ਕੋਰੋਨਾ ਮਹਾਂਮਾਰੀ ਤੋ ਬਚਣ ਲਈ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ-ਐਸ.ਐਸ.ਪੀ ਸਵਰਨਦੀਪ ਸਿੰਘ
ਗੁਰਦਾਸਪੁਰ, 3 ਜੂਨ । ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਵਿਰੁੱਧ ਲਾਮਬੰਦ ਕੀਤਾ ਜਾਵੇਗਾ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਮਿਸ਼ਨ ਨੂੰ ਕਾਮਯਾਬ ਕੀਤਾ ਜਾਵੇਗਾ।
ਸ੍ਰੀ ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਸਮੂਹਿਕ ਸਹਿਯੋਗ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ, ਜਿਸ ਲਈ ਲੋਕ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਘਰ ਤੋਂ ਬਾਹਰ ਜਾਣ ਲੱਗਿਆ ਮਾਸਕ ਜਰੂਰੀ ਪਾਇਆ ਜਾਵੇ ਅਤੇ ਉਚਿਤ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਉਨ•ਾਂ ਕਿਹਾ ਕਿ ਜਨਤਕ ਥਾਂ ‘ਤੇ ਥੁੱਕਣ ਦੀ ਵੀ ਮਨਾਹੀ ਹੈ।
ਜੇਕਰ ਕੋਈ ਵਿਅਕਤੀ ਜਨਤਕ ਥਾਂ ‘ਤੇ ਮਾਸਕ ਨਹੀਂ ਪਹਿਨਦਾ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਜਨਤਕ ਥਾਂ ਤੇ ਥੁੱਕਣ ਵਾਲੇ ਨੂੰ ਵੀ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਘਰ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 2000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਦੁਕਾਨ ਜਾਂ ਕਿਸੇ ਕਮਰਸ਼ੀਅਲ ਜਗਾ ‘ਤੇ ਜੇਕਰ ਸਮਾਜਿਕ ਦੂਰੀ ਦੀ ਉਲੰਘਣਾ ਹੁੰਦੀ ਹੈ ਤਾਂ ਮਾਲਕ ਤੋਂ 2000 ਰੁਪਏ ਦਾ ਜ਼ੁਰਮਾਨਾ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ ਸਮਾਜਿਕ ਦੂਰੀ ਦੀ ਉਲੰਘਣਾ ਕਰਨ ‘ਤੇ ਬੱਸ ਮਾਲਕਾਂ ਨੂੰ 3000 ਰੁਪਏ, ਕਾਰ ਮਾਲਕ ਨੂੰ 2000 ਰੁਪਏ ਤੇ ਆਟੋ ਰਿਕਸ਼ਾਂ ਤੇ ਦੋ ਪਹੀਆ ਵਾਹਨ ਨੂੰ 500 ਰੁਪਏ ਦਾ ਜ਼ੁਰਮਾਨਾ ਕੀਤਾ ਜਾਵੇਗਾ।
ਐੱਸ.ਐੱਸ.ਪੀ. ਨੇ ਅੱਗੇ ਦੱਸਿਆ ਕਿ ਉਲੰਘਣਾ ਕਰਨ ਵਾਲੇ ਵੱਲੋਂ ਜੁਰਮਾਨਾ ਨਾ ਭਰਨ ਦੀ ਸੂਰਤ ਵਿੱਚ ਉਸ ਵਿਰੁੱਧ ਐਪੀਡੈਮਿਕ ਡਿਜ਼ੀਜ ਐਕਟ 1897 ਦੇ ਨਿਯਮਾਂ ਤਹਿਤ ਆਈ.ਪੀ.ਸੀ. ਦੀ ਧਾਰਾ 188 ਹੇਠ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ‘ਮਿਸ਼ਨ ਫ਼ਤਿਹ’ ਵਿੱਚ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਇਸ ਮਹਾਂਮਾਰੀ ‘ਤੇ ਜਿੱਤ ਹਾਸਲ ਕੀਤੀ ਜਾ ਸਕੇ।