CORONA ਗੁਰਦਾਸਪੁਰ

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵਲੋਂ ਬਟਾਲਾ ਅਤੇ ਫਤਿਹਗੜ੍ਹ ਚੂੜੀਆਂ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਜਾਇਜਾ

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵਲੋਂ ਬਟਾਲਾ ਅਤੇ ਫਤਿਹਗੜ੍ਹ ਚੂੜੀਆਂ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਜਾਇਜਾ
  • PublishedApril 20, 2020

ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ – ਤ੍ਰਿਪਤ ਬਾਜਵਾ

ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਣਕ ਦੀ ਵਾਢੀ ਦੌਰਾਨ ਅਤੇ ਮੰਡੀਆਂ ਵਿੱਚ ਵਿਸ਼ੇਸ਼ ਸਾਵਧਾਨੀਆਂ ਵਰਤੀਆਂ ਜਾਣ

ਬਟਾਲਾ, 20 ਅਪ੍ਰੈਲ – ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਇਸ ਲਈ ਮੰਡੀਆਂ ਵਿੱਚ ਪੂਰੇ ਪ੍ਰਬੰਧ ਕੀਤੇ ਗਏ ਹਨ। ਕਣਕ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਕੋਈ ਜਲਦਬਾਜ਼ੀ ਜਾਂ ਫਿਕਰ ਕਰਨ ਦੀ ਲੋੜ ਨਹੀਂ ਹੈ। ਦੂਨੀਆਂ ਭਰ ਵਿਚ ਫੈਲੇ ਹੋਏ ਘਾਤਕ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਰਾਜ ਸਰਕਾਰ ਨੇ ਕਣਕ ਦੀ ਵਾਢੀ ਅਤੇ ਮੰਡੀਆਂ ਵਿੱਚ ਕਣਕ ਵੇਚਣ ਆਏ ਕਿਸਾਨਾਂ ਲਈ ਕੁਝ ਅਹਿਤਿਆਤੀ ਕਦਮ ਚੁੱਕੇ ਗਏ ਹਨ ਜਿਨ੍ਹਾਂ ਦੀ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਪਾਲਣਾ ਕਰਨੀ ਚਾਹੀਦੀ ਹੈ।

ਇਹ ਪ੍ਰਗਟਾਵਾ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਬਟਾਲਾ ਅਤੇ ਫਤਿਹਗੜ੍ਹ ਚੂੜੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਜਾਇਜਾ ਲੈਣ ਮੌਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ, ਐੱਸ.ਡੀ.ਐੱਮ. ਬਟਾਲਾ ਬਲਵਿੰਦਰ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਰਜਿੰਦਰ ਸਿੰਘ ਸਰੂਪਵਾਲੀ, ਵਾਈਸ ਚੇਅਰਮੈਨ ਅਜਮੇਰਪਾਲ ਸਿੰਘ ਚਾਹਲ, ਡੀ.ਐੱਫ.ਐੱਸ.ਸੀ. ਹਿੰਮਾਂਸੂ ਕੱਕੜ, ਡੀ.ਐੱਫ.ਐੱਸ.ਓ. ਮੈਡਮ ਸੰਯੋਗਤਾ, ਸਕੱਤਰ ਮਾਰਕਿਟ ਕਮੇਟੀ ਬਿਕਰਮਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਕੀਤੀਆਂ ਸਾਵਧਾਨੀਆਂ ਦੇ ਅਨੁਸਾਰ ਫ਼ਸਲ ਵੱਢਣ ਸਮੇਂ ਕਾਮੇ ਇੱਕ ਦੂਜੇ ਤੋਂ ਘੱਟੋ ਘੱਟ ਦੋ ਮੀਟਰ ਦੀ ਦੂਰੀ ਬਣਾ ਕੇ ਰੱਖਣ, ਥੋੜੇ-ਥੋੜੇ ਸਮੇਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਧੋਂਦੇ ਰਹਿਣ, ਆਪਣੇ ਹੱਥਾਂ ਨੂੰ ਮੂੰਹ, ਅੱਖਾਂ ਅਤੇ ਨੱਕ ਨੂੰ ਲਾਉਣ ਤੋਂ ਪ੍ਰਹੇਜ਼ ਕਰਨ, ਕੰਮ ਕਰਦੇ ਸਮੇਂ ਆਪਣਾ ਨੱਕ-ਮੂੰਹ ਢੱਕ ਕੇ ਰੱਖਣ, ਖਾਣ ਪੀਣ ਸਮੇਂ ਵੀ ਇੱਕ ਦੂਜੇ ਤੋਂ ਉਚਿਤ ਦੂਰੀ ਬਣਾ ਕੇ ਬੈਠਣ, ਖੇਤਾਂ ਅਤੇ ਮੰਡੀਆਂ ਵਿੱਚ ਬਿਲੁਕਲ ਵੀ ਨਾ ਥੁੱਕਣ ਕਿਉਂਕਿ ਥੱੁਕਣ ਨਾਲ ਕਰੋਨਾ ਵਾਇਰਸ ਫੈਲਣ ਦਾ ਖਤਰਾ ਵਧਦਾ ਹੈ।

