ਜ਼ਿਲ੍ਹਾ ਪ੍ਰੀਸ਼ਦ ਦੀਆਂ 91 ਡਿਸਪੈਂਸਰੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਪੇਂਡੂ ਖੇਤਰ ਵਿੱਚ ਦੇ ਰਹੀਆਂ ਹਨ ਸਿਹਤ ਸੇਵਾਵਾਂ – ਚੇਅਰਮੈਨ ਰਵੀਨੰਦਨ ਬਾਜਵਾ
ਬਟਾਲਾ, 16 ਅਪ੍ਰੈਲ – ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਆਪਣੇ ਯਤਨ ਕਰ ਰਿਹਾ ਹੈ ਓਥੇ ਇਸ ਜੰਗ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨ ਚੱਲਦੀਆਂ ਸਿਹਤ ਸੰਸਥਾਵਾਂ ਦੇ ਡਾਕਟਰ ਅਤੇ ਹੋਰ ਸਿਹਤ ਅਮਲਾ ਵੀ ਇਸ ਜੰਗ ਵਿੱਚ ਆਪਣਾ ਮੋਹਰੀ ਰੋਲ ਨਿਭਾ ਰਿਹਾ ਹੈ। ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨ ਚੱਲ ਰਹੀਆਂ ਸਿਹਤ ਸੰਸਥਾਵਾਂ ਦੇ ਡਾਕਟਰਾਂ ਅਤੇ ਹੋਰ ਸਟਾਫ ਨੂੰ ਕੋਰੋਨਾ ਦੀ ਜੰਗ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਸ. ਰਵੀਨੰਦਨ ਸਿੰਘ ਬਾਜਵਾ ਨੇ ਸਾਬਾਸ਼ ਦਿੱਤੀ ਹੈ।
ਚੇਅਰਮੈਨ ਸ. ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨ 91 ਡਿਸਪੈਂਸਰੀਆਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਡਿਸਪੈਂਸਰੀਆਂ ਦਾ ਪੇਂਡੂ ਖੇਤਰਾਂ ਦੀ ਵਸੋਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਡਾਕਟਰਾਂ ਤੇ ਹੋਰ ਸਿਹਤ ਅਮਲੇ ਵਲੋਂ ਪਿੰਡਾਂ ਵਿੱਚ ਕੋਰੋਨਾ ਵਾਇਰਸ ਤੋਂ ਬਚਣ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਸਿਹਤ ਕਰਮੀਆਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਦੀਆਂ ਸਾਵਧਾਨੀਆਂ ਬਾਰੇ ਦੱਸਿਆ ਜਾ ਰਿਹਾ ਹੈ।
ਚੇਅਰਮੈਨ ਰਵੀ ਬਾਜਵਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਡਿਸਪੈਂਸਰੀਆਂ ਵਿੱਚ ਦਵਾਈ ਦੀ ਕੋਈ ਘਾਟ ਨਹੀਂ ਹੈ ਅਤੇ ਕੁਝ ਦਿਨ ਪਹਿਲਾਂ ਹੀ ਇਨ੍ਹਾਂ 91 ਡਿਸਪੈਂਸਰੀਆਂ ਨੂੰ 24 ਕਿਸਮ ਦੀਆਂ ਦਵਾਈਆਂ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ ਰੂਰਲ ਮੈਡੀਕਲ ਅਫ਼ਸਰ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ ਅਤੇ ਇਨ੍ਹਾਂ ਯਤਨਾ ਸਦਕਾ ਪਿੰਡਾਂ ਦੇ ਲੋਕਾਂ ਵਿੱਚ ਕੋਰੋਨਾ ਵਾਇਰਸ ਪ੍ਰਤੀ ਜਾਗਰੂਕਤਾ ਆਈ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਸਿਹਤ ਅਧਿਕਾਰੀ ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਪਣੀਆਂ ਸੇਵਾਵਾਂ ਦੇ ਰਹੇ ਹਨ ਅਤੇ ਸਾਰਿਆਂ ਦੇ ਸਾਂਝੇ ਯਤਨਾ ਸਦਕਾ ਇਸ ਮਹਾਂਮਾਰੀ ਉੱਪਰ ਜਲਦ ਹੀ ਕਾਬੂ ਪਾ ਲਿਆ ਜਾਵੇਗਾ।