ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਸ਼ਰਾਬ ਹਾਦਸਾ ਪੀੜ੍ਹਤ ਪਰਿਵਾਰਾਂ ਨੂੰ 5-5 ਲੱਖ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ

ਸ਼ਰਾਬ ਹਾਦਸੇ ਲਈ ਜਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ – ਤ੍ਰਿਪਤ ਬਾਜਵਾ

ਬਟਾਲਾ, 12 ਅਗਸਤ- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਅੱਜ ਬਟਾਲਾ ਵਿਖੇ 13 ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਐਲਾਨੀ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦੇ ਚੈੱਕ ਭੇਟ ਕੀਤੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵੀ ਮੌਜੂਦ ਸਨ।

ਮ੍ਰਿਤਕਾਂ ਦੇ ਵਾਰਸਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕਰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਭਾਂਵੇ ਜਾਣ ਵਾਲਿਆਂ ਦਾ ਘਾਟਾ ਤਾਂ ਕਦੀ ਪੂਰੀ ਨਹੀਂ ਕੀਤਾ ਜਾ ਸਕਦਾ ਪਰ ਸਰਕਾਰ ਦੀ ਇਹ ਮਾਲੀ ਇਮਦਾਦ ਦੁੱਖ ਦੀ ਇਸ ਘੜ੍ਹੀ ਵਿੱਚ ਪੀੜ੍ਹਤ ਪਰਿਵਾਰਾਂ ਨੂੰ ਕੁਝ ਰਾਹਤ ਜਰੂਰ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਅਤਿ-ਘਿਨਾਉਣੇ ਕਾਰੇ ਦੇ ਸਾਰੇ ਦੋਸ਼ੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ ਅਤੇ ਜਲਦੀ ਹੀ ਸਾਰੇ ਦੋਸ਼ੀ ਸਲਾਖਾਂ ਦੇ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਜਿੰਮੇਵਾਰ ਦੋਸ਼ੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਘਟਨਾ ਦੇ ਤੁਰੰਤ ਬਾਅਦ ਹੀ ਕਾਰਵਾਈ ਕਰਕੇ ਕੁਝ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।

ਕੈਬਨਿਟ ਮੰਤਰੀ ਸ. ਬਾਜਵਾ ਨੇ ਦੱਸਿਆ ਕਿ ਅੱਜ ਬਟਾਲਾ ਦੇ 13 ਪੀੜ੍ਹਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ ਹਨ ਜਦਕਿ 11 ਵਿਧਵਾ ਤੇ ਆਸ਼ਰਿਤ ਪੈਨਸ਼ਨਾਂ ਲਗਾ ਕੇ ਉਨ੍ਹਾਂ ਦੇ ਮਨਜ਼ੂਰੀ ਪੱਤਰ ਵੀ ਪੀੜ੍ਹਤ ਪਰਿਵਾਰਾਂ ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜ੍ਹੀ ਵਿੱਚ ਪੰਜਾਬ ਸਰਕਾਰ ਪੀੜ੍ਹਤ ਪਰਿਵਾਰਾਂ ਦੇ ਨਾਲ ਹੈ ਅਤੇ ਹੋਰ ਵੀ ਜੋ ਸੰਭਵ ਮਦਦ ਹੋਈ ਸਰਕਾਰ ਵਲੋਂ ਕੀਤੀ ਜਾਵੇਗੀ।
ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਤਹਿਸੀਲਦਾਰ ਬਟਾਲਾ ਸ. ਬਲਜਿੰਦਰ ਸਿੰਘ, ਸੁਖਦੀਪ ਸਿੰਘ ਤੇਜਾ, ਗੌਤਮ ਸੇਠ ਗੁੱਡੂ, ਸਿੰਕਦਰ ਸਿੰਘ ਪੀ.ਏ, ਸੁਨੀਲ ਸਰੀਨ, ਰਾਜਾ ਗੁਰਬਖਸ਼ ਸਿੰਘ ਵੀ ਮੌਜੂਦ ਸਨ।  

Exit mobile version