ਸ. ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਕਣਕ ਮੰਡੀ ਵਿੱਚ ਲੈ ਕੇ ਆਉਣ ਲਈ ਮੰਡੀ ਬੋਰਡ ਵਲੋਂ ਆੜ੍ਹਤੀਆਂ ਦੇ ਰਾਹੀਂ ਹੋਲੋਡਰਾਮ ਵਾਲੀ ਪਰਚੀ ਦਿੱਤੀ ਜਾ ਰਹੀ ਹੈ ਅਤੇ ਮੰਡੀ ਵਿੱਚ ਸੋਸਲ ਡਿਸਟੈਂਸ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿਚ ਕੋਰੋਨਾ ਵਾਇਰਸ ਦੇ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ, ਮੰਡੀ ਵਿੱਚ ਖਾਣ ਪੀਣ ਦੀਆਂ ਦੁਕਾਨਾਂ ਉੱਤੇ ਇਕੱਠ ਨਾ ਕੀਤਾ ਜਾਵੇ, ਦੁਕਾਨਦਾਰ ਵੀ ਆਪਣਾ ਨੱਕ-ਮੂੰਹ ਢੱਕ ਕੇ ਰੱਖਣ, ਸਾਰੇ ਵਿਅਕਤੀ ਖਾਣ-ਪੀਣ ਲਈ ਆਪਣੇ ਆਪਣੇ ਬਰਤਨ ਹੀ ਵਰਤਣ, ਜੇਕਰ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ, ਬੁਖਾਰ  ਆਦਿ ਦੀ ਸ਼ਿਕਾਇਤ ਹੈ ਤਾਂ ਉਸ ਨੂੰ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਜਾਣਾ ਚਾਹੀਦਾ ਹੈ।

ਸ. ਬਾਜਵਾ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਪੱਕਣ ’ਤੇ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਕਿਸਾਨ ਕਾਹਲੀ ਨਾ ਕਰਨ ਕਿਉਂਕਿ ਕਣਕ ਦੀ ਖਰੀਦ ਦਾ ਸੀਜ਼ਨ ਇਸ ਵਾਰ ਲੰਮਾ ਚੱਲਣਾ ਹੈ ਅਤੇ ਸਰਕਾਰ ਵਲੋਂ ਹਰ ਕਿਸਾਨ ਦੀ ਫਸਲ ਖਰੀਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਇਹ ਸਪੱਸ਼ਟ ਨਿਰਦੇਸ਼ ਦਿੱਤੇ ਹੋਏ ਕਿ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਫਸਲ ਵੇਚਣ ਵਿੱਚ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਕੋਰੋਨਾ ਮਹਾਮਾਰੀ ਦੇ ਇਸ ਮੁਸ਼ਕਲ ਦੌਰ ਵਿੱਚ ਫਸਲ ਦੀ ਖਰੀਦ ਨਿਰਵਿਘਨ ਨੇਪਰੇ ਚੜ੍ਹ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਵੀ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੀ ਜਿਨਸ ਦਾ ਪੂਰਾ ਭਾਅ ਮਿਲੇਗਾ ਅਤੇ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਸੋਸਲ ਡਿਸਟੈਂਸ ਨੂੰ ਬਹਾਲ ਰੱਖਣ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਉਨ੍ਹਾਂ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦਬਾਜ਼ੀ ਬਿਲਕੁਲ ਨਾ ਕਰਨ ਅਤੇ ਆਪਣੀ ਵਾਰੀ ਸਿਰ ਮੰਡੀ ਵਿੱਚ ਆਪਣੀ ਫਸਲ ਲੈ ਕੇ ਆਉਣ।
ਇਸ ਮੌਕੇ ਮਨਬੀਰ ਸਿੰਘ ਰੰਧਾਵਾ, ਸਤਨਾਮ ਸਿੰਘ, ਮਾਸਟਰ ਬਲਜੀਤ ਸਿੰਘ, ਕਾਮਰੇਡ ਦਵਿਦਰ ਸਿੰਘ, ਬੂਟਾ ਸਿੰਘ ਸਰਪੰਚ ਘੋਗਾ,ਰਿਪੀ ਬਾਜਵਾ, ਕੰਵਲਜੀਤ ਸਿੰਘ ਸ਼ਾਹ, ਹਰਜਿੰਦਰ ਸਿੰਘ ਹਰੂਵਾਲ, ਸਿਮਰਜੀਤ ਸਿੰਘ ਪੰਨੂੰ, ਰਾਜਬੀਰ ਸਿੰਘ ਪੰਨੂੰ, ਨਰਿੰਦਰ ਸਿੰਘ ਪੱਡਾ, ਦਿਲਬਾਗ ਸਿੰਘ ਬੋਪਾਰਾਏ, ਅਮਰੀਕ ਸਿੰਘ ਬਾਲੇਵਾਲ ਵੀ ਹਾਜ਼ਰ ਸਨ।

Written By
The Punjab Wire