ਪੰਜਾਬ ਸਰਕਾਰ ਦੇ ਯਤਨਾ ਸਦਕਾ ਸੂਬੇ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਕਾਬੂ ਹੇਠ
ਬਟਾਲਾ, 27 ਜੂਨ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਕੋਵਿਡ-19 ਖਿਲਾਫ ਲੜਾਈ ਪੂਰੇ ਯੋਜਨਾਬੱਧ ਢੰਗ ਨਾਲ ਲੜੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ ਕੋੋਰੋਨਾ ਵਾਇਰਸ ਦੀ ਬਿਮਾਰੀ ਕਾਬੂ ਹੇਠ ਹੈ। ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਵਿਡ-19 ਖਿਲ਼ਾਫ ਜੰਗ ਨੂੰ ਪੂਰੀ ਗੰਭੀਰਤਾ ਨਾਲ ਲਿਆ ਹੈ ਅਤੇ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ ਜਿਸਨੇ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਭ ਤੋਂ ਪਹਿਲਾਂ ਕਰਫਿਊ ਲਗਾਇਆ ਸੀ।
ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਫਿਊ ਲਗਾਉਣ ਸਦਕਾ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਅਹਿਮ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ ਇਸ ਲਈ ਵੀ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਘਰੋ-ਘਰੀ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ 26 ਜੂਨ 2020 ਤੱਕ 269037 ਵਿਅਕਤੀਆਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ ਜਿਨ੍ਹਾਂ ਵਿਚੋਂ 4957 ਵਿਅਕਤੀਆਂ ਨੂੰ ਕੋਰੋਨਾ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਕੋਸ਼ਿਸ਼ ਸਦਕਾ 3201 ਕੋਰੋਨਾ ਪਾਜੀਟਵ ਵਿਅਕਤੀ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਨੂੰ ਹਰਾਉਣ ਲਈ ਮੁਹਿੰਮ ਜਾਰੀ ਹੈ ਅਤੇ ਸਾਰੇ ਪੰਜਾਬੀਆਂ ਨੂੰ ਇਸ ਮੁਹਿੰਮ ਵਿੱਚ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਹੁਤ ਜਲਦ ਇਸ ਔਖੀ ਘੜੀ ਵਿਚੋਂ ਜੇਤੂ ਹੋ ਕੇ ਉਭਰੇਗਾ।