ਸੂਬੇ ਵਿੱਚ 1,73,823 ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ 12703 ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਫੋਨ – ਤ੍ਰਿਪਤ ਬਾਜਵਾ
ਹੱਥਾਂ ਵਿੱਚ ਸਮਾਰਟ ਫੋਨ ਫੜ੍ਹ ਕੇ ਵਿਦਿਆਰਥੀਆਂ ਨੇ ਕਿਹਾ ‘ਥੈਂਕਯੂ ਪੰਜਾਬ ਸਰਕਾਰ’
ਬਟਾਲਾ, 12 ਅਗਸਤ ( ਮੰਨਨ ਸੈਣੀ ) – ਜਨਮ ਅਸ਼ਟਮੀ ਦੇ ਪਾਵਨ ਤਿਓਹਾਰ ਅਤੇ ਇੰਟਰਨੈਸ਼ਨਲ ਯੂਥ ਡੇਅ ਮੌਕੇ ਅੱਜ ਪੰਜਾਬ ਸਰਕਾਰ ਨੇ ‘ਕੈਪਟਨ ਸਮਾਰਟ ਕੁਨੈਕਟ’ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ। ਅੱਜ ਬਟਾਲਾ ਵਿਖੇ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਸੂਬੇ ਦੇ ਉਚੇਰੀ ਸਿੱਖਿਆ ਤੇ ਭਾਸ਼ਾ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵੀ ਮੌਜੂਦ ਸਨ।
‘ਕੈਪਟਨ ਸਮਾਰਟ ਕੁਨੈਕਟ’ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਤੋਂ ਕੀਤੀ ਗਈ ਜਦਕਿ ਪੰਜਾਬ ਕੈਬਨਿਟ ਦੇ ਮੰਤਰੀ ਸਾਹਿਬਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਵੀਡੀਓ ਕਾਨਫਰੰਸ ਰਾਹੀਂ ਇਸ ਸਮਾਗਮ ਨਾਲ ਜੁੜੇ। ਜਿਉਂ ਹੀ ਚੰਡੀਗੜ੍ਹ ਤੋਂ ਮੁੱਖ ਮੰਤਰੀ ਪੰਜਾਬ ਨੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਤਾਂ ਸਾਰੇ ਜ਼ਿਲ੍ਹਿਆਂ ਵਿੱਚ ਮੰਤਰੀ ਸਾਹਿਬਾਨ ਵਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।
ਬਟਾਲਾ ਦੇ ਐੱਸ.ਐੱਸ.ਪੀ. ਦਫ਼ਤਰ ਵਿਖੇ ਇਸ ਸਬੰਧੀ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ. ਬਾਜਵਾ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਰਕਾਰੀ ਸਕੂਲਾਂ ਵਿੱਚ 12ਵੀਂ ਜਮਾਤ ਵਿੱਚ ਪੜ੍ਹਦੇ 56 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ।
ਸ. ਬਾਜਵਾ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 92 ਕਰੋੜ ਰੁਪਏ ਦੀ ਲਾਗਤ ਨਾਲ ਇਸ ਸਾਲ ਸਰਕਾਰੀ ਸਕੂਲਾਂ ਵਿੱਚ 12ਵੀਂ ਜਮਾਤ ਵਿੱਚ ਪੜ੍ਹਦੇ 1,73,823 ਵਿਦਿਆਰਥੀਆਂ ਨੂੰ ਮੁਫਤ ਸਮਾਰਟ ਫੋਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 12703 ਵਿਦਿਆਰਥੀਆਂ ਨੂੰ ਇਹ ਫੋਨ ਦਿੱਤੇ ਜਾਣਗੇ। ਸ. ਬਾਜਵਾ ਨੇ ਕਿਹਾ ਅੱਜ ਇਸ ਸਕੀਮ ਦੀ ਸ਼ੁਰੂਆਤ ਹੋ ਗਈ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਸਾਰੇ ਸਰਕਾਰੀ ਸਕੂਲਾਂ ਵਿੱਚ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲ ਜਾਣਗੇ।
ਸ. ਬਾਜਵਾ ਨੇ ਦੱਸਿਆ ਕਿ ਇਸ ਸਕੀਮ ਤਹਿਤ 95,000 ਐੱਸ.ਈ. ਵਿਦਿਆਰਥੀਆਂ, 37,000 ਓ.ਬੀ.ਸੀ. ਵਿਦਿਆਰਥੀਆਂ ਅਤੇ 42,000 ਜਨਰਲ ਕੈਟਾਗਰੀ ਦੇ ਵਿਦਿਆਰਥੀਆਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੇਂਡੂ ਤੇ ਸ਼ਹਿਰੀ ਖੇਤਰ ਦੇ ਵਿਦਿਆਰਥੀਆਂ ਦਾ ਅੰਕੜਾ ਦੇਖਿਆ ਜਾਵੇ ਤਾਂ 1,12,000 ਪੇਂਡੂ ਵਿਦਿਆਰਥੀਆਂ ਅਤੇ 62,000 ਸ਼ਹਿਰੀ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ 11ਵੀਂ ਜਮਾਤ ਪਾਸ ਕਰਕੇ ਅਗਲੇ ਸਾਲ 12ਵੀਂ ਜਮਾਤ ਵਿੱਚ ਹੋਣਗੇ ਉਨ੍ਹਾਂ ਨੂੰ ਵੀ ਅਗਲੇ ਸਾਲ ਇਹ ਸਮਾਰਟ ਫੋਨ ਦਿੱਤੇ ਜਾਣਗੇ।
ਸ. ਬਾਜਵਾ ਨੇ ਕਿਹਾ ਕਿ ਸੂਚਨਾ ਤਕਨੌਲੋਜੀ ਦੇ ਇਸ ਯੁੱਗ ਵਿੱਚ ਇਹ ਸਮਾਰਟ ਫੋਨ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਸਹਾਈ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੋਬਾਇਲਾਂ ਵਿੱਚ ਪੰਜਾਬ ਐਜੂਕੇਅਰ ਐਪ ਡਾਉਨਲੋਡ ਕੀਤੀ ਗਈ ਹੈ ਜੋ ਕਿ ਵਿਦਿਆਰਥੀਆਂ ਲਈ ਉਪਯੋਗੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਕੰਪਨੀ ਲਾਵਾ ਦੇ ਇਹ ਫੋਨ ਬਹੁਤ ਵਧੀਆ ਫੀਚਰਜ਼ ਨਾਲ ਲੈਸ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਸਮਾਰਟ ਫੋਨਜ਼ ਦੀ ਮਦਦ ਨਾਲ ਆਨ-ਲਾਈਨ ਕਲਾਸਾਂ ਲਗਾੳਣ ਸਮੇਤ ਈ-ਕੰਟੈਂਟ ਸਿੱਖਿਆ ਰਾਹੀਂ ਗਿਆਨ ਹਾਸਲ ਕਰਕੇ ਉੱਚੀਆਂ ਮੰਜ਼ਿਲਾਂ ਸਰ ਕਰਨ। ਇਸ ਮੌਕੇ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਇਸ ਸਕੀਮ ਦੀ ਸ਼ੁਰੂਆਤ ਕਰਨ ਲਈ ਧੰਨਵਾਦ ਕੀਤਾ।
ਓਧਰ ਸਮਾਰਟ ਫੋਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਹੈ। ਵਿਦਿਆਰਥਣ ਸ਼ਿਵਾਨੀ ਨੇ ਕਿਹਾ ਕਿ ਉਸ ਕੋਲ ਪਹਿਲਾਂ ਸਮਾਰਟ ਫੋਨ ਨਹੀਂ ਸੀ ਜਿਸ ਕਾਰਨ ਉਸਨੂੰ ਆਨ-ਲਾਈਨ ਪੜ੍ਹਾਈ ਕਰਨ ਵਿੱਚ ਸਮੱਸਿਆ ਆਉਂਦੀ ਸੀ ਪਰ ਅੱਜ ਉਸ ਨੂੰ ਸਰਕਾਰ ਵਲੋਂ ਸਮਾਰਟ ਫੋਨ ਮਿਲ ਗਿਆ ਹੈ ਜਿਸ ਲਈ ਉਹ ਸਰਕਾਰ ਦੀ ਧੰਨਵਾਦੀ ਹੈ।
ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਐੱਸ.ਪੀ. ਸ. ਗਰੁਪ੍ਰੀਤ ਸਿੰਘ, ਡਿਪਟੀ ਡੀ.ਈ.ਓ. ਸ. ਲਖਵਿੰਦਰ ਸਿੰਘ, ਤਹਿਸੀਲਦਾਰ ਬਲਜਿੰਦਰ ਸਿੰਘ, ਸਕੂਲਾਂ ਦੇ ਪ੍ਰਿੰਸੀਪਲ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