ਕਿਹਾ, ਜ਼ਹਿਰੀਲੀ ਸ਼ਰਾਬ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਪੁਲਿਸ ਨੂੰ ਸਖਤ ਕਾਰਵਾਈ ਦੇ ਦਿੱਤੇ ਨਿਰਦੇਸ਼
ਐੱਸ.ਐੱਸ.ਪੀ. ਬਟਾਲਾ ਨੇ ਨਸ਼ਿਆਂ ਨੂੰ ਖਤਮ ਕਰਨ ਦਾ ਅਹਿਦ ਲਿਆ
ਬਟਾਲਾ, 1 ਅਗਸਤ ( ਮੰਨਨ ਸੈਣੀ ) – ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਕੁਝ ਵਿਅਕਤੀਆਂ ਦੀ ਹੋਈ ਮੌਤ ਉੱਪਰ ਗਹਿਰਾ ਦੁੱਖ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਅੱਜ ਬਟਾਲਾ ਸ਼ਹਿਰ ਵਿਖੇ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਵੰਡਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਭ ਪਿਛੇ ਜੋ ਵੀ ਦੋਸ਼ੀ ਹਨ ਉਹ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਸਾਰੀ ਘਟਨਾ ਦੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਜਲਦੀ ਹੀ ਸਾਰੇ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸ ਸਾਰੀ ਘਟਨਾ ਦਾ ਜਾਇਜਾ ਲੈਣ ਲਈ ਜ਼ਿਲ੍ਹਾ ਪੁਲਿਸ ਮੁਖੀ ਬਟਾਲਾ ਸ. ਰਛਪਾਲ ਸਿੰਘ, ਹੋਰ ਸੀਨੀਅਰ ਪੁਲਿਸ ਅਧਿਕਾਰੀਆਂ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜਲਦੀ ਤੋਂ ਜਲਦੀ ਜਾਂਚ ਕਰਕੇ ਦੋਸ਼ੀਆਂ ਦਾ ਪਤਾ ਲਗਾਇਆ ਜਾਵੇ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਉੱਪਰ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਉਨ੍ਹਾਂ ਦੀ ਜਾਇਦਾਦ ਦੀ ਜਾਂਚ ਵੀ ਕੀਤੀ ਜਾਵੇ।
ਇਸ ਮੌਕੇ ਪ੍ਰੈਸ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਬਟਾਲਾ ਸ਼ਹਿਰ ਵਿੱਚ 11 ਮੌਤਾਂ ਹੋਣ ਦੀ ਸੂਚਨਾ ਮਿਲੀ ਹੈ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਇਸਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਮ੍ਰਿਤਕਾਂ ਦਾ ਪੋਸਟ ਮਾਰਟਮ ਵੀ ਕੀਤਾ ਗਿਆ ਹੈ ਜਿਨ੍ਹਾਂ ਦੀ ਰਿਪੋਰਟ ਉਡੀਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਰੀ ਘਟਨਾ ਪਿਛੇ ਦੋਸ਼ੀ ਚਾਹੇ ਕੋਈ ਵੀ ਕਿਉਂ ਨਾ ਹੋਵੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਪਹਿਲਾਂ ਵੀ ਨਸ਼ਿਆਂ ਖਿਲਾਫ ਮੁਹਿੰਮ ਜਾਰੀ ਹੈ ਅਤੇ ਇਸ ਮੁਹਿੰਮ ਤਹਿਤ ਨਸ਼ੇ ਦੀਆਂ ਵੱਡੀਆਂ ਖੇਪਾਂ ਵੀ ਫੜੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਘਟਨਾ ਬਹੁਤ ਦੁੱਖਦਾਈ ਹੈ ਅਤੇ ਪ੍ਰਸ਼ਾਸਨ ਵਲੋਂ ਇਸਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸੇ ਦੌਰਾਨ ਬਟਾਲਾ ਦੇ ਐੱਸ.ਐੱਸ.ਪੀ. ਸ. ਰਛਪਾਲ ਸਿੰਘ ਜਿਨ੍ਹਾਂ ਨੇ ਕੱਲ ਹੀ ਆਪਣਾ ਅਹੁਦਾ ਸੰਭਾਲਿਆ ਹੈ ਨੇ ਕਿਹਾ ਕਿ ਪੁਲਿਸ ਵਲੋਂ ਇਸ ਘਟਨਾ ਦੀ ਤਹਿ ਤੱਕ ਜਾਣ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਐੱਸ.ਐੱਚ.ਓ. ਸਿਟੀ ਦੇ ਬਿਆਨਾਂ ’ਤੇ ਪਰਚਾ ਦਰਜ ਕਰ ਲਿਆ ਸੀ ਅਤੇ ਇਸ ਸਬੰਧੀ ਚਾਰ ਸ਼ੱਕੀ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਉਹ ਪਹਿਲਾਂ ਐੱਸ.ਟੀ.ਐੱਫ. ਵਿੱਚ ਵੀ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਬਤੌਰ ਐੱਸ.ਐੱਸ.ਪੀ. ਬਟਾਲਾ ਉਹ ਜ਼ਿਲ੍ਹੇ ਵਿਚੋਂ ਨਸ਼ੇ ਨੂੰ ਖਤਮ ਕਰਨ ਲਈ ਆਪਣੀ ਪੂਰੀ ਵਾਹ ਲਗਾ ਦੇਣਗੇ।