨੀ ਸਿਆਸੀ ਗਲਿਆਰਿਆਂ ਤੋਂ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ ‘ਤੇ ਕਾਂਗਰਸ ਦੇ ਬਾਗੀ ਧੜੇ ਦੇ ਦਿੱਗਜ ਆਗੂਆਂ ਦੀ ਇੱਕ ਅਹਿਮ ਅਤੇ ਵੱਡੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਾਂਗਰਸ ਦੇ ਸਾਬਕਾ ਅਤੇ ਮੌਜੂਦਾ ਵਿਧਾਇਕਾਂ ਸਮੇਤ ਕਈ ਸਾਬਕਾ ਸਾਂਸਦ ਅਤੇ ਸਾਬਕਾ ਮੰਤਰੀ ਸ਼ਾਮਿਲ ਹੋਏ, ਜਿਸ ਕਾਰਨ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਮੀਟਿੰਗ ਤੋਂ ਬਾਅਦ ਚੰਨੀ ਧੜੇ ਨੇ ਪਾਰਟੀ ਦੇ ਫੈਸਲਿਆਂ ‘ਤੇ ਮੁੜ ਵਿਚਾਰ ਕਰਨ ਦੀ ਮੰਗ ਚੁੱਕੀ ਹੈ।
ਮੀਟਿੰਗ ਤੋਂ ਬਾਅਦ ਚੰਨੀ ਧੜੇ ਦੇ ਸੀਨੀਅਰ ਕਾਂਗਰਸੀ ਆਗੂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਾਫ਼ ਸ਼ਬਦਾਂ ਵਿੱਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਾਂਗਰਸ ਹਾਈਕਮਾਂਡ ਨਾਲ ਕੋਈ ਲੜਾਈ ਜਾਂ ਮਤਭੇਦ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਦਿੱਲੀ ਜਾ ਕੇ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਤੋਂ ਜਾਣੂ ਕਰਵਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਪਾਰਟੀ ਵੱਲੋਂ ਲਏ ਗਏ ਹਾਲੀਆ ਫੈਸਲਿਆਂ ‘ਤੇ ਮੁੜ ਤੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਬਾਜਵਾ ਨੇ ਪਾਰਟੀ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ, “ਪਾਰਟੀ ਦੇ ਨਾਰਾਜ਼ ਵਰਕਰਾਂ ਅਤੇ ਆਗੂਆਂ ਕਾਰਨ ਹੀ ਅੱਜ ਪੰਜਾਬ ਅੰਦਰ ਕਾਂਗਰਸ ਦੀ ਹਾਲਤ ਮਾੜੀ ਹੋਈ ਹੈ। ਲੋਕਾਂ ਦੇ ਮਨਾਂ ਵਿੱਚ ਵੀ ਪਾਰਟੀ ਪ੍ਰਤੀ ਕੁਝ ਨਾਰਾਜ਼ਗੀ ਜ਼ਰੂਰ ਹੈ।” ਬਾਜਵਾ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਸਲਾਹ ਦਿੱਤੀ ਹੈ ਕਿ ਉਹ ਖੁਦ ਇਸ ਸਾਰੇ ਮਾਮਲੇ ਨੂੰ ਲੈ ਕੇ ਹਾਈਕਮਾਂਡ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਨ।