ਸ਼੍ਰੀ ਹਰਗੋਬਿੰਦਪੁਰ ਤੋਂ ਰਹਿ ਚੁੱਕੇ ਵਿਧਾਇਕ ਨੇ ਮਨੀਸ਼ ਸਿਸੋਦੀਆ, ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਅਤੇ ਰਾਜਵੀਰ ਸਿੰਘ ਦੀ ਮੌਜੂਦਗੀ ਵਿੱਚ ਫੜਿਆ ‘ਆਪ’ ਦਾ ਪੱਲਾ
ਚੰਡੀਗੜ੍ਹ, 7 ਜੁਲਾਈ 2026 (ਦੀ ਪੰਜਾਬ ਵਾਇਰ)। ਪੰਜਾਬ ਦੀ ਸਿਆਸਤ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।

ਬਲਵਿੰਦਰ ਸਿੰਘ ਲਾਡੀ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਮੰਤਰੀ ਦੇ ਓਐਸਡੀ ਰਾਜਵੀਰ ਸਿੰਘ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।
ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਲਾਡੀ ਇਸ ਤੋਂ ਪਹਿਲਾਂ ਭਾਜਪਾ ਵਿੱਚ ਅਹਿਮ ਜ਼ਿੰਮੇਵਾਰੀਆਂ ਨਿਭਾ ਰਹੇ ਸਨ। ਉਹ ਭਾਜਪਾ ਪੰਚਾਇਤੀ ਸੈੱਲ ਦੇ ਚੇਅਰਮੈਨ ਅਤੇ ਭਾਜਪਾ ਐੱਸ.ਸੀ. ਮੋਰਚਾ ਦੇ ਜਨਰਲ ਸਕੱਤਰ ਵਜੋਂ ਕੰਮ ਕਰ ਰਹੇ ਸਨ। ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਬਲਵਿੰਦਰ ਸਿੰਘ ਲਾਡੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਭਰੋਸਾ ਜਤਾਇਆ ਕਿ ਉਨ੍ਹਾਂ ਦੇ ਤਜ਼ਰਬੇ ਦਾ ਪਾਰਟੀ ਨੂੰ ਲਾਭ ਮਿਲੇਗਾ ਅਤੇ ਉਹ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਲੈ ਕੇ ਜਾਣਗੇ।
ਉੱਧਰ, ਬਲਵਿੰਦਰ ਸਿੰਘ ਲਾਡੀ ਦੇ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਨੂੰ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਲਈ ਅਹਿਮ ਸਿਆਸੀ ਸੰਕੇਤ ਮੰਨਿਆ ਜਾ ਰਿਹਾ ਹੈ।